
ਦੇਸ਼ ਦੀਆਂ ਬਾਕੀ ਔਰਤਾਂ ਦਾ ਮਨੋਬਲ ਵਧਾ ਰਹੀਆਂ ਧਰਨੇ 'ਚ ਸ਼ਾਮਲ ਕਿਸਾਨ ਔਰਤਾਂ
ਨਵੀਂ ਦਿੱਲੀ: ਸਾਬਕਾ ਮਿਸ ਇੰਡੀਆ ਅਤੇ ਅਦਾਕਾਰਾ ਗੁਲ ਪਨਾਗ ਨੇ ਮੰਗਲਵਾਰ ਨੂੰ ਕਿਸਾਨ ਜਥੇਬੰਦੀਆਂ ਦੇ ਭਾਰਤ ਬੰਦ ਦੇ ਸੱਦੇ ਦੌਰਾਨ ਕਿਸਾਨੀ ਸੰਘਰਸ਼ ‘ਚ ਸ਼ਮੂਲੀਅਤ ਕੀਤੀ। ਇਸ ਮੌਕੇ ਅਭਿਨੇਤਰੀ ਨੇ ਸਿੰਘੂ ਬਾਰਡਰ ‘ਤੇ ਕਿਸਾਨਾਂ ਨਾਲ ਮੁਲਾਕਾਤ ਕੀਤੀ। ਗੁਲ ਪਨਾਗ ਨੇ ਸਿੰਘੂ ਬਾਰਡਰ ‘ਤੇ ਕਰੀਬ 2 ਘੰਟੇ ਬਿਤਾਏ ਤੇ ਕਿਸਾਨਾਂ ਨਾਲ ਗੱਲਬਾਤ ਕੀਤੀ।
Gul Panag join farmer protest at Singhu border
ਗੁਲ ਪਨਾਗ ਦਾ ਅਸਲ ਨਾਂਅ ਗੁਲਕੀਰਤ ਕੌਰ ਹੈ, ਉਹਨਾਂ ਨੇ ਨੇ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਚੰਡੀਗੜ੍ਹ ਸੀਟ ਤੋਂ ਆਪ ਦੀ ਟਿਕਟ ‘ਤੇ ਚੋਣ ਲੜੀ ਸੀ।ਮੀਡੀਆ ਨਾਲ ਗੱਲ ਕਰਦਿਆਂ ਗੁਲ ਪਨਾਗ ਨੇ ਦੱਸਿਆ ਕਿ ਉਹਨਾਂ ਕੋਲ ਪੰਜਾਬ ਦੇ ਫਤਿਹਗੜ੍ਹ ਸਾਹਿਬ ਦੇ ਪਿੰਡ ਮਹਾਂਦੀਆਂ ਵਿਖੇ ਤਕਰੀਬਨ ਦੋ ਏਕੜ ਦੀ ਖੇਤੀ ਵਾਲੀ ਜ਼ਮੀਨ ਹੈ।
Gul Panag join farmer protest at Singhu border
ਉਹਨਾਂ ਦੱਸਿਆ ਕਿ ਉਹਨਾਂ ਦੇ ਪਿਤਾ ਨੇ ਫੌਜ ਛੱਡਣ ਤੋਂ ਬਾਅਦ ਖੇਤੀ ਕੀਤੀ ਸੀ। ਉਸ ਨੇ ਕਿਹਾ ਕਿ ਉਹ ਇੱਥੇ ਔਰਤਾਂ ਦਾ ਹੌਂਸਲਾ ਵਧਾਉਣ ਆਈ ਸੀ ਪਰ ਉਸ ਨੇ ਆ ਕੇ ਦੇਖਿਆ ਕਿ ਇਹ ਕਿਸਾਨ ਔਰਤਾਂ ਦੇਸ਼ ਦੀਆਂ ਬਾਕੀ ਔਰਤਾਂ ਦਾ ਮਨੋਬਲ ਵਧਾ ਰਹੀਆਂ ਹਨ।
Gul Panag join farmer protest at Singhu border
ਗੁਲ ਪਨਾਗ ਨੇ ਦੱਸਿਆ ਕਿ ਉਹ ਕਿਸਾਨ ਪਰਿਵਾਰ ਨਾਲ ਸਬੰਧ ਰੱਖਦੀ ਹੈ ਤੇ ਉਹ ਇੱਥੇ ਹਮਦਰਦੀ ਦੀ ਭਾਵਨਾ ਨਾਲ ਆਈ ਹੈ। ਉਹਨਾਂ ਕਿਹਾ ਕਿ ਕਾਨੂੰਨਾਂ ਨੂੰ ਧੱਕੇ ਨਾਲ ਕਿਸਾਨਾਂ ‘ਤੇ ਥੋਪਿਆ ਜਾ ਰਿਹਾ ਹੈ ਤੇ ਕਾਨੂੰਨ ਲਾਗੂ ਕਰਨ ਤੋਂ ਪਹਿਲਾਂ ਕਿਸਾਨਾਂ ਨਾਲ ਕੋਈ ਚਰਚਾ ਨਹੀਂ ਕੀਤੀ ਗਈ। ਅਦਾਕਾਰਾ ਨੇ ਕਿਹਾ ਕਿ ਪੰਜਾਬੀਆਂ ਵਿਚ ਖਾਲਿਸਤਾਨ ਪੱਖੀ ਭਾਵਨਾਵਾਂ ਨਹੀਂ ਹਨ ਅਤੇ ਇਹ ਮੰਦਭਾਗਾ ਹੈ ਕਿ ਸਾਰੇ ਕਿਸਾਨਾਂ ਨੂੰ ਦੇਸ਼ ਵਿਰੋਧੀ ਬਣਾਉਣ ਦੀ ਕੋਸ਼ਿਸ਼ ਕੀਤੀ ਗਈ।
#StandWithFarmers
— Gul Panag (@GulPanag) December 9, 2020
#Tractor2Twitter pic.twitter.com/RBLyl5sAF6
ਗੁਲ ਪਨਾਗ ਨੇ ਮੀਡੀਆ ਨੂੰ ਦੱਸਿਆ ਕਿ ਉਹਨਾਂ ਨੇ ਯੂ ਪੀ, ਪੰਜਾਬ, ਰਾਜਸਥਾਨ ਅਤੇ ਹਰਿਆਣਾ ਦੇ ਕਿਸਾਨਾਂ ਨਾਲ ਵੀ ਮੁਲਾਕਾਤ ਕੀਤੀ। ਉਹਨਾਂ ਕਿਹਾ ਕਿ ਅਜਿਹਾ ਨਹੀਂ ਹੈ ਕਿ ਇੱਥੇ ਸਿਰਫ਼ ਪੰਜਾਬ ਦੇ ਕਿਸਾਨ ਹਨ, ਇੱਥੇ ਹੋਰ ਸੂਬਿਆਂ ਦੇ ਕਿਸਾਨ ਵੀ ਸ਼ਾਮਲ ਹਨ। ਦੱਸ ਦਈਏ ਕਿ ਗੁਲ ਪਨਾਂਗ ਵੱਲੋਂ ਲਗਾਤਾਰ ਸੋਸ਼ਲ ਮੀਡੀਆ ‘ਤੇ ਵੀ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਜਾ ਰਹੀ ਹੈ।