
ਤੇਜ਼ ਰਫ਼ਤਾਰ ਟਰਾਲੇ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ
ਰਾਜਸਥਾਨ ਦੇ ਪਾਲੀ ਜ਼ਿਲ੍ਹੇ 'ਚ ਐਤਵਾਰ ਦੇਰ ਰਾਤ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਨੇ ਇਲਾਕੇ ਦੇ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ। ਇਹ ਹਾਦਸਾ ਨਯਾ ਗਾਓਂ ਦੇ 72 ਫੁੱਟ ਉੱਚੇ ਬਾਲਾਜੀ ਮੰਦਰ ਨੇੜੇ ਵਾਪਰਿਆ, ਜਿੱਥੇ ਇੱਕ ਕੰਟੇਨਰ ਨੇ ਬਾਈਕ ਸਵਾਰ ਪਰਿਵਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ 'ਚ ਮਾਂ ਅਤੇ ਦੋ ਬੱਚਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਪਤੀ ਗੰਭੀਰ ਜ਼ਖ਼ਮੀ ਹੋ ਗਿਆ।
ਸਥਾਨਕ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਪਾਲੀ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਤਿੰਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਬਾਂਗਰ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ। ਇਸ ਦੌਰਾਨ ਗੰਭੀਰ ਰੂਪ 'ਚ ਜ਼ਖ਼ਮੀ ਪਤੀ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।
ਥਾਣਾ ਮੁਖੀ ਨੇ ਦੱਸਿਆ ਕਿ ਹੇਮਾਰਾਮ (30), ਉਸ ਦੀ ਪਤਨੀ ਸੰਤੋਸ਼ (25), ਪੁੱਤਰ ਕਮਲੇਸ਼ (8) ਅਤੇ ਪੁੱਤਰੀ ਲਲਿਤਾ (5) ਵਾਸੀ ਜਗਦੰਬਾ ਕਾਲੋਨੀ, ਨਵਾਂ ਗਾਓਂ ਐਤਵਾਰ ਰਾਤ ਪਿੰਡ ਜਾਡਨ ਵਿੱਚ ਇੱਕ ਜਾਗਰਣ ਵਿੱਚ ਸ਼ਾਮਲ ਹੋਣ ਲਈ ਨਿਕਲੇ ਸਨ। ਪੁਲਿਸ ਜਾਂਚ 'ਚ ਸਾਹਮਣੇ ਆਇਆ ਹੈ ਕਿ ਬਾਲਾਜੀ ਮੰਦਰ ਨੇੜੇ ਓਵਰਬ੍ਰਿਜ 'ਤੇ ਚੜ੍ਹਦੇ ਸਮੇਂ ਇਕ ਤੇਜ਼ ਰਫਤਾਰ ਟਰਾਲੇ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਸੰਤੋਸ਼, ਕਮਲੇਸ਼ ਅਤੇ ਲਲਿਤਾ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਹੇਮਾਰਾਮ ਗੰਭੀਰ ਜ਼ਖ਼ਮੀ ਹੋ ਗਿਆ। ਪੁਲਿਸ ਨੇ ਅਣਪਛਾਤੇ ਟਰਾਲਾ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।