
ਭਾਰਤ ਦੇ ਪਹਿਲੇ ਚੀਫ ਆਫ ਡਿਫੈਂਸ ਸਟਾਫ (CDS) ਬਿਪਿਨ ਰਾਵਤ ਅਤੇ ਉਹਨਾਂ ਦੀ ਪਤਨੀ ਦਾ ਦੇਹਾਂਤ ਹੋ ਗਿਆ ਹੈ।
ਨਵੀਂ ਦਿੱਲੀ: ਭਾਰਤ ਦੇ ਪਹਿਲੇ ਚੀਫ ਆਫ ਡਿਫੈਂਸ ਸਟਾਫ (CDS) ਬਿਪਿਨ ਰਾਵਤ ਅਤੇ ਉਹਨਾਂ ਦੀ ਪਤਨੀ ਦਾ ਦੇਹਾਂਤ ਹੋ ਗਿਆ ਹੈ। ਤਾਮਿਲਨਾਡੂ ਵਿਚ ਇਕ ਹੈਲੀਕਾਪਟਰ ਹਾਦਸੇ ਦੌਰਾਨ ਉਹਨਾਂ ਦੀ ਮੌਤ ਹੋ ਗਈ। ਭਾਰਤੀ ਹਵਾਈ ਫੌਜ ਨੇ ਟਵਿਟਰ 'ਤੇ ਇਹ ਜਾਣਕਾਰੀ ਦਿੱਤੀ ਹੈ। ਇਸ ਹੈਲੀਕਾਪਟਰ 'ਚ ਕੁੱਲ 14 ਲੋਕ ਸਵਾਰ ਸਨ, ਜਿਨ੍ਹਾਂ 'ਚੋਂ 13 ਦੀ ਮੌਤ ਹੋ ਗਈ ਹੈ। ਇਸ ਹਾਦਸੇ ਵਿਚ ਗਰੁਪ ਕੈਪਟਨ ਵਰੁਣ ਸਿੰਘ ਜ਼ਖ਼ਮੀ ਹੋ ਗਏ ਹਨ। ਉਹਨਾਂ ਦਾ ਇਲਾਜ ਜਾਰੀ ਹੈ। ਇਹ ਹਾਦਸਾ ਤਾਮਿਲਨਾਡੂ ਦੇ ਕੂਨੂਰ ਨੇੜੇ ਵਾਪਰਿਆ।
CDS Bipin Rawat
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਨਰਲ ਬਿਪਿਨ ਰਾਵਤ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵਿਟਰ 'ਤੇ ਲਿਖਿਆ, "ਤਾਮਿਲਨਾਡੂ ਵਿਚ ਵਾਪਰੇ ਹੈਲੀਕਾਪਟਰ ਹਾਦਸੇ ਤੋਂ ਮੈਂ ਬਹੁਤ ਦੁਖੀ ਹਾਂ, ਜਿਸ ਵਿਚ ਅਸੀਂ ਜਨਰਲ ਬਿਪਿਨ ਰਾਵਤ, ਉਹਨਾਂ ਦੀ ਪਤਨੀ ਅਤੇ ਹੋਰ ਹਥਿਆਰਬੰਦ ਬਲਾਂ ਦੇ ਜਵਾਨਾਂ ਨੂੰ ਗੁਆ ਦਿੱਤਾ ਹੈ। ਉਹਨਾਂ ਨੇ ਪੂਰੀ ਲਗਨ ਨਾਲ ਭਾਰਤ ਦੀ ਸੇਵਾ ਕੀਤੀ। ਮੇਰੀ ਹਮਦਰਦੀ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹੈ"।
Tweet
ਭਾਰਤੀ ਹਵਾਈ ਫੌਜ ਅਨੁਸਾਰ ਇਹ Mi-17V5 ਹੈਲੀਕਾਪਟਰ ਸੀ। ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਪਹਿਲਾਂ ਬਿਪਿਨ ਰਾਵਤ ਦੇ ਘਰ ਗਏ ਅਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਆਰਮੀ ਚੀਫ ਐਮਐਮ ਨਰਵਾਣੇ ਵੀ ਬਿਪਿਨ ਰਾਵਤ ਦੇ ਘਰ ਪਹੁੰਚੇ। ਜਨਰਲ ਰਾਵਤ ਨੂੰ 1 ਜਨਵਰੀ 2020 ਨੂੰ ਦੇਸ਼ ਦਾ ਪਹਿਲਾ ਚੀਫ਼ ਆਫ਼ ਡਿਫੈਂਸ ਸਟਾਫ਼ ਨਿਯੁਕਤ ਕੀਤਾ ਗਿਆ ਸੀ। ਹਵਾਈ ਸੈਨਾ ਨੇ ਜਾਣਕਾਰੀ ਦਿੱਤੀ ਹੈ ਕਿ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ।
Helicopter Crash
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਹੈਲੀਕਾਪਟਰ ਹਾਦਸੇ ਵਿਚ ਮਾਰੇ ਗਏ ਲੋਕਾਂ ਪ੍ਰਤੀ ਹਮਦਰਦੀ ਪ੍ਰਗਟਾਈ ਹੈ। ਉਹਨਾਂ ਨੇ ਗਰੁੱਪ ਕੈਪਟਨ ਵਰੁਣ ਸਿੰਘ ਦੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਜਨਰਲ ਰਾਵਤ ਅਤੇ ਉਹਨਾਂ ਦੀ ਪਤਨੀ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ। ਟਵਿੱਟਰ 'ਤੇ ਪੋਸਟ ਕੀਤੇ ਸੰਦੇਸ਼ 'ਚ ਉਹਨਾਂ ਨੇ ਹਾਦਸੇ 'ਚ ਮਾਰੇ ਗਏ ਹੋਰ ਲੋਕਾਂ ਪ੍ਰਤੀ ਵੀ ਹਮਦਰਦੀ ਪ੍ਰਗਟ ਕੀਤੀ ਹੈ। ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਹਾਦਸੇ ’ਤੇ ਦੁੱਖ ਜ਼ਾਹਰ ਕੀਤਾ।