
ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਪਰ ਦੱਸਿਆ ਜਾ ਰਿਹਾ ਹੈ ਕਿ ਸ਼ੈਲਜਾ ਨੇ ਸ਼ਨੀਵਾਰ ਨੂੰ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ।
ਚੰਡੀਗੜ੍ਹ: ਪੰਜਾਬ ਤੋਂ ਬਾਅਦ ਹੁਣ ਹਰਿਆਣਾ ਕਾਂਗਰਸ ਵਿਚ ਵੀ ਸੰਕਟ ਦੇ ਸੰਕੇਤ ਮਿਲ ਰਹੇ ਹਨ। ਸੂਤਰਾ ਤੋਂ ਜਾਣਕਾਰੀ ਮੁਤਾਬਕ ਹਰਿਆਣਾ ਕਾਂਗਰਸ ਦੀ ਸੂਬਾ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹਾਲਾਂਕਿ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਪਰ ਦੱਸਿਆ ਜਾ ਰਿਹਾ ਹੈ ਕਿ ਸ਼ੈਲਜਾ ਨੇ ਸ਼ਨੀਵਾਰ ਨੂੰ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ।
ਇਸ ਦੌਰਾਨ ਉਹਨਾਂ ਨੇ ਪ੍ਰਧਾਨ ਦਾ ਅਹੁਦਾ ਛੱਡਣ ਦੀ ਪੇਸ਼ਕਸ਼ ਕੀਤੀ ਸੀ। ਦੂਜੇ ਪਾਸੇ ਹਰਿਆਣਾ ਦੇ ਇੰਚਾਰਜ ਵਿਵੇਕ ਬਾਂਸਲ ਨੇ ਕੁਮਾਰੀ ਸ਼ੈਲਜਾ ਦੇ ਅਸਤੀਫ਼ੇ ਦੀ ਸੂਚਨਾ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਦੱਸ ਦੇਈਏ ਕਿ ਹਰਿਆਣਾ ਕਾਂਗਰਸ 'ਚ ਧੜੇਬੰਦੀ ਜ਼ੋਰਾਂ 'ਤੇ ਹੈ।
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬਾ ਕਾਂਗਰਸ ਵਿਚ ਸੰਤੁਲਨ ਬਣਾਉਣ ਲਈ ਸਾਬਕਾ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੂੰ ਪ੍ਰਧਾਨ ਦੀ ਕੁਰਸੀ ’ਤੇ ਬਿਠਾਇਆ ਗਿਆ ਸੀ। ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਹਾਰ ਤੋਂ ਬਾਅਦ ਕਾਂਗਰਸ ਵਿਚ ਹਲਚਲ ਮਚੀ ਹੋਈ ਹੈ। ਸਾਬਕਾ ਸੀਐਮ ਭੁਪਿੰਦਰ ਸਿੰਘ ਹੁੱਡਾ ਗਰੁੱਪ ਕਾਂਗਰਸ ਦੇ ਸੂਬਾ ਪ੍ਰਧਾਨ ਦੇ ਅਹੁਦੇ ਲਈ ਲਾਬਿੰਗ ਵਿਚ ਲੱਗਾ ਹੋਇਆ ਹੈ। ਰਾਜ ਸਭਾ ਮੈਂਬਰ ਦੀਪੇਂਦਰ ਹੁੱਡਾ ਨੂੰ ਕਾਂਗਰਸ ਦਾ ਸੂਬਾ ਪ੍ਰਧਾਨ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ।