
ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਚੋਣ ਇਕ ਵਾਰ ਫਿਰ ਤੋਂ ਟਲ ਗਈ ਹੈ।
ਨਵੀਂ ਦਿੱਲੀ: ਕਾਂਗਰਸ ਪਾਰਟੀ ਦੇ ਪ੍ਰਧਾਨ ਦੀ ਚੋਣ ਇਕ ਵਾਰ ਫਿਰ ਤੋਂ ਟਲ ਗਈ ਹੈ। ਕੋਰੋਨਾ ਮਹਾਂਮਾਰੀ ਦੀ ਦਲੀਲ ਦਿੰਦਿਆਂ ਕਾਂਗਰਸ ਵਰਕਿੰਗ ਕਮੇਟੀ ਨੇ ਪ੍ਰਧਾਨ ਦੀ ਚੋਣ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ। ਸੂਤਰਾਂ ਮੁਤਾਬਕ ਬੈਠਕ ਵਿਚ ਕਿਹਾ ਗਿਆ ਕਿ ਕੋਰੋਨਾ ਮਹਾਂਮਾਰੀ ਦੀ ਮੌਜੂਦਾ ਸਥਿਤੀ ਦੇ ਚਲਦਿਆਂ ਚੋਣਾਂ ਕਰਵਾਉਣਾ ਠੀਕ ਨਹੀਂ ਹੋਵੇਗਾ, ਇਸ ਲਈ ਇਸ ਨੂੰ ਮੁਲਤਵੀ ਕਰਨ ਦਾ ਫੈਸਲਾ ਲਿਆ ਗਿਆ ਹੈ।
Congress Working Committee
ਪਿਛਲੀ ਵਾਰ ਵਰਕਿੰਗ ਕਮੇਟੀ ਵਿਚ ਕੇਂਦਰੀ ਚੋਣ ਅਥਾਰਟੀ ਨੇ 23 ਜੂਨ ਨੂੰ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਗਿਆ ਸੀ। ਚੋਣਾਂ ਲਈ ਅਗਲੀ ਤਰੀਕ ਦਾ ਐਲਾਨ ਕੇਂਦਰੀ ਚੋਣ ਅਥਾਰਟੀ ਵੱਲੋਂ ਬਾਅਦ ਵਿਚ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ 2019 ਲੋਕ ਸਭਾ ਚੋਣਾਂ ਵਿਚ ਕਾਂਗਰਸ ਦੀ ਹਾਰ ਤੋਂ ਬਾਅਦ ਰਾਹੁਲ ਗਾਂਧੀ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਬਾਅਦ ਸੋਨੀਆ ਗਾਂਧੀ ਨੂੰ ਪਾਰਟੀ ਦੀ ਅੰਤਰਿਮ ਪ੍ਰਧਾਨ ਚੁਣਿਆ ਗਿਆ ਸੀ। ਪਰ 2 ਸਾਲ ਤੋਂ ਬਾਅਦ ਵੀ ਪਾਰਟੀ ਪ੍ਰਧਾਨ ਦੀ ਚੋਣ ਨਹੀਂ ਹੋ ਸਕੀ।
Rahul Gandhi and Sonia Gandhi
ਦੱਸ ਦਈਏ ਕਿ ਸੋਨੀਆ ਗਾਂਧੀ ਦੀ ਅਗਵਾਈ ਵਿਚ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਵਿਚ ਦੇਸ਼ ਵਿਚ ਕੋਰੋਨਾ ਵਾਇਰਸ ਪ੍ਰਸਾਰ ਨੂੰ ਲੈ ਕੇ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਹਾਲ ਹੀ ਵਿਚ ਹੋਈਆਂ ਚਾਰ ਸੂਬਿਆਂ ਅਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ ਚੋਣਾਂ ਦੇ ਨਤੀਜਿਆਂ ਵਿਚ ਕਾਂਗਰਸ ਦੇ ਪ੍ਰਦਰਸ਼ਨ ’ਤੇ ਵੀ ਵਿਚਾਰ ਕੀਤਾ ਗਿਆ ਅਤੇ ਅਗਲੀ ਰਣਨੀਤੀ ਤੈਅ ਕੀਤੀ ਗਈ।