
ਮੈਜਿਸਟ੍ਰੇਟ ਜਾਂਚ ਦੇ ਹੁਕਮ
Chhattisgarh bus accident: ਛੱਤੀਸਗੜ੍ਹ ਦੇ ਦੁਰਗ ਜ਼ਿਲ੍ਹੇ 'ਚ ਮੰਗਲਵਾਰ ਦੇਰ ਰਾਤ ਇਕ ਬੱਸ ਦੇ ਖੱਡ 'ਚ ਡਿੱਗਣ ਕਾਰਨ 3 ਔਰਤਾਂ ਸਮੇਤ 12 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ। ਪੁਲਿਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਵਿਸ਼ਨੂੰਦੇਵ ਸਾਈਂ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ।
ਦੁਰਗ ਜ਼ਿਲ੍ਹੇ ਦੇ ਪੁਲਿਸ ਸੁਪਰਡੈਂਟ ਜਤਿੰਦਰ ਸ਼ੁਕਲਾ ਨੇ ਦਸਿਆ ਕਿ ਕੁਮਹਾਰੀ ਥਾਣਾ ਖੇਤਰ ਦੇ ਅਧੀਨ ਖਾਪੜੀ ਪਿੰਡ ਨੇੜੇ ਮੁਰਮ (ਲਾਲ ਮਿੱਟੀ) ਦੀ ਖੱਡ ਵਿਚ ਬੱਸ ਡਿੱਗਣ ਕਾਰਨ ਗੱਡੀ ਵਿਚ ਸਵਾਰ 12 ਲੋਕਾਂ ਦੀ ਮੌਤ ਹੋ ਗਈ ਅਤੇ 14 ਜ਼ਖ਼ਮੀ ਹੋ ਗਏ। ਇਸ ਤੋਂ ਪਹਿਲਾਂ ਪੁਲਿਸ ਸੁਪਰਡੈਂਟ ਨੇ ਹਾਦਸੇ 'ਚ 15 ਲੋਕਾਂ ਦੀ ਮੌਤ ਹੋਣ ਦੀ ਸੂਚਨਾ ਦਿਤੀ ਸੀ। ਹਾਲਾਂਕਿ, ਬਾਅਦ ਵਿਚ ਉਸ ਨੇ ਕਿਹਾ ਕਿ ਮਰਨ ਵਾਲਿਆਂ ਦੀ ਸੂਚੀ ਵਿਚ ਕੁੱਝ ਨਾਮ ਇਕ ਤੋਂ ਵੱਧ ਵਾਰ ਸ਼ਾਮਲ ਕੀਤੇ ਗਏ ਸਨ।
ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਕੁਮਹਾਰੀ ਇਲਾਕੇ 'ਚ ਸਥਿਤ ਕੇਡੀਆ ਡਿਸਟਿਲਰੀਜ਼ ਦੀ ਬੱਸ ਕਰਮਚਾਰੀਆਂ ਨੂੰ ਲੈ ਕੇ ਰਵਾਨਾ ਹੋਈ ਸੀ ਅਤੇ ਬੱਸ 'ਚ 30 ਤੋਂ ਜ਼ਿਆਦਾ ਕਰਮਚਾਰੀ ਸਵਾਰ ਸਨ। ਅਧਿਕਾਰੀਆਂ ਨੇ ਦਸਿਆ ਕਿ ਇਹ ਘਟਨਾ ਮੰਗਲਵਾਰ ਰਾਤ 8.30 ਵਜੇ ਵਾਪਰੀ ਜਦੋਂ ਬੱਸ ਖਾਪੜੀ ਪਿੰਡ ਦੇ ਨੇੜੇ ਪਹੁੰਚੀ ਅਤੇ ਕੰਟਰੋਲ ਤੋਂ ਬਾਹਰ ਹੋ ਗਈ ਕਰੀਬ 40 ਫੁੱਟ ਡੂੰਘੀ ਖੱਡ ਵਿਚ ਜਾ ਡਿੱਗੀ।
ਪੁਲਿਸ ਮੁਤਾਬਕ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੀ ਟੀਮ ਨੂੰ ਮੌਕੇ 'ਤੇ ਭੇਜਿਆ ਗਿਆ ਅਤੇ ਬਚਾਅ ਕਾਰਜ ਸ਼ੁਰੂ ਕਰ ਦਿਤੇ ਗਏ। ਸ਼ੁਰੂਆਤ 'ਚ ਮੌਕੇ 'ਤੇ ਹਨੇਰਾ ਹੋਣ ਕਾਰਨ ਬਚਾਅ ਕਾਰਜ 'ਚ ਮੁਸ਼ਕਲ ਆਈ। ਕੁੱਝ ਸਮੇਂ ਬਾਅਦ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ ਅਤੇ ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਲਾਸ਼ਾਂ ਅਤੇ ਜ਼ਖਮੀਆਂ ਨੂੰ ਬਾਹਰ ਕੱਢਿਆ।
ਉਨ੍ਹਾਂ ਦਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਅਤੇ ਜ਼ਖਮੀਆਂ ਨੂੰ ਹਸਪਤਾਲ ਭੇਜ ਦਿਤਾ ਗਿਆ ਹੈ ਅਤੇ ਬੱਸ ਨੂੰ ਖੱਡ 'ਚੋਂ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੁਰਗ ਦੇ ਜ਼ਿਲ੍ਹਾ ਕੁਲੈਕਟਰ ਰਿਚਾ ਪ੍ਰਕਾਸ਼ ਚੌਧਰੀ ਨੇ ਦਸਿਆ ਕਿ ਇਸ ਘਟਨਾ ਵਿਚ 12 ਲੋਕਾਂ ਦੀ ਮੌਤ ਹੋ ਗਈ ਹੈ ਅਤੇ 14 ਹੋਰ ਜ਼ਖ਼ਮੀ ਹੋਏ ਹਨ। ਜ਼ਖਮੀਆਂ 'ਚੋਂ 12 ਨੂੰ ਰਾਏਪੁਰ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ 'ਚ ਭਰਤੀ ਕਰਵਾਇਆ ਗਿਆ ਹੈ।
ਚੌਧਰੀ ਨੇ ਕਿਹਾ ਕਿ ਇਸ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਕਰਵਾਈ ਜਾਵੇਗੀ ਅਤੇ ਇਸ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਾਦਸੇ ਤੋਂ ਬਾਅਦ ਇੰਡਸਟਰੀ ਮੈਨੇਜਮੈਂਟ ਨਾਲ ਗੱਲਬਾਤ ਕੀਤੀ ਗਈ ਹੈ। ਪ੍ਰਸ਼ਾਸਨ ਨੇ ਹਾਦਸੇ ਦੇ ਪੀੜਤਾਂ ਨੂੰ ਮੁਆਵਜ਼ਾ ਦੇਣ ਦਾ ਭਰੋਸਾ ਦਿਤਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 'ਐਕਸ' 'ਤੇ ਕਿਹਾ, ''ਛੱਤੀਸਗੜ੍ਹ ਦੇ ਦੁਰਗ ਜ਼ਿਲ੍ਹੇ 'ਚ ਬੱਸ ਹਾਦਸੇ ਕਾਰਨ ਕਈ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਬਹੁਤ ਦੁਖਦ ਹੈ। ਸਾਰੇ ਦੁਖੀ ਪਰਿਵਾਰਾਂ ਨਾਲ ਮੇਰੀ ਡੂੰਘੀ ਸੰਵੇਦਨਾ! ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੀ ਹਾਂ”।
ਹਾਦਸੇ 'ਤੇ ਦੁੱਖ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ 'ਐਕਸ' 'ਤੇ ਕਿਹਾ, ''ਛੱਤੀਸਗੜ੍ਹ ਦੇ ਦੁਰਗ 'ਚ ਵਾਪਰਿਆ ਬੱਸ ਹਾਦਸਾ ਬਹੁਤ ਦੁਖਦ ਹੈ। ਉਨ੍ਹਾਂ ਲੋਕਾਂ ਪ੍ਰਤੀ ਮੇਰੀ ਸੰਵੇਦਨਾ ਹੈ ਜਿਨ੍ਹਾਂ ਨੇ ਅਪਣੇ ਅਜ਼ੀਜ਼ਾਂ ਨੂੰ ਗੁਆ ਦਿਤਾ ਹੈ। ਇਸ ਦੇ ਨਾਲ ਹੀ ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਸੂਬਾ ਸਰਕਾਰ ਦੀ ਦੇਖ-ਰੇਖ 'ਚ ਸਥਾਨਕ ਪ੍ਰਸ਼ਾਸਨ ਪੀੜਤਾਂ ਨੂੰ ਹਰ ਸੰਭਵ ਮਦਦ ਦੇਣ 'ਚ ਲੱਗਾ ਹੋਇਆ ਹੈ”। ਛੱਤੀਸਗੜ੍ਹ ਦੇ ਮੁੱਖ ਮੰਤਰੀ ਵਿਸ਼ਨੂੰ ਦੇਵ ਸਾਈਂ ਨੇ ਵੀ ਇਸ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ।
(For more Punjabi news apart from At least 12 dead, 15 injured in Chhattisgarh bus accident, stay tuned to Rozana Spokesman)