ਪਾਰਟੀ ਦੇ ਸੂਬਾ ਹੈੱਡਕੁਆਰਟਰ 'ਚ ਹੋਈ ਮੀਟਿੰਗ 'ਚ ਪਟੇਲ ਨੂੰ ਸਰਬਸੰਮਤੀ ਨਾਲ ਵਿਧਾਇਕ ਦਲ ਦਾ ਨੇਤਾ ਐਲਾਨ ਦਿੱਤਾ ਗਿਆ।
ਗਾਂਧੀਨਗਰ: ਗੁਜਰਾਤ ਵਿਚ ਭਾਰਤੀ ਜਨਤਾ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕਾਂ ਨੇ ਸ਼ਨੀਵਾਰ ਨੂੰ ਹੋਈ ਬੈਠਕ ਵਿਚ ਭੁਪੇਂਦਰ ਪਟੇਲ ਨੂੰ ਪਾਰਟੀ ਦੇ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਹੈ ਅਤੇ ਉਹ ਦੂਜੀ ਵਾਰ ਵੀ ਸੂਬੇ ਦੇ ਮੁੱਖ ਮੰਤਰੀ ਦੇ ਬਣੇ ਰਹਿਣਗੇ। ਪਾਰਟੀ ਦੇ ਸੂਬਾ ਹੈੱਡਕੁਆਰਟਰ 'ਚ ਹੋਈ ਮੀਟਿੰਗ 'ਚ ਪਟੇਲ ਨੂੰ ਸਰਬਸੰਮਤੀ ਨਾਲ ਵਿਧਾਇਕ ਦਲ ਦਾ ਨੇਤਾ ਐਲਾਨ ਦਿੱਤਾ ਗਿਆ।
ਭਾਜਪਾ ਨੇ ਇਕ ਬਿਆਨ ਵਿਚ ਕਿਹਾ, "ਨਵੇਂ ਚੁਣੇ ਗਏ ਵਿਧਾਇਕਾਂ ਦੀ ਅੱਜ ਮੀਟਿੰਗ ਹੋਈ, ਜਿੱਥੇ ਭੁਪੇਂਦਰ ਪਟੇਲ ਨੂੰ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਨਾਮਜ਼ਦ ਕਰਨ ਦੇ ਪ੍ਰਸਤਾਵ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ ਗਈ।" ਸੂਬੇ 'ਚ ਨਵੀਂ ਸਰਕਾਰ ਦੇ ਗਠਨ ਦਾ ਰਾਹ ਪੱਧਰਾ ਕਰਨ ਲਈ ਪਟੇਲ ਨੇ ਆਪਣੀ ਪੂਰੀ ਕੈਬਨਿਟ ਦੇ ਨਾਲ ਸ਼ੁੱਕਰਵਾਰ ਨੂੰ ਅਸਤੀਫਾ ਦੇ ਦਿੱਤਾ ਸੀ। ਰਾਜ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੇ ਇਤਿਹਾਸਕ ਜਿੱਤ ਦਰਜ ਕੀਤੀ ਹੈ।
ਵਿਧਾਇਕ ਦਲ ਦੀ ਬੈਠਕ 'ਚ ਕੇਂਦਰੀ ਆਬਜ਼ਰਵਰ ਵਜੋਂ ਭਾਜਪਾ ਦੇ ਸੀਨੀਅਰ ਨੇਤਾ ਰਾਜਨਾਥ ਸਿੰਘ, ਬੀਐੱਸ ਯੇਦੀਯੁਰੱਪਾ ਅਤੇ ਅਰਜੁਨ ਮੁੰਡਾ ਸ਼ਾਮਲ ਹੋਏ।ਪਟੇਲ ਨੇ ਇਸ ਸਾਲ ਦੀਆਂ ਚੋਣਾਂ ਵਿਚ ਅਹਿਮਦਾਬਾਦ ਜ਼ਿਲ੍ਹੇ ਦੀ ਘਾਟਲੋਡੀਆ ਵਿਧਾਨ ਸਭਾ ਸੀਟ ਤੋਂ ਲਗਾਤਾਰ ਦੂਜੀ ਵਾਰ 1.92 ਲੱਖ ਵੋਟਾਂ ਦੇ ਫਰਕ ਨਾਲ ਜਿੱਤ ਹਾਸਲ ਕੀਤੀ। ਪਿਛਲੇ ਸਾਲ ਸਤੰਬਰ ਵਿਚ ਉਹਨਾਂ ਨੂੰ ਵਿਜੇ ਰੂਪਾਨੀ ਦੀ ਥਾਂ ਮੁੱਖ ਮੰਤਰੀ ਬਣਾਇਆ ਗਿਆ ਸੀ। ਭਾਜਪਾ ਨੇ ਗੁਜਰਾਤ ਦੀਆਂ 182 ਵਿਧਾਨ ਸਭਾ ਸੀਟਾਂ ਵਿਚੋਂ 156 ਸੀਟਾਂ ਜਿੱਤ ਕੇ ਇਤਿਹਾਸਕ ਜਿੱਤ ਦਰਜ ਕੀਤੀ ਹੈ। 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ 99 ਸੀਟਾਂ ਮਿਲੀਆਂ ਸਨ।
ਪਾਰਟੀ ਪਹਿਲਾਂ ਹੀ ਐਲਾਨ ਕਰ ਚੁੱਕੀ ਹੈ ਕਿ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 12 ਦਸੰਬਰ ਨੂੰ ਹੋਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ-ਨਾਲ ਭਾਜਪਾ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀ ਵੀ ਸਮਾਗਮ ਵਿਚ ਹਾਜ਼ਰ ਹੋਣਗੇ।ਪ੍ਰਦੇਸ਼ ਭਾਜਪਾ ਪ੍ਰਧਾਨ ਸੀਆਰ ਪਾਟਿਲ ਨੇ ਕਿਹਾ ਸੀ ਕਿ ਭੁਪੇਂਦਰ ਪਟੇਲ ਮੁੱਖ ਮੰਤਰੀ ਬਣੇ ਰਹਿਣਗੇ ਅਤੇ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ ਸੋਮਵਾਰ ਨੂੰ ਗਾਂਧੀਨਗਰ ਦੇ ਹੈਲੀਪੈਡ ਮੈਦਾਨ 'ਤੇ ਹੋਵੇਗਾ।