
ਦਿੱਲੀ ਦੇ ਸ਼ਾਹੀਨ ਬਾਗ ਵਿਚ 57ਵੇਂ ਦਿਨ ਵੀ ਨਾਗਰਿਕਤਾ ਸੋਧ ਕਾਨੂੰਨ ਅਤੇ ਸੰਭਾਵਤ ਐਨਆਰਸੀ ਵਿਰੁੱਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ
ਨਵੀਂ ਦਿੱਲੀ : ਅੱਜ ਸੋਮਵਾਰ ਨੂੰ ਰਾਜਧਾਨੀ ਦਿੱਲੀ ਦੇ ਸ਼ਾਹੀਨ ਬਾਗ ਵਿਚ ਨਾਗਰਿਕਤਾ ਸੋਧ ਕਾਨੂੰਨ ਅਤੇ ਐਨਆਰਸੀ ਵਿਰੁੱਧ ਚੱਲ ਰਹੇ ਪ੍ਰਦਰਸ਼ਨ 'ਤੇ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ ਹੈ। ਕੋਰਟ ਨੇ ਸੁਣਵਾਈ ਦੌਰਾਨ ਉੱਥੇ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਹਟਾਉਣ ਦਾ ਆਦੇਸ਼ ਦੇਣ ਤੋਂ ਮਨ੍ਹਾ ਕਰ ਦਿੱਤਾ ਹੈ।
File Photo
ਸੁਪਰੀਮ ਕੋਰਟ ਨੇ ਦਿੱਲੀ ਤੋਂ ਨੋਇਡਾ ਜਾਣ ਵਾਲੀ ਸੜਕ ਤੋਂ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦੀ ਮੰਗ 'ਤੇ ਦਾਖਲ ਪਟੀਸ਼ਨ ਉੱਤੇ ਸੁਣਵਾਈ ਕਰਦਿਆਂ ਕਿਹਾ ਹੈ ਕਿ ਸੱਭ ਨੂੰ ਵਿਰੋਧ ਕਰਨ ਦਾ ਅਧਿਕਾਰ ਹੈ ਪਰ ਕਿਸੇ ਵੀ ਜਨਤਕ ਸੜਕ ਨੂੰ ਸਦਾ ਲਈ ਬੰਦ ਨਹੀਂ ਕੀਤਾ ਜਾ ਸਕਦਾ ਹੈ। ਕੋਰਟ ਨੇ ਸ਼ਾਹੀਨ ਬਾਗ ਵਿਚ ਜਾਰੀ ਪ੍ਰਦਰਸ਼ਨ ਨੂੰ ਲੈ ਕੇ ਕੇਂਦਰ ਸਰਕਾਰ, ਦਿੱਲੀ ਪੁਲਿਸ ਅਤੇ ਦਿੱਲੀ ਸਰਕਾਰ ਨੂੰ ਵੀ ਨੋਟਿਸ ਜਾਰੀ ਕਰ ਜਵਾਬ ਮੰਗਿਆ ਹੈ।
File Photo
ਇਸ ਦੇ ਨਾਲ ਹੀ ਅਦਾਲਤ ਨੇ ਸਿੱਧੇ ਤੌਰ ਉੱਤੇ ਸ਼ਾਹੀਨ ਬਾਗ ਤੋਂ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦਾ ਆਦੇਸ਼ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ ਅਤੇ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ ਮਿਤੀ 17 ਫਰਵਰੀ ਰੱਖੀ ਗਈ ਹੈ।
File Photoਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਟਾਲ ਦਿੱਤੀ ਸੀ। ਕੋਰਟ ਨੇ ਕਿਹਾ ਸੀ ਇਸ ਪ੍ਰਦਰਸ਼ਨ ਨੂੰ ਲੈ ਕੇ ਉਹ ਚਿੰਤਿਤ ਹਨ ਪਰ ਸਵਾਲ ਇਹ ਖੜ੍ਹਾ ਹੁੰਦਾ ਹੈ ਕਿ ਇਸ ਨੂੰ ਹੱਲ ਕਿਵੇਂ ਕੀਤਾ ਜਾਵੇ। ਕੋਰਟ ਨੇ ਅੱਗੇ ਕਿਹਾ ਸੀ ਕਿ ਦਿੱਲੀ ਚੋਣਾਂ ਕਰਕੇ ਉਹ ਇਸ ਮਾਮਲੇ ਦੀ ਸੁਣਵਾਈ 10 ਫਰਵਰੀ ਨੂੰ ਕਰੇਗੀ।
File Photo
ਦੱਸ ਦਈਏ ਕਿ ਦਿੱਲੀ ਦੇ ਸ਼ਾਹੀਨ ਬਾਗ ਵਿਚ 57ਵੇਂ ਦਿਨ ਵੀ ਨਾਗਰਿਕਤਾ ਸੋਧ ਕਾਨੂੰਨ ਅਤੇ ਸੰਭਾਵਤ ਐਨਆਰਸੀ ਵਿਰੁੱਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਧਰਮ ਦੇ ਅਧਾਰ ਉੱਤੇ ਵੰਡਣ ਵਾਲੇ ਨਾਗਰਿਕਤਾ ਸੋਧ ਕਾਨੂੰਨ ਨੂੰ ਸਰਕਾਰ ਵਾਪਸ ਲੈਵੇ ਅਤੇ ਐਨਆਰਸੀ ਨੂੰ ਲਾਗੂ ਨਾਂ ਕਰੇ।