
ਕਿਹਾ, ਤਿੰਨੋਂ ਕਾਨੂੰਨ ਸਿਰਫ਼ ‘ਵੱਡੇ ਉਦਯੋਗਿਕ ਘਰਾਣਿਆਂ’ ਨੂੰ ਲਾਭ ਪਹੁੰਚਾਉਣ ਲਈ ਲਿਆਂਦੇ ਗਏ ਹਨ
ਮੁਜ਼ੱਫਰਨਗਰ : ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਪ੍ਰਧਾਨ ਨਰੇਸ਼ ਟਿਕੈਤ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਅਪਣੇ ‘ਅੜੀਅਲ ਰਵਈਏ’ ਨੂੰ ਛੱਡ ਕੇ ਕਿਸਾਨਾਂ ਦੇ ਮਸਲਿਆਂ ਨੂੰ ਗੱਲਬਾਤ ਰਾਹੀਂ ਹੱਲ ਕਰਨਾ ਚਾਹੀਦਾ ਹੈ। ਐਤਵਾਰ ਸ਼ਾਮ ਨੂੰ ਮੁਜ਼ੱਫਰਨਗਰ ਨੇੜੇ ਸਿਸੋਲੀ ਵਿਚ ਬੀਕੇਯੂ ਦੇ ਮੁੱਖ ਦਫ਼ਤਰ ਵਿਖੇ, ਉਨ੍ਹਾਂ ਨੇ ਪੱਤਰਕਾਰਾਂ ਨੂੰ ਦਸਿਆ ਕਿ ਕਿਸਾਨ ਜਾਣੂ ਹਨ ਕਿ ਇਹ ਤਿੰਨੋਂ ਕਾਨੂੰਨ ਸਿਰਫ਼ ‘ਵੱਡੇ ਉਦਯੋਗਿਕ ਘਰਾਣਿਆਂ’ ਨੂੰ ਲਾਭ ਪਹੁੰਚਾਉਣ ਲਈ ਲਿਆਂਦੇ ਗਏ ਹਨ ਅਤੇ ਇਹ ‘ਕਿਸਾਨਾਂ ਦੇ ਵਿਰੁਧ’ ਹਨ।
Delhi March
ਉਨ੍ਹਾਂ ਕੇਂਦਰ ਸਰਕਾਰ ’ਤੇ ਦੋਸ਼ ਲਾਇਆ ਕਿ ਕਿਸਾਨਾਂ ਵਲੋਂ ਲੰਮੇ ਸਮੇਂ ਤੋਂ ਕੀਤੇ ਜਾ ਰਹੇ ਸੜਕ ਉੱਤੇ ਪ੍ਰਦਰਸ਼ਨਾਂ ਦੌਰਾਨ ਅੜੀਅਲ ਰਵਈਆ ਅਪਣਾਇਆ ਜਾ ਰਿਹਾ ਹੈ। ਨਵੇਂ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਹਜ਼ਾਰਾਂ ਕਿਸਾਨ ਪਿਛਲੇ ਇਕ ਮਹੀਨੇ ਤੋਂ ਠੰਢ ਅਤੇ ਬਾਰਸ਼ ਨਾਲ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ। ਉਨ੍ਹਾਂ ਵਿਚੋਂ ਬਹੁਤ ਸਾਰੇ ਪੰਜਾਬ, ਹਰਿਆਣਾ ਅਤੇ ਪਛਮੀ ਉੱਤਰ ਪ੍ਰਦੇਸ਼ ਦੇ ਕਿਸਾਨ ਹਨ।
Delhi March
ਸਤੰਬਰ 2020 ਵਿਚ ਲਾਗੂ ਕੀਤੇ ਗਏ ਇਨ੍ਹਾਂ ਕਾਨੂੰਨਾਂ ਨੂੰ ਸਰਕਾਰ ਨੇ ਵੱਡੇ ਸੁਧਾਰ ਵਜੋਂ ਪੇਸ਼ ਕੀਤਾ ਹੈ ਅਤੇ ਕਿਹਾ ਹੈ ਕਿ ਉਨ੍ਹਾਂ ਦਾ ਟੀਚਾ ਕਿਸਾਨਾਂ ਦੀ ਆਮਦਨੀ ਵਿਚ ਵਾਧਾ ਕਰਨਾ ਹੈ। ਅੰਦੋਲਨਕਾਰੀ ਕਿਸਾਨਾਂ ਨੇ ਚਿੰਤਾ ਪ੍ਰਗਟਾਈ ਹੈ ਕਿ ਇਹ ਕਾਨੂੰਨ ਘੱਟੋ ਘੱਟ ਸਮਰਥਨ ਮੁੱਲ ਅਤੇ ਮੰਡੀ ਪ੍ਰਣਾਲੀ ਨੂੰ ਕਮਜ਼ੋਰ ਕਰਨਗੇ ਅਤੇ ਉਨ੍ਹਾਂ ਨੂੰ ਉਦਯੋਗਿਕ ਘਰਾਣਿਆਂ ਦੇ ਰਹਿਮੋ ਕਰਮ ਉੱਤੇ ਛੱਡ ਦੇਣਗੇ।