
ਉਹ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤਕ ਅਪਣੀ ਪਤਨੀ ਨੂੰ ਮਿਲ ਸਕਣਗੇ।
Manish Sisodia: ਕਥਿਤ ਸ਼ਰਾਬ ਘੁਟਾਲੇ ਵਿਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ ਦੇ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਪਣੀ ਪਤਨੀ ਨਾਲ ਮਿਲਣ ਦੀ ਇਜਾਜ਼ਤ ਦੇ ਦਿਤੀ ਗਈ ਹੈ। ਰਾਊਜ਼ ਐਵੇਨਿਊ ਅਦਾਲਤ ਨੇ ਉਨ੍ਹਾਂ ਨੂੰ 11 ਨਵੰਬਰ ਨੂੰ ਅਪਣੀ ਪਤਨੀ ਨਾਲ ਮੁਲਾਕਾਤ ਕਰਨ ਦਾ ਸਮਾਂ ਦਿਤਾ ਹੈ। ਉਹ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤਕ ਅਪਣੀ ਪਤਨੀ ਨੂੰ ਮਿਲ ਸਕਣਗੇ। ਹਾਲਾਂਕਿ ਸਿਸੋਦੀਆ ਨੇ 5 ਦਿਨਾਂ ਦੀ ਰਿਹਾਈ ਦੀ ਮੰਗ ਕੀਤੀ ਸੀ।
ਇਸ ਤੋਂ ਪਹਿਲਾਂ ਜੂਨ 'ਚ ਵੀ ਸਿਸੋਦੀਆ ਨੂੰ ਅਪਣੀ ਪਤਨੀ ਨਾਲ ਮਿਲਣ ਦੀ ਇਜਾਜ਼ਤ ਮਿਲੀ ਸੀ। ਉਸ ਸਮੇਂ ਉਹ ਸੱਤ ਘੰਟੇ ਅਪਣੇ ਰਹਿ ਸਕੇ ਸਨ। ਉਨ੍ਹਾਂ ਨੂੰ ਅਪਣੀ ਬੀਮਾਰ ਪਤਨੀ ਨੂੰ ਮਿਲਣ ਲਈ ਕੁੱਝ ਸ਼ਰਤਾਂ ਨਾਲ ਘਰ ਆਉਣ ਦੀ ਇਜਾਜ਼ਤ ਦਿਤੀ ਗਈ ਸੀਹੁਣ ਇਕ ਵਾਰ ਫਿਰ ਅਦਾਲਤ ਨੇ ਉਨ੍ਹਾਂ ਨੂੰ ਇਹ ਰਾਹਤ ਦਿਤੀ ਹੈ। ਸਿਸੋਦੀਆ ਦੀ ਪਤਨੀ ਲੰਬੇ ਸਮੇਂ ਤੋਂ ਬਿਮਾਰ ਹੈ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਅਪਣੀ ਪਤਨੀ ਦੀ ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਦੀ ਮੰਗ ਕੀਤੀ ਸੀ, ਪਰ ਅਦਾਲਤ ਨੇ ਇਨਕਾਰ ਕਰ ਦਿਤਾ।
ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ ਇਸ ਸਾਲ 26 ਫਰਵਰੀ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫਤਾਰ ਕਰ ਲਿਆ। ਕੁੱਝ ਦਿਨ ਜਾਂਚ ਏਜੰਸੀਆਂ ਦੀ ਹਿਰਾਸਤ ਵਿਚ ਰਹਿਣ ਤੋਂ ਬਾਅਦ ਉਨ੍ਹਾਂ ਨੂੰ ਤਿਹਾੜ ਜੇਲ ਭੇਜ ਦਿਤਾ ਗਿਆ।