
ਖਪਤਕਾਰ ਮਾਮਲਿਆਂ ਦੇ ਮੰਤਰਾਲੇ ਦੁਆਰਾ ਨੋਟੀਫਾਈ ਕੀਤੇ ਗਏ ਨਵੇਂ ਦਿਸ਼ਾ-ਨਿਰਦੇਸ਼ਾਂ ਨੇ 'ਸਰੋਗੇਟ' ਇਸ਼ਤਿਹਾਰਾਂ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ
ਨਵੀਂ ਦਿੱਲੀ: ਸਰਕਾਰ ਨੇ ਗੁੰਮਰਾਹਕੁੰਨ ਇਸ਼ਤਿਹਾਰਾਂ ਨੂੰ ਰੋਕਣ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ, ਜਿਸ ਵਿਚ ਬੱਚਿਆਂ ਨੂੰ ਨਿਸ਼ਾਨਾ ਬਣਾਉਣ ਵਾਲੇ ਇਸ਼ਤਿਹਾਰ ਅਤੇ ਖਪਤਕਾਰਾਂ ਨੂੰ ਲੁਭਾਉਣ ਲਈ ਮੁਫ਼ਤ ਦਾਅਵੇ ਕਰਨ ਵਾਲੇ ਇਸ਼ਤਿਹਾਰ ਵੀ ਸ਼ਾਮਲ ਹਨ। ਦਿਸ਼ਾ-ਨਿਰਦੇਸ਼ਾਂ ਵਿਚ ਇਹ ਵੀ ਕਿਹਾ ਗਿਆ ਹੈ ਕਿ ਇਸ਼ਤਿਹਾਰ ਜਾਰੀ ਕਰਨ ਤੋਂ ਪਹਿਲਾਂ ਪੂਰੀ ਸਾਵਧਾਨੀ ਨਾਲ ਕੰਮ ਲਿਆ ਜਾਣਾ ਚਾਹੀਦਾ ਹੈ।
ਖਪਤਕਾਰ ਮਾਮਲਿਆਂ ਦੇ ਮੰਤਰਾਲੇ ਦੁਆਰਾ ਨੋਟੀਫਾਈ ਕੀਤੇ ਗਏ ਨਵੇਂ ਦਿਸ਼ਾ-ਨਿਰਦੇਸ਼ਾਂ ਨੇ 'ਸਰੋਗੇਟ' ਇਸ਼ਤਿਹਾਰਾਂ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ ਅਤੇ ਇਸ਼ਤਿਹਾਰ ਦਿਖਾਉਂਦੇ ਹੋਏ ਇਸ ਵਿਚ ਵਧੇਰੇ ਪਾਰਦਰਸ਼ਤਾ ਦੀ ਮੰਗ ਕੀਤੀ ਹੈ। ਇਹ ਦਿਸ਼ਾ-ਨਿਰਦੇਸ਼ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ। 'ਸਰੋਗੇਟ' ਵਿਗਿਆਪਨ ਸੂਡੋ-ਇਸ਼ਤਿਹਾਰ ਹੁੰਦੇ ਹਨ ਜੋ ਕਿਸੇ ਹੋਰ ਉਤਪਾਦ ਦਾ ਪ੍ਰਚਾਰ ਕਰਦੇ ਹਨ। ਜਿਵੇਂ ਸੋਡਾ ਵਾਟਰ ਦੇ ਬਹਾਨੇ ਸ਼ਰਾਬ ਦਾ ਪ੍ਰਚਾਰ ਕਰਨਾ ਜਾਂ ਇਲਾਇਚੀ ਦੇ ਬਹਾਨੇ ਗੁਟਖਾ ਦਾ।
ਇਹਨਾਂ ਦਿਸ਼ਾ-ਨਿਰਦੇਸ਼ਾਂ ਦੀ ਘੋਸ਼ਣਾ ਕਰਦੇ ਹੋਏ ਖਪਤਕਾਰ ਮਾਮਲਿਆਂ ਦੇ ਸਕੱਤਰ ਰੋਹਿਤ ਕੁਮਾਰ ਸਿੰਘ ਨੇ ਕਿਹਾ, “ਖਪਤਕਾਰ ਇਸ਼ਤਿਹਾਰਾਂ ਵਿਚ ਬਹੁਤ ਦਿਲਚਸਪੀ ਲੈਂਦੇ ਹਨ। ਸੀਸੀਪੀਏ ਐਕਟ ਦੇ ਤਹਿਤ, ਖਪਤਕਾਰਾਂ ਦੇ ਅਧਿਕਾਰਾਂ ਨੂੰ ਪ੍ਰਭਾਵਿਤ ਕਰਨ ਵਾਲੇ ਗੁੰਮਰਾਹਕੁੰਨ ਇਸ਼ਤਿਹਾਰਾਂ ਨਾਲ ਨਜਿੱਠਣ ਦੀ ਵਿਵਸਥਾ ਹੈ”।
ਉਹਨਾਂ ਕਿਹਾ, "...ਪਰ ਉਦਯੋਗ ਨੂੰ ਵਧੇਰੇ ਸਪੱਸ਼ਟ ਅਤੇ ਜਾਗਰੂਕ ਕਰਨ ਲਈ ਸਰਕਾਰ ਨੇ ਅੱਜ ਤੋਂ ਨਿਰਪੱਖ ਇਸ਼ਤਿਹਾਰਬਾਜ਼ੀ ਲਈ ਦਿਸ਼ਾ-ਨਿਰਦੇਸ਼ ਤਿਆਰ ਕੀਤੇ ਹਨ"। ਇਹ ਦਿਸ਼ਾ-ਨਿਰਦੇਸ਼ ਸਾਰੇ ਪਲੇਟਫਾਰਮਾਂ ਜਿਵੇਂ ਕਿ ਪ੍ਰਿੰਟ, ਟੈਲੀਵਿਜ਼ਨ ਅਤੇ ਆਨਲਾਈਨ ਪ੍ਰਕਾਸ਼ਿਤ ਇਸ਼ਤਿਹਾਰਾਂ 'ਤੇ ਲਾਗੂ ਹੋਣਗੇ। ਨਵੇਂ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ 'ਤੇ ਕੇਂਦਰੀ ਖਪਤਕਾਰ ਸੁਰੱਖਿਆ ਐਕਟ (ਸੀਸੀਪੀਏ) ਦੇ ਉਪਬੰਧਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।