
ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਇਕਬਾਲ ਸਿੰਘ ਨੂੰ ਕੀਤਾ ਗ੍ਰਿਫ਼ਤਾਰ
ਨਵੀਂ ਦਿੱਲੀ: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਬੀਤੀ ਰਾਤ 26 ਜਨਵਰੀ ਨੂੰ ਹੋਈ ਹਿੰਸਾ ਦੇ ਦੋਸ਼ੀ ਇਕਬਾਲ ਸਿੰਘ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਡੀਸੀਪੀ ਸੰਜੀਵ ਯਾਦਵ ਨੇ ਦੱਸਿਆ ਕਿ ਇਕਬਾਲ ਸਿੰਘ ਲੁਧਿਆਣਾ ਦਾ ਵਸਨੀਕ ਹੈ ਅਤੇ ਉਹ 26 ਜਨਵਰੀ ਮੌਕੇ ਦਿੱਲੀ ਵਿਚ ਲੋਕਾਂ ਨੂੰ ਉਕਸਾਉਣ ਵਿਚ ਸ਼ਾਮਲ ਸੀ।
Iqbal Singh
ਉਹਨਾਂ ਦੱਸਿਆ ਕਿ ਇਕਬਾਲ ਸਿੰਘ ਨਵੰਬਰ 2020 ਤੋਂ ਸਿੰਘੂ ਬਾਰਡਰ ‘ਤੇ ਜਾ ਰਿਹਾ ਸੀ ਅਤੇ ਉਹ 26 ਜਨਵਰੀ ਨੂੰ ਭੀੜ ਨਾਲ ਲਾਲ ਕਿਲ੍ਹੇ ‘ਤੇ ਪਹੁੰਚਿਆ। ਡੀਸੀਪੀ ਨੇ ਦੱਸਿਆ ਕਿ ਇਕਬਾਲ ਸਿੰਘ ਦੀ ਦੀਪ ਸਿੱਧੂ ਨਾਲ ਕੋਈ ਗੱਲਬਾਤ ਨਹੀਂ ਹੋਈ। ਇਕਬਾਲ ਸਿੰਘ ਦੀ ਗ੍ਰਿਫ਼ਤਾਰੀ ਲਈ 50,000 ਰੁਪਏ ਦਾ ਇਨਾਮ ਰੱਖਿਆ ਗਿਆ ਸੀ।
DCP Sanjeev Yadav
ਦੱਸ ਦਈਏ ਕਿ ਇਕਬਾਲ ਸਿੰਘ 'ਤੇ 26 ਜਨਵਰੀ ਨੂੰ ਨੌਜਵਾਨਾਂ ਨੂੰ ਉਕਸਾਉਣ ਦੇ ਇਲਜ਼ਾਮ ਲੱਗੇ ਹਨ। ਇਸ ਤੋਂ ਪਹਿਲਾਂ ਬੀਤੇ ਦਿਨ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਗਣਤੰਤਰ ਦਿਵਸ 'ਤੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ 'ਚ ਹੋਈ ਹਿੰਸਾ ਦੇ ਦੋਸ਼ੀ ਪੰਜਾਬੀ ਅਦਾਕਾਰ ਦੀਪ ਸਿੱਧੂ ਨੂੰ ਹਰਿਆਣਾ ਦੇ ਕਰਨਾਲ ਤੋਂ ਗਿ੍ਫ਼ਤਾਰ ਕੀਤਾ ਗਿਆ|
Deep Sidhu
ਲਾਲ ਕਿਲ੍ਹਾ ਹਿੰਸਾ ਮਾਮਲੇ 'ਚ ਗਿ੍ਫ਼ਤਾਰ ਕੀਤੇ ਗਏ ਮੁੱਖ ਦੋਸ਼ੀ ਦੀਪ ਸਿੱਧੂ ਨੂੰ ਦਿੱਲੀ ਦੀ ਤੀਸ ਹਜ਼ਾਰੀ ਕੋਰਟ 'ਚ ਪੇਸ਼ ਕੀਤਾ ਗਿਆ| ਦਿੱਲੀ ਪੁਲਿਸ ਵਲੋਂ ਕੋਰਟ 'ਚ ਸਿੱਧੂ ਦੀ 10 ਦਿਨ ਦੀ ਰਿਮਾਂਡ ਮੰਗੀ ਗਈ, ਜਿਸ ਤੋਂ ਬਾਅਦ ਕੋਰਟ ਨੇ ਉਸ ਨੂੰ 7 ਦਿਨ ਦੀ ਰਿਮਾਂਡ 'ਤੇ ਪੁਲਿਸ ਹਿਰਾਸਤ 'ਚ ਭੇਜ ਦਿਤਾ ਹੈ।