
ਸਟੋਰੇਜ ਗੋਦਾਮ ਨੂੰ ਖੇਤੀਬਾੜੀ ਵਾਲੀ ਜ਼ਮੀਨ ਵਜੋਂ ਵੇਚ ਕੇ ਗ਼ੈਰ-ਕਾਨੂੰਨੀ ਤੌਰ 'ਤੇ ਪੈਸੇ ਕਮਾਉਣ 'ਚ ਕੀਤੀ ਸੀ ਮਦਦ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ੀਰਕਪੁਰ ਨਗਰ ਕੌਂਸਲ ਦੇ ਸਾਬਕਾ ਕਾਰਜ ਸਾਧਕ ਅਫ਼ਸਰ (ਈ.ਓ.) ਦੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਮਦਦ ਕਰਨ ਦੇ ਦੋਸ਼ ਹੇਠ ਕਲੋਨਾਈਜ਼ਰ ਪਵਨ ਕੁਮਾਰ ਸ਼ਰਮਾ ਵਾਸੀ ਪੰਚਕੂਲਾ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਖ਼ੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਅੱਜ ਇਥੇ ਦਸਿਆ ਕਿ ਪਵਨ ਕੁਮਾਰ ਸ਼ਰਮਾ ਨੇ ਪਿੰਡ ਖੁਡਾਲ ਕਲਾਂ, ਤਹਿਸੀਲ ਬਰੇਟਾ, ਜ਼ਿਲ੍ਹਾ ਮਾਨਸਾ ਵਿਖੇ 5 ਏਕੜ ਜ਼ਮੀਨ ਵਿਚ ਸਥਿਤ 25,000 ਮੀਟਰਕ ਟਨ ਦੀ ਸਮਰੱਥਾ ਵਾਲੇ ਓਪਨ ਪਲਿੰਥ (ਸਟੋਰੇਜ ਗੋਦਾਮ) ਨੂੰ ਖੇਤੀਬਾੜੀ ਵਾਲੀ ਜ਼ਮੀਨ ਵਜੋਂ ਵੇਚ ਕੇ ਗ਼ੈਰ-ਕਾਨੂੰਨੀ ਤੌਰ 'ਤੇ ਪੈਸੇ ਕਮਾਉਣ ਵਿਚ ਗਿਰੀਸ਼ ਦੀ ਮਦਦ ਕੀਤੀ ਸੀ। ਉਨ੍ਹਾਂ ਦਸਿਆ ਕਿ ਇਸ ਜ਼ਮੀਨ ਦੀ ਰਜਿਸਟਰੀ ਘੱਟ ਕੀਮਤ 'ਤੇ ਕਰਵਾਈ ਗਈ ਕਿਉਂਕਿ ਪਵਨ ਕੁਮਾਰ ਨਗਰ ਕੌਂਸਲ ਜ਼ੀਰਕਪੁਰ ਦੀ ਹਦੂਦ ਅੰਦਰ ਰੀਅਲ ਅਸਟੇਟ ਦਾ ਕਾਰੋਬਾਰ ਕਰ ਰਿਹਾ ਸੀ, ਜਿਥੇ ਗਿਰੀਸ਼ ਵਰਮਾ ਲੰਬੇ ਸਮੇਂ ਤੋਂ ਈ.ਓ. ਵਜੋਂ ਤਾਇਨਾਤ ਸੀ ਅਤੇ ਬਦਲੇ ਵਿਚ ਉਸ ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਲਾਭ ਵੀ ਦਿੰਦਾ ਸੀ।
ਇਹ ਵੀ ਪੜ੍ਹੋ: ਪੀ.ਐਸ.ਪੀ.ਸੀ.ਐਲ ਵਲੋਂ ਬਿਜਲੀ ਖ਼ਪਤਕਾਰਾਂ ਲਈ ਹੈਲਪਲਾਈਨ ਨੰਬਰ ਜਾਰੀ
ਉਨ੍ਹਾਂ ਅੱਗੇ ਕਿਹਾ ਕਿ ਪਵਨ ਕੁਮਾਰ ਨਾਲ ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਦੇ ਹੋਰ ਵੀ ਕਈ ਵਿੱਤੀ ਲੈਣ-ਦੇਣ ਹਨ। ਉਸ ਨੇ ਗਿਰੀਸ਼ ਵਰਮਾ ਦੇ ਨਜਾਇਜ਼ ਪੈਸੇ ਨਕਦ ਲੈ ਕੇ ਅਤੇ ਬੈਂਕ ਐਂਟਰੀਆਂ ਰਾਹੀਂ ਜਾਇਜ਼ ਬਣਾਉਣ ਵਿਚ ਵੀ ਮਦਦ ਕੀਤੀ। ਉਨ੍ਹਾਂ ਦਸਿਆ ਕਿ ਗਿਰੀਸ਼ ਨੂੰ ਅਕਤੂਬਰ 2022 ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ ਜਦਕਿ ਪਵਨ ਕੁਮਾਰ ਫ਼ਰਾਰ ਚੱਲ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਹਾਲ ਹੀ ਵਿਚ, ਹਾਈ ਕੋਰਟ ਨੇ ਸਹਿ-ਦੋਸ਼ੀ ਗੌਰਵ ਗੁਪਤਾ ਵਾਸੀ ਕੁਰਾਲੀ (ਸਾਬਕਾ ਐਮ.ਸੀ.), ਸੰਜੀਵ ਕੁਮਾਰ ਵਾਸੀ ਖਰੜ, ਜੋ ਰੀਅਲ ਅਸਟੇਟ ਫਰਮ ਬਾਲਾਜੀ ਇਨਫਰਾ ਬਿਲਡਟੈਕ ਵਿਚ ਵਿਕਾਸ ਵਰਮਾ ਦੇ ਭਾਈਵਾਲ ਹਨ, ਦੀਆਂ ਅਗਾਊਂ ਜ਼ਮਾਨਤ ਪਟੀਸ਼ਨਾਂ ਨੂੰ ਖ਼ਾਰਜ ਕਰ ਦਿਤਾ ਹੈ। ਈ.ਓ. ਗਿਰੀਸ਼ ਵਰਮਾ ਦੇ ਪੁੱਤਰ ਵਿਕਾਸ ਵਰਮਾ ਦੀ ਅਗਾਊਂ ਜ਼ਮਾਨਤ ਵੀ ਹਾਈ ਕੋਰਟ ਨੇ ਖ਼ਾਰਜ ਕਰ ਦਿਤੀ ਹੈ ਅਤੇ ਉਹ ਅਜੇ ਫ਼ਰਾਰ ਹੈ।