
ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਉਸ ਫ਼ੈਸਲੇ ਨੂੰ ਖ਼ਾਰਜ ਕਰ ਦਿਤਾ ਹੈ, ਜਿਸ 'ਚ ਉਨ੍ਹਾਂ ਕਿਹਾ
ਨਵੀਂ ਦਿੱਲੀ, 8 ਜੂਨ : ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਉਸ ਫ਼ੈਸਲੇ ਨੂੰ ਖ਼ਾਰਜ ਕਰ ਦਿਤਾ ਹੈ, ਜਿਸ 'ਚ ਉਨ੍ਹਾਂ ਕਿਹਾ ਸੀ ਕਿ ਦਿੱਲੀ ਸਰਕਾਰ ਦੇ ਹਸਪਤਾਲਾਂ 'ਚ ਸਿਰਫ਼ ਦਿੱਲੀ ਦੇ ਕੋਰੋਨਾ ਮਰੀਜ਼ਾਂ ਦਾ ਇਲਾਜ ਹੋਵੇਗਾ। ਸੂਤਰਾਂ ਨੇ ਦਸਿਆ ਕਿ ਉਪ ਰਾਜਪਾਲ ਨੇ ਡੀ.ਡੀ.ਐਮ.ਏ. ਚੇਅਰਪਰਸਨ ਹੋਣ ਦੀ ਹੈਸੀਅਤ ਨਾਲ ਸਬੰਧਤ ਵਿਭਾਗਾਂ ਅਤੇ ਪ੍ਰਸ਼ਾਸਨ ਨੂੰ ਨਿਰਦੇਸ਼ ਦਿਤਾ ਹੈ ਕਿ ਬਾਹਰੀ ਸੂਬੇ ਦੇ ਕਿਸੇ ਵੀ ਵਿਅਕਤੀ ਨੂੰ ਇਲਾਜ ਤੋਂ ਮਨ੍ਹਾ ਨਾ ਕੀਤਾ ਜਾਵੇ।
ਫ਼ਿਲਹਾਲ ਉਪ ਰਾਜਪਾਲ ਦੇ ਇਸ ਫ਼ੈਸਲੇ ਨਾਲ ਦਿੱਲੀ ਦੇ ਬਾਹਰ ਦੇ ਕੋਰੋਨਾ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਵਾਰਾਂ ਨੂੰ ਰਾਹਤ ਮਿਲੇਗੀ ਜੋ ਮਹਾਮਾਰੀ ਦੌਰਾਨ ਇਲਾਜ ਦੀ ਮੰਗ ਕਰ ਰਹੇ ਹਨ। ਦਸਣਯੋਗ ਹੈ ਕਿ ਦਿੱਲੀ ਸਰਕਾਰ ਨੇ ਐਤਵਾਰ ਨੂੰ ਵੱਡਾ ਫ਼ੈਸਲਾ ਲਿਆ ਸੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਸੀ ਕਿ ਦਿੱਲੀ 'ਚ ਦਿੱਲੀ ਸਰਕਾਰ ਅਤੇ ਪ੍ਰਾਈਵੇਟ ਹਸਪਤਾਲਾਂ 'ਚ ਸਿਰਫ਼ ਦਿੱਲੀ ਦੇ ਵਾਸੀਆਂ ਦਾ ਇਲਾਜ ਹੋਵੇਗਾ। ਜਦਕਿ ਦਿੱਲੀ 'ਚ ਸਥਿਤ ਕੇਂਦਰ ਸਰਕਾਰ ਦੇ ਹਸਪਤਾਲਾਂ 'ਚ ਸਾਰਿਆਂ ਦਾ ਇਲਾਜ ਹੋਵੇਗਾ। ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਕੈਬਨਿਟ ਨੇ ਇਹ ਫ਼ੈਸਲਾ ਲਿਆ ਹੈ। (ਏਜੰਸੀ)