
ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਲਈ ਕਈ ਸ਼ਰਤਾਂ ਵੀ ਤੈਅ ਕੀਤੀਆਂ ਹਨ
Arvind Kejriwal Bail : ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਨੂੰ 2 ਜੂਨ ਨੂੰ ਕਿਸੇ ਵੀ ਹਾਲਤ ਵਿੱਚ ਸਰੰਡਰ ਕਰਨ ਲਈ ਕਿਹਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਅੱਜ ਸ਼ਾਮ 6 ਵਜੇ ਤੱਕ ਉਨ੍ਹਾਂ ਨੂੰ ਰਿਹਾਅ ਕੀਤਾ ਜਾ ਸਕਦਾ ਹੈ। ਸੁਪਰੀਮ ਕੋਰਟ ਦੇ ਹੁਕਮਾਂ ਦੀ ਕਾਪੀ ਕੁਝ ਹੀ ਸਮੇਂ ਵਿੱਚ ਤਿਹਾੜ ਜੇਲ੍ਹ ਵਿੱਚ ਵੀ ਪਹੁੰਚ ਜਾਵੇਗੀ। ਓਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਆਪਣੇ ਸਾਰੇ ਪ੍ਰੋਗਰਾਮ ਰੱਦ ਕਰਕੇ ਦਿੱਲੀ ਦੇ ਲਈ ਰਵਾਨਾ ਹੋ ਗਏ ਹਨ।
ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਲਈ ਕਈ ਸ਼ਰਤਾਂ ਵੀ ਤੈਅ ਕੀਤੀਆਂ ਹਨ। ਸੁਪਰੀਮ ਕੋਰਟ ਨੇ ਆਪਣੇ ਹੁਕਮ 'ਚ ਕਿਹਾ ਹੈ ਕਿ ਅੰਤਰਿਮ ਜ਼ਮਾਨਤ 'ਤੇ ਬਾਹਰ ਜਾਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੀਐਮ ਦਫ਼ਤਰ ਜਾਂ ਦਿੱਲੀ ਸਕੱਤਰੇਤ ਨਹੀਂ ਜਾਣਗੇ।
ਸੁਪਰੀਮ ਕੋਰਟ ਦੀਆਂ ਸ਼ਰਤਾਂ ਮੁਤਾਬਕ ਕੇਜਰੀਵਾਲ ਉਪ ਰਾਜਪਾਲ ਦੀ ਮਨਜ਼ੂਰੀ ਤੋਂ ਬਿਨਾਂ ਕਿਸੇ ਵੀ ਸਰਕਾਰੀ ਫਾਈਲ 'ਤੇ ਦਸਤਖਤ ਨਹੀਂ ਕਰਨਗੇ। ਇਸ ਤੋਂ ਇਲਾਵਾ ਉਹ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਆਪਣੀ ਭੂਮਿਕਾ ਬਾਰੇ ਕਿਤੇ ਵੀ ਕੋਈ ਬਿਆਨ ਨਹੀਂ ਦੇਣਗੇ ਅਤੇ ਨਾ ਹੀ ਕਿਸੇ ਗਵਾਹ ਨਾਲ ਸੰਪਰਕ ਕਰਨਗੇ।
21 ਮਾਰਚ ਨੂੰ ਗ੍ਰਿਫਤਾਰ ਹੋਏ ਸੀ ਕੇਜਰੀਵਾਲ
ਈਡੀ ਨੇ ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਈਡੀ ਨੇ ਇਸ ਮਾਮਲੇ 'ਚ ਪੁੱਛਗਿੱਛ ਲਈ ਉਨ੍ਹਾਂ ਨੂੰ 9 ਸੰਮਨ ਜਾਰੀ ਕੀਤੇ ਸਨ। ਹਾਲਾਂਕਿ ਕੇਜਰੀਵਾਲ ਕਿਸੇ ਵੀ ਸੰਮਨ 'ਤੇ ਪੇਸ਼ ਨਹੀਂ ਹੋਏ।