
ਪ੍ਰਤਿਭਾ ਸਿੰਘ ਦੇ ਖੇਮੇ ਤੋਂ ਮੁਕੇਸ਼ ਅਗਨੀਹੋਤਰੀ ਨੂੰ ਡਿਪਟੀ ਸੀਐਮ ਬਣਾਇਆ ਗਿਆ ਹੈ। ਕੱਲ੍ਹ ਸਵੇਰੇ 11 ਵਜੇ ਸਹੁੰ ਚੁੱਕ ਸਮਾਗਮ ਹੋਵੇਗਾ।
ਸ਼ਿਮਲਾ: ਹਿਮਾਚਲ ਪ੍ਰਦੇਸ਼ 'ਚ ਲੰਬੀ ਚਰਚਾ ਤੋਂ ਬਾਅਦ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ ਕੀਤਾ ਗਿਆ ਹੈ। ਸੁਖਵਿੰਦਰ ਸਿੰਘ ਸੁੱਖੂ ਸੂਬੇ ਦੇ ਨਵੇਂ ਮੁੱਖ ਮੰਤਰੀ ਹੋਣਗੇ। ਕਾਂਗਰਸ ਵਿਧਾਇਕ ਦਲ ਦੀ ਬੈਠਕ 'ਚ ਉਹਨਾਂ ਦੇ ਨਾਂਅ ਦਾ ਐਲਾਨ ਕੀਤਾ ਗਿਆ ਹੈ। ਉਹਨਾਂ ਦੇ ਨਾਲ ਹੀ ਪ੍ਰਤਿਭਾ ਸਿੰਘ ਦੇ ਖੇਮੇ ਤੋਂ ਮੁਕੇਸ਼ ਅਗਨੀਹੋਤਰੀ ਨੂੰ ਡਿਪਟੀ ਸੀਐਮ ਬਣਾਇਆ ਗਿਆ ਹੈ। ਕੱਲ੍ਹ ਸਵੇਰੇ 11 ਵਜੇ ਸਹੁੰ ਚੁੱਕ ਸਮਾਗਮ ਹੋਵੇਗਾ।
ਇਸ ਦੇ ਲਈ ਕਾਂਗਰਸ ਵਿਧਾਇਕ ਦਲ ਦੇ ਆਗੂ ਸੁਖਵਿੰਦਰ ਸੁੱਖੂ ਰਾਜਪਾਲ ਨੂੰ ਮਿਲ ਕੇ ਸਮਾਂ ਮੰਗਣਗੇ। ਸੁਖਵਿੰਦਰ ਸੁੱਖ ਨੇ ਕਿਹਾ ਕਿ ਮੈਂ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਅਤੇ ਸੂਬੇ ਦੇ ਲੋਕਾਂ ਦਾ ਧੰਨਵਾਦੀ ਹਾਂ। ਸਾਡੀ ਸਰਕਾਰ ਬਦਲਾਅ ਲਿਆਵੇਗੀ। ਹਿਮਾਚਲ ਪ੍ਰਦੇਸ਼ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨਾ ਮੇਰੀ ਜ਼ਿੰਮੇਵਾਰੀ ਹੈ। ਅਸੀਂ ਸੂਬੇ ਦੇ ਵਿਕਾਸ ਲਈ ਕੰਮ ਕਰਨਾ ਹੈ। ਉਹਨਾਂ ਕਿਹਾ ਕਿ ਅਸੀਂ ਇਕ ਟੀਮ ਵਜੋਂ ਕੰਮ ਕਰਾਂਗੇ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਮੇਰੇ ਲਈ ਜੋ ਕੀਤਾ ਹੈ, ਉਸ ਨੂੰ ਮੈਂ ਕਦੇ ਨਹੀਂ ਭੁੱਲ ਸਕਾਂਗਾ।
ਹਿਮਾਚਲ 'ਚ 8 ਦਸੰਬਰ ਨੂੰ ਚੋਣ ਨਤੀਜੇ ਐਲਾਨੇ ਜਾਣ ਤੋਂ ਬਾਅਦ ਤੋਂ ਹੀ ਮੁੱਖ ਮੰਤਰੀ ਨੂੰ ਲੈ ਕੇ ਘਮਾਸਾਨ ਜਾਰੀ ਸੀ। ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਪ੍ਰਤਿਭਾ ਸਿੰਘ ਵੀ 40 ਸੀਟਾਂ ਜਿੱਤ ਕੇ ਬਹੁਮਤ ਹਾਸਲ ਕਰਨ ਵਾਲੀ ਕਾਂਗਰਸ ਵਿਚ ਮੁੱਖ ਮੰਤਰੀ ਦੇ ਅਹੁਦੇ ਲਈ ਦਾਅਵਾ ਪੇਸ਼ ਕਰ ਰਹੀ ਸੀ। ਹਾਲਾਂਕਿ ਵਿਧਾਇਕਾਂ ਦੀ ਰਾਇਸ਼ੁਮਾਰੀ ਤੋਂ ਬਾਅਦ ਸੁਖਵਿੰਦਰ ਸਿੰਘ ਸੁੱਖੂ ਦੌੜ ਵਿਚ ਅੱਗੇ ਸਨ। ਕਾਂਗਰਸ ਹਾਈਕਮਾਨ ਨੇ ਵੀ ਉਹਨਾਂ ਦੇ ਨਾਂਅ 'ਤੇ ਮੋਹਰ ਲਗਾ ਦਿੱਤੀ ਹੈ।