
SBI ਦੀ ਸਮਾਂ ਵਧਾਉਣ ਵਾਲੀ ਪਟੀਸ਼ਨ ਖਾਰਜ
Electoral Bonds Case: ਨਵੀਂ ਦਿੱਲੀ - ਸੋਮਵਾਰ ਨੂੰ ਸੁਪਰੀਮ ਕੋਰਟ ਨੇ ਚੋਣ ਬਾਂਡ ਦੀ ਜਾਣਕਾਰੀ ਦੇਣ ਦੇ ਮਾਮਲੇ 'ਚ ਸਟੇਟ ਬੈਂਕ ਆਫ ਇੰਡੀਆ (ਐੱਸ.ਬੀ.ਆਈ.) ਦੀ ਪਟੀਸ਼ਨ 'ਤੇ ਲਗਭਗ 40 ਮਿੰਟਾਂ 'ਚ ਫ਼ੈਸਲਾ ਸੁਣਾ ਦਿੱਤਾ। ਐਸਬੀਆਈ ਨੇ ਅਦਾਲਤ ਨੂੰ ਕਿਹਾ- ਸਾਨੂੰ ਬਾਂਡ ਨਾਲ ਜੁੜੀ ਜਾਣਕਾਰੀ ਦੇਣ ਵਿਚ ਕੋਈ ਦਿੱਕਤ ਨਹੀਂ ਹੈ, ਪਰ ਇਸ ਵਿਚ ਕੁਝ ਸਮਾਂ ਚਾਹੀਦਾ ਹੈ। ਇਸ 'ਤੇ ਸੀਜੇਆਈ ਡੀਵਾਈ ਚੰਦਰਚੂੜ ਨੇ ਪੁੱਛਿਆ- ਤੁਸੀਂ ਪਿਛਲੀ ਸੁਣਵਾਈ (15 ਫਰਵਰੀ) ਤੋਂ 26 ਦਿਨਾਂ 'ਚ ਕੀ ਕੀਤਾ?
ਕਰੀਬ 40 ਮਿੰਟ ਦੀ ਸੁਣਵਾਈ ਤੋਂ ਬਾਅਦ ਸੁਪਰੀਮ ਕੋਰਟ ਦੇ 5 ਜੱਜਾਂ ਦੀ ਸੰਵਿਧਾਨਕ ਬੈਂਚ ਨੇ ਆਪਣਾ ਫ਼ੈਸਲਾ ਸੁਣਾਉਂਦੇ ਹੋਏ ਕਿਹਾ- SBI 12 ਮਾਰਚ ਤੱਕ ਸਾਰੀ ਜਾਣਕਾਰੀ ਦਾ ਖੁਲਾਸਾ ਕਰੇ। ਚੋਣ ਕਮਿਸ਼ਨ ਨੂੰ 15 ਮਾਰਚ ਨੂੰ ਸ਼ਾਮ 5 ਵਜੇ ਤੱਕ ਸਾਰੀ ਜਾਣਕਾਰੀ ਇਕੱਠੀ ਕਰਕੇ ਵੈੱਬਸਾਈਟ 'ਤੇ ਅਪਲੋਡ ਕਰਨ ਲਈ ਕਿਹਾ ਗਿਆ ਹੈ।
ਅਦਾਲਤ ਨੇ ਇਹ ਵੀ ਕਿਹਾ ਕਿ SBI ਨੂੰ ਆਪਣੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਦਾ ਹਲਫਨਾਮਾ ਦਾਇਰ ਕਰਨਾ ਚਾਹੀਦਾ ਹੈ ਕਿ ਉਹ ਦਿੱਤੇ ਗਏ ਹੁਕਮਾਂ ਦੀ ਪਾਲਣਾ ਕਰਨਗੇ। ਅਸੀਂ ਫਿਲਹਾਲ ਕੋਈ ਕੰਨਟੈਪਟ ਨਹੀਂ ਲਗਾ ਰਹੇ ਹਾਂ, ਪਰ SBI ਨੂੰ ਨੋਟਿਸ ਦੇ ਰਹੇ ਹਾਂ ਕਿ ਜੇਕਰ ਅੱਜ ਦੇ ਹੁਕਮ ਦੀ ਸਮੇਂ ਸਿਰ ਪਾਲਣਾ ਨਾ ਕੀਤੀ ਗਈ, ਤਾਂ ਅਸੀਂ ਇਸਦੇ ਖਿਲਾਫ਼ ਕਾਨੂੰਨੀ ਕਾਰਵਾਈ ਕਰਾਂਗੇ।
ਦਰਅਸਲ, ਸੁਪਰੀਮ ਕੋਰਟ ਦੇ 5 ਜੱਜਾਂ ਦੀ ਸੰਵਿਧਾਨਕ ਬੈਂਚ ਨੇ 15 ਫਰਵਰੀ ਨੂੰ ਚੋਣ ਬਾਂਡ ਦੀ ਵਿਕਰੀ 'ਤੇ ਰੋਕ ਲਗਾ ਦਿੱਤੀ ਸੀ। ਨਾਲ ਹੀ, ਐਸਬੀਆਈ ਨੂੰ 12 ਅਪ੍ਰੈਲ, 2019 ਤੋਂ ਹੁਣ ਤੱਕ ਖਰੀਦੇ ਗਏ ਚੋਣ ਬਾਂਡਾਂ ਦੀ ਜਾਣਕਾਰੀ 6 ਮਾਰਚ ਤੱਕ ਚੋਣ ਕਮਿਸ਼ਨ ਨੂੰ ਦੇਣ ਦਾ ਨਿਰਦੇਸ਼ ਦਿੱਤਾ ਗਿਆ ਸੀ। 4 ਮਾਰਚ ਨੂੰ ਐਸਬੀਆਈ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ ਆਪਣੀ ਜਾਣਕਾਰੀ ਦੇਣ ਲਈ 30 ਜੂਨ ਤੱਕ ਦਾ ਸਮਾਂ ਮੰਗਿਆ ਸੀ। ਇਸ ਤੋਂ ਇਲਾਵਾ ਅਦਾਲਤ ਨੇ ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਜ਼ (ਏ.ਡੀ.ਆਰ.) ਦੀ ਪਟੀਸ਼ਨ 'ਤੇ ਵੀ ਸੁਣਵਾਈ ਕੀਤੀ, ਜਿਸ 'ਚ 6 ਮਾਰਚ ਤੱਕ ਜਾਣਕਾਰੀ ਨਾ ਦੇਣ 'ਤੇ ਐੱਸਬੀਆਈ ਖਿਲਾਫ਼ ਮਾਣਹਾਨੀ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ ਸੀ।
(For more Punjabi news apart from SC orders SBI to submit election bond data by tomorrow,News In Punjabi, stay tuned to Rozana Spokesman)