
ਸਿੱਖ ਜਥੇਬੰਦੀਆਂ ਨੇ ਕੀਤੀ ਨਿਖੇਧੀ
ਹਰਿਆਣਾ : ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਉਹ ਅਰਦਾਸ ਦੇ ਸਮੇਂ ਨੰਗੇ ਸਿਰ ਖੜ੍ਹੇ ਦਿਖਾਈ ਦੇ ਰਹੇ ਹਨ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਸਿੱਖ ਜਥੇਬੰਦੀਆਂ ਵਲੋਂ ਨਿਖੇਦੀ ਕੀਤੀ ਜਾ ਰਹੀ ਹੈ ਅਤੇ ਰੋਸ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।
ਇਸ ਬਾਰੇ ਆਪ ਆਗੂ ਮਲਵਿੰਦਰ ਸਿੰਘ ਕੰਗ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਅਰਦਾਸ ਦੇ ਸਮੇਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਨੰਗੇ ਸਿਰ ਸ਼ਿਰਕਤ ਕਰਨਾ ਸਾਬਤ ਕਰਦਾ ਹੈ ਕਿ ਭਾਰਤੀ ਜਨਤਾ ਪਾਰਟੀ ਵਾਸਤੇ ਸਿੱਖ ਧਰਮ ਲਈ ਕਿਸੇ ਵੀ ਤਰ੍ਹਾਂ ਦਾ ਕੋਈ ਸਤਿਕਾਰ ਨਹੀਂ ਹੈ ਬਲਕਿ ਇਹ ਧਾਰਮਿਕ ਮਾਣ ਮਰਿਆਦਾਵਾਂ ਦੀਆਂ ਧੱਜੀਆਂ ਉਡਾਉਂਦੇ ਹਨ। ਮਨੋਹਰ ਲਾਲ ਖੱਟਰ ਦੀ ਇਸ ਬੱਜਰ ਗ਼ਲਤੀ ਲਈ ਅਸੀਂ ਨਿਖੇਦੀ ਕਰਦੇ ਹਾਂ।
ਇਸ ਤੋਂ ਇਲਾਵਾ ਸਿੱਖ ਆਗੂ ਬਲਜੀਤ ਸਿੰਘ ਦਾਦੂਵਾਲ ਨੇ ਵੀ ਇਸ ਵੀਡੀਓ ਦੀ ਨਿਖੇਦੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖ ਰਹਿਤ ਮਰਿਆਦਾ ਦੀ ਉਲੰਘਣਾ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਫਰੀਦਾਬਾਦ ਤੋਂ ਸਾਹਮਣੇ ਆਈ ਹੈ ਜਿਥੇ ਇੱਕ ਬਾਬਾ ਬੰਦਾ ਸਿੰਘ ਚੈਰੀਟੇਬਲ ਹਸਪਤਾਲ ਦੇ ਉਦਘਾਟਨ ਮੌਕੇ ਹੋ ਰਹੀ ਅਰਦਾਸ ਵਿਚ ਮੁੱਖ ਮੰਤਰੀ ਵੀ ਸ਼ਾਮਲ ਹੋਏ ਪਰ ਉਨ੍ਹਾਂ ਦਾ ਸਿਰ ਢੱਕਿਆ ਨਹੀਂ ਸੀ। ਇਸ ਤੋਂ ਇਲਾਵਾ ਹੋਰ ਵੀ ਕਈ ਸਿੱਖ ਆਗੂ ਖੜ੍ਹੇ ਸਨ ਪਰ ਕਿਸੇ ਨੇ ਵੀ ਮੁੱਖ ਮੰਤਰੀ ਨੂੰ ਸਿਰ ਢੱਕਣ ਲਈ ਨਹੀਂ ਕਿਹਾ ਗਿਆ।