
ਜਸਟਿਸ ਅਜੈ ਰਸਤੋਗੀ ਅਤੇ ਜਸਟਿਸ ਬੇਲਾ ਐਮ ਤ੍ਰਿਵੇਦੀ ਦੀ ਬੈਂਚ ਮਾਮਲੇ ਦੀ ਸੁਣਵਾਈ ਕਰੇਗੀ।
ਨਵੀਂ ਦਿੱਲੀ: ਬਿਲਕਿਸ ਬਾਨੋ ਦੇ 11 ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਸੁਪਰੀਮ ਕੋਰਟ 13 ਦਸੰਬਰ ਯਾਨੀ ਮੰਗਲਵਾਰ ਨੂੰ ਸੁਣਵਾਈ ਕਰੇਗੀ। ਜਸਟਿਸ ਅਜੈ ਰਸਤੋਗੀ ਅਤੇ ਜਸਟਿਸ ਬੇਲਾ ਐਮ ਤ੍ਰਿਵੇਦੀ ਦੀ ਬੈਂਚ ਮਾਮਲੇ ਦੀ ਸੁਣਵਾਈ ਕਰੇਗੀ। 2002 'ਚ ਗੁਜਰਾਤ 'ਚ ਗੋਧਰਾ ਕਾਂਡ ਤੋਂ ਬਾਅਦ ਬਿਲਕਿਸ ਬਾਨੋ ਸਮੂਹਿਕ ਜ਼ਬਰ ਜਨਾਹ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਕੱਟ ਚੁੱਕੇ ਸਾਰੇ 11 ਦੋਸ਼ੀਆਂ ਨੂੰ ਗੋਧਰਾ ਸਬ-ਜੇਲ ਤੋਂ ਰਿਹਾਅ ਕਰ ਦਿੱਤਾ ਗਿਆ ਸੀ।
ਗੁਜਰਾਤ ਸਰਕਾਰ ਨੇ ਆਪਣੀ ਮੁਆਫ਼ੀ ਨੀਤੀ ਤਹਿਤ ਉਹਨਾਂ ਦੀ ਰਿਹਾਈ ਨੂੰ ਮਨਜ਼ੂਰੀ ਦਿੱਤੀ। ਮੁੰਬਈ ਵਿਚ ਕੇਂਦਰੀ ਜਾਂਚ ਬਿਊਰੋ ਦੀ ਇਕ ਵਿਸ਼ੇਸ਼ ਅਦਾਲਤ ਨੇ ਬਿਲਕਿਸ ਬਾਨੋ ਦੇ ਪਰਿਵਾਰ ਦੇ ਸੱਤ ਮੈਂਬਰਾਂ ਨਾਲ ਸਮੂਹਿਕ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿਚ 21 ਜਨਵਰੀ 2008 ਨੂੰ 11 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਬਾਅਦ ਵਿਚ ਬੰਬੇ ਹਾਈ ਕੋਰਟ ਨੇ ਉਸ ਦੀ ਸਜ਼ਾ ਨੂੰ ਬਰਕਰਾਰ ਰੱਖਿਆ।
ਇਹਨਾਂ ਦੋਸ਼ੀਆਂ ਨੇ 15 ਸਾਲ ਤੋਂ ਵੱਧ ਦੀ ਸਜ਼ਾ ਕੱਟੀ, ਜਿਸ ਤੋਂ ਬਾਅਦ ਇਹਨਾਂ 'ਚੋਂ ਇਕ ਨੇ ਸਮੇਂ ਤੋਂ ਪਹਿਲਾਂ ਰਿਹਾਈ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ। ਪੰਚਮਹਾਲ ਦੇ ਕਮਿਸ਼ਨਰ ਸੁਜਲ ਮੈਤਰਾ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਗੁਜਰਾਤ ਸਰਕਾਰ ਨੂੰ ਉਸ ਦੀ ਸਜ਼ਾ ਮੁਆਫ਼ ਕਰਨ ਬਾਰੇ ਵਿਚਾਰ ਕਰਨ ਦੇ ਨਿਰਦੇਸ਼ ਦਿੱਤੇ ਸਨ, ਜਿਸ ਤੋਂ ਬਾਅਦ ਸਰਕਾਰ ਨੇ ਇਕ ਕਮੇਟੀ ਬਣਾਈ।