
ਹੁਣ ਤਕ ਲਗਭਗ 100 ਦੇਸ਼ਾਂ ਦੇ ਨੇਤਾਵਾਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੇ ਕੌਮੀ ਲੋਕਤੰਤਰੀ ਗਠਜੋੜ (ਐਨ.ਡੀ.ਏ.) ਦੀ ਜਿੱਤ ’ਤੇ ਮੋਦੀ ਨੂੰ ਵਧਾਈ ਦਿਤੀ ਹੈ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਅਪਣੇ ਪਾਕਿਸਤਾਨੀ ਹਮਰੁਤਬਾ ਸ਼ਾਹਬਾਜ਼ ਸ਼ਰੀਫ ਦਾ ਲਗਾਤਾਰ ਤੀਜੀ ਵਾਰ ਦੇਸ਼ ਦੀ ਵਾਗਡੋਰ ਸੰਭਾਲਣ ’ਤੇ ਵਧਾਈ ਸੰਦੇਸ਼ ਦੇਣ ਲਈ ਧੰਨਵਾਦ ਕੀਤਾ। 4 ਜੂਨ ਨੂੰ ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਖਤਮ ਹੋਣ ਤੋਂ ਬਾਅਦ, ਲਗਭਗ 100 ਦੇਸ਼ਾਂ ਦੇ ਨੇਤਾਵਾਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੇ ਕੌਮੀ ਲੋਕਤੰਤਰੀ ਗਠਜੋੜ (ਐਨ.ਡੀ.ਏ.) ਦੀ ਜਿੱਤ ’ਤੇ ਮੋਦੀ ਨੂੰ ਵਧਾਈ ਦਿਤੀ ਹੈ।
ਮੋਦੀ ਨੇ ‘ਐਕਸ’ ’ਤੇ ਸ਼ਰੀਫ ਦੇ ਵਧਾਈ ਸੰਦੇਸ਼ ਦੇ ਜਵਾਬ ’ਚ ਕਿਹਾ, ‘‘ਤੁਹਾਡੀਆਂ ਸ਼ੁਭਕਾਮਨਾਵਾਂ ਲਈ ਸ਼ਾਹਬਾਜ਼ ਸ਼ਰੀਫ ਦਾ ਧੰਨਵਾਦ।’’ ਇਸ ਤੋਂ ਪਹਿਲਾਂ ਸ਼ਰੀਫ ਨੇ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਇਕ ਪੋਸਟ ’ਚ ਕਿਹਾ, ‘‘ਨਰਿੰਦਰ ਮੋਦੀ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਵਧਾਈ।’’
ਭਾਰਤ ਦੇ ਗੁਆਂਢੀ ਦੇਸ਼ਾਂ ਅਤੇ ਹਿੰਦ ਮਹਾਂਸਾਗਰ ਖੇਤਰ ਦੇ ਸੱਤ ਨੇਤਾਵਾਂ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਅਤੇ ਕੇਂਦਰੀ ਕੈਬਨਿਟ ਦੇ ਸਹੁੰ ਚੁੱਕ ਸਮਾਰੋਹ ’ਚ ਹਿੱਸਾ ਲਿਆ। ਐਨ.ਡੀ.ਏ. ਦੀ ਚੋਣ ਜਿੱਤ ਤੋਂ ਬਾਅਦ ਇਨ੍ਹਾਂ ਦੇਸ਼ਾਂ ਦੇ ਨੇਤਾਵਾਂ ਅਤੇ ਕਈ ਹੋਰ ਨੇਤਾਵਾਂ ਨੇ ਮੋਦੀ ਨੂੰ ਟੈਲੀਫੋਨ ਕੀਤਾ ਸੀ ਅਤੇ ਵਧਾਈ ਸੰਦੇਸ਼ ਭੇਜੇ ਸਨ। ਹਾਲਾਂਕਿ, ਸੋਮਵਾਰ ਨੂੰ ‘ਐਕਸ’ ’ਤੇ ਸ਼ਰੀਫ ਦੀ ਪੋਸਟ ਤੋਂ ਪਹਿਲਾਂ ਪਾਕਿਸਤਾਨ ਤੋਂ ਅਜਿਹਾ ਕੋਈ ਸੰਦੇਸ਼ ਨਹੀਂ ਆਇਆ ਸੀ।
ਪੁਲਵਾਮਾ ਅਤਿਵਾਦੀ ਹਮਲੇ ਦੇ ਜਵਾਬ ਵਿਚ ਫ਼ਰਵਰੀ 2019 ਵਿਚ ਭਾਰਤੀ ਲੜਾਕੂ ਜਹਾਜ਼ਾਂ ਨੇ ਪਾਕਿਸਤਾਨ ਦੇ ਬਾਲਾਕੋਟ ਵਿਚ ਜੈਸ਼-ਏ-ਮੁਹੰਮਦ ਦੇ ਅਤਿਵਾਦੀ ਸਿਖਲਾਈ ਕੈਂਪ ’ਤੇ ਬੰਬਾਰੀ ਕੀਤੀ ਸੀ, ਜਿਸ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਸਬੰਧ ਖਰਾਬ ਹੋ ਗਏ ਸਨ। ਭਾਰਤ ਵਲੋਂ 5 ਅਗੱਸਤ, 2019 ਨੂੰ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਵਾਪਸ ਲੈਣ ਅਤੇ ਰਾਜ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ’ਚ ਵੰਡਣ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦੇ ਸਬੰਧ ਹੋਰ ਖਰਾਬ ਹੋ ਗਏ ਸਨ।
ਭਾਰਤ ਦਾ ਕਹਿਣਾ ਹੈ ਕਿ ਉਹ ਪਾਕਿਸਤਾਨ ਨਾਲ ਸਧਾਰਣ ਗੁਆਂਢੀ ਸਬੰਧ ਚਾਹੁੰਦਾ ਹੈ ਅਤੇ ਇਸ ਗੱਲ ’ਤੇ ਜ਼ੋਰ ਦਿੰਦਾ ਰਿਹਾ ਹੈ ਕਿ ਅਜਿਹੇ ਸਬੰਧਾਂ ਲਈ ਅਤਿਵਾਦ ਅਤੇ ਦੁਸ਼ਮਣੀ ਤੋਂ ਮੁਕਤ ਮਾਹੌਲ ਬਣਾਉਣ ਦੀ ਜ਼ਿੰਮੇਵਾਰੀ ਇਸਲਾਮਾਬਾਦ ਦੀ ਹੈ।