
ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਰਹੇ ਹਨ
Prime Minister of Bhutan : ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੀਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮ 7:15 ਵਜੇ ਰਾਸ਼ਟਰਪਤੀ ਭਵਨ 'ਚ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਜਿਸ ਲਈ ਭਾਰਤ ਦੇ 7 ਗੁਆਂਢੀ ਦੇਸ਼ਾਂ ਦੇ ਨੇਤਾਵਾਂ ਨੂੰ ਇਸ ਸਮਾਰੋਹ ਵਿੱਚ ਹਿੱਸਾ ਲੈਣ ਲਈ ਸੱਦਾ ਦਿੱਤਾ ਗਿਆ ਹੈ। ਭੂਟਾਨ ਦੇ ਪ੍ਰਧਾਨ ਮੰਤਰੀ ਦਾਸ਼ੋ ਸ਼ੇਰਿੰਗ ਤੋਬਗੇ ਵੀ ਦਿੱਲੀ ਪਹੁੰਚੇ। ਇਸ ਦੌਰਾਨ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਸਹੁੰ ਚੁੱਕ ਸਮਾਗਮ ਲਈ ਮਹਿਮਾਨਾਂ ਦੇ ਆਉਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਐਤਵਾਰ ਸਵੇਰੇ ਪਹਿਲੀ ਵਾਰ ਭਾਰਤ ਪਹੁੰਚੇ। ਉਸ ਤੋਂ ਤੁਰੰਤ ਬਾਅਦ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਜੁਗਨਾਥ ਵੀ ਦਿੱਲੀ ਆਏ।
ਦੁਪਹਿਰ ਕਰੀਬ 12 ਵਜੇ ਭੂਟਾਨ ਦੇ ਪ੍ਰਧਾਨ ਮੰਤਰੀ ਦਾਸ਼ੋ ਸ਼ੇਰਿੰਗ ਤੋਬਗੇ ਅਤੇ ਸ਼੍ਰੀਲੰਕਾ ਦੇ ਤਤਕਾਲੀ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੇ। ਨੇਪਾਲ ਦੇ ਪੀਐਮ ਪ੍ਰਚੰਡ ਵੀ ਕੁੱਝ ਸਮੇਂ ਵਿੱਚ ਭਾਰਤ ਆਉਣ ਵਾਲੇ ਹਨ। ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਸੇਸ਼ੇਲਸ ਦੇ ਉਪ ਰਾਸ਼ਟਰਪਤੀ ਅਹਿਮਦ ਅਫੀਫ ਇੱਕ ਦਿਨ ਪਹਿਲਾਂ ਸ਼ਨੀਵਾਰ ਦੁਪਹਿਰ ਨੂੰ ਭਾਰਤ ਆਏ ਸਨ।
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਤੋਂ ਪਹਿਲਾਂ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਹੀ ਤਿੰਨ ਵਾਰ ਪ੍ਰਧਾਨ ਮੰਤਰੀ ਰਹਿ ਚੁੱਕੇ ਹਨ।