
ਕੇਂਦਰ ਨੇ ਅਦਾਲਤ ਵਿਚ ਹਲਫ਼ਨਾਮਾ ਦਿੱਤਾ ਹੈ। ਅਦਾਲਤ ਨੂੰ ਅਪੀਲ ਕੀਤੀ ਗਈ ਹੈ ਕਿ ਜਦੋਂ ਤੱਕ ਸਰਕਾਰ ਜਾਂਚ ਨਹੀਂ ਕਰਦੀ, ਉਦੋਂ ਤੱਕ ਇਸ ਮਾਮਲੇ ਦੀ ਸੁਣਵਾਈ ਨਾ ਕੀਤੀ ਜਾਵੇ।
ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਦੇਸ਼ਧ੍ਰੋਹ ਕਾਨੂੰਨ 'ਤੇ ਮੁੜ ਵਿਚਾਰ ਕਰਨ ਦਾ ਫੈਸਲਾ ਕੀਤਾ ਹੈ। ਕੇਂਦਰ ਨੇ ਸੁਪਰੀਮ ਕੋਰਟ ਨੂੰ ਕਿਹਾ ਹੈ ਕਿ ਸਰਕਾਰ ਆਈਪੀਸੀ ਦੀ ਧਾਰਾ 124ਏ ਦੇ ਉਪਬੰਧਾਂ 'ਤੇ ਮੁੜ ਵਿਚਾਰ ਕਰੇਗੀ ਅਤੇ ਜਾਂਚ ਕਰੇਗੀ। ਕੇਂਦਰ ਨੇ ਅਦਾਲਤ ਵਿਚ ਹਲਫ਼ਨਾਮਾ ਦਿੱਤਾ ਹੈ। ਇਸ ਵਿਚ ਅਦਾਲਤ ਨੂੰ ਅਪੀਲ ਕੀਤੀ ਗਈ ਹੈ ਕਿ ਜਦੋਂ ਤੱਕ ਸਰਕਾਰ ਜਾਂਚ ਨਹੀਂ ਕਰਦੀ, ਉਦੋਂ ਤੱਕ ਇਸ ਮਾਮਲੇ ਦੀ ਸੁਣਵਾਈ ਨਾ ਕੀਤੀ ਜਾਵੇ।
ਦੇਸ਼ਧ੍ਰੋਹ ਕਾਨੂੰਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਐਡੀਟਰਜ਼ ਗਿਲਡ ਆਫ਼ ਇੰਡੀਆ ਟੀਐਮਸੀ ਸੰਸਦ ਮੈਂਬਰ ਮਹੂਆ ਮੋਇਤਰਾ ਸਮੇਤ ਪੰਜ ਪਾਰਟੀਆਂ ਵੱਲੋਂ ਦਾਇਰ ਕੀਤੀ ਗਈ ਸੀ। ਮਾਮਲੇ ਵਿਚ ਪਟੀਸ਼ਨਰਾਂ ਦਾ ਕਹਿਣਾ ਹੈ ਕਿ ਅੱਜ ਦੇ ਸਮੇਂ ਵਿਚ ਇਸ ਕਾਨੂੰਨ ਦੀ ਕੋਈ ਲੋੜ ਨਹੀਂ ਹੈ। ਇਸ ਮਾਮਲੇ ਦੀ ਸੁਣਵਾਈ ਸੀਜੇਆਈ ਐਨਵੀ ਰਮਨਾ ਦੀ ਅਗਵਾਈ ਵਾਲੀ ਤਿੰਨ ਜੱਜਾਂ ਦੀ ਬੈਂਚ ਕਰ ਰਹੀ ਹੈ। ਇਸ ਬੈਂਚ ਵਿਚ ਜਸਟਿਸ ਸੂਰਿਆਕਾਂਤ ਤ੍ਰਿਪਾਠੀ ਅਤੇ ਜਸਟਿਸ ਹਿਮਾ ਕੋਹਲੀ ਵੀ ਸ਼ਾਮਲ ਹਨ।
ਪਿਛਲੇ ਵੀਰਵਾਰ ਨੂੰ ਸੁਪਰੀਮ ਕੋਰਟ ਨੇ ਦੇਸ਼ਧ੍ਰੋਹ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਸੁਣਵਾਈ ਕੀਤੀ। ਇਸ ਦੌਰਾਨ ਕੇਂਦਰ ਵੱਲੋਂ ਦਲੀਲ ਦਿੱਤੀ ਗਈ ਕਿ ਇਸ ਕਾਨੂੰਨ ਨੂੰ ਖਤਮ ਨਹੀਂ ਕੀਤਾ ਜਾਣਾ ਚਾਹੀਦਾ, ਸਗੋਂ ਇਸ ਲਈ ਨਵੇਂ ਦਿਸ਼ਾ-ਨਿਰਦੇਸ਼ ਬਣਾਏ ਜਾਣੇ ਚਾਹੀਦੇ ਹਨ। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਹਲਫਨਾਮਾ ਦਾਇਰ ਕਰਕੇ ਕਿਹਾ- ਭਾਰਤ ਸਰਕਾਰ ਨੇ 2014-15 ਤੋਂ ਹੁਣ ਤੱਕ 1500 ਕਾਨੂੰਨਾਂ ਨੂੰ ਰੱਦ ਕੀਤਾ ਹੈ। ਸਰਕਾਰਾਂ 'ਤੇ ਦੇਸ਼ਧ੍ਰੋਹ ਕਾਨੂੰਨ ਦੀ ਦੁਰਵਰਤੋਂ ਦੇ ਦੋਸ਼ ਲੱਗਦੇ ਆਏ ਹਨ। ਮੌਜੂਦਾ ਦੌਰ ਵਿਚ ਇਸ ਕਾਨੂੰਨ ਦੀ ਲੋੜ ਦਾ ਮੁਲਾਂਕਣ ਕਰਨ ਦਾ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਹਦਾਇਤਾਂ ਤੋਂ ਬਾਅਦ ਲਿਆ ਗਿਆ ਹੈ।
ਸੁਪਰੀਮ ਕੋਰਟ ਨੇ ਇਕ ਹੁਕਮ ਵਿਚ ਕਿਹਾ ਸੀ ਕਿ ਸੀਨੀਅਰ ਵਕੀਲ ਕਪਿਲ ਸਿੱਬਲ ਆਈਪੀਸੀ ਦੀ ਧਾਰਾ 124ਏ ਦੀ ਵੈਧਤਾ ਵਿਰੁੱਧ ਪਟੀਸ਼ਨਕਰਤਾ ਦੀ ਨੁਮਾਇੰਦਗੀ ਕਰਨਗੇ। ਸਿੱਬਲ ਨੇ ਕਿਹਾ ਸੀ- ਇਸ ਕਾਨੂੰਨ ਦੀ ਵਰਤੋਂ ਪੱਤਰਕਾਰਾਂ, ਕਾਰਕੁਨਾਂ ਅਤੇ ਸਿਆਸਤਦਾਨਾਂ ਵਿਰੁੱਧ ਕੀਤੀ ਜਾਂਦੀ ਹੈ ਤਾਂ ਜੋ ਉਹ ਸਰਕਾਰ ਦਾ ਵਿਰੋਧ ਨਾ ਕਰ ਸਕਣ। ਇਹ ਅੰਗਰੇਜ਼ਾਂ ਦੇ ਜ਼ਮਾਨੇ ਦਾ ਕਾਨੂੰਨ ਹੈ।
IPC ਦੀ ਧਾਰਾ 124A ਕੀ ਹੈ?
ਜੇਕਰ ਕੋਈ ਵਿਅਕਤੀ ਸਰਕਾਰ ਵਿਰੋਧੀ ਗੱਲਾਂ ਲਿਖਦਾ ਜਾਂ ਬੋਲਦਾ ਹੈ ਜਾਂ ਰਾਸ਼ਟਰੀ ਚਿੰਨ੍ਹਾਂ ਦਾ ਅਪਮਾਨ ਕਰਕੇ ਸੰਵਿਧਾਨ ਦਾ ਅਪਮਾਨ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਤਿੰਨ ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋ ਸਕਦੀ ਹੈ।