
ਪਾਕਿਸਤਾਨ ਨਾਲ ਸਥਾਈ ਜੰਗਬੰਦੀ ਦੀ ਮੰਗ ਕੀਤੀ
ਬੀਜਿੰਗ : ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨੇ ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਗੱਲਬਾਤ ਕੀਤੀ ਅਤੇ ਦੋਹਾਂ ਦੇਸ਼ਾਂ ਨੂੰ ਗੱਲਬਾਤ ਰਾਹੀਂ ਸਥਾਈ ਜੰਗਬੰਦੀ ਦੀ ਮੰਗ ਕਰਨ ਦੀ ਅਪੀਲ ਕੀਤੀ।
ਵਾਂਗ ਨੇ 22 ਅਪ੍ਰੈਲ ਦੇ ਪਹਿਲਗਾਮ ਹਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਚੀਨ ਹਰ ਤਰ੍ਹਾਂ ਦੇ ਅਤਿਵਾਦ ਦਾ ਵਿਰੋਧ ਕਰਦਾ ਹੈ ਅਤੇ ਸ਼ਾਂਤੀਪੂਰਨ ਹੱਲ ਦੀਆਂ ਕੋਸ਼ਿਸ਼ਾਂ ਦਾ ਸਮਰਥਨ ਕਰਦਾ ਹੈ। ਉਨ੍ਹਾਂ ਨੇ ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਮੁਹੰਮਦ ਇਸ਼ਾਕ ਡਾਰ ਨਾਲ ਵੀ ਗੱਲਬਾਤ ਕੀਤੀ।
ਡੋਭਾਲ ਨੇ ਜ਼ੋਰ ਦੇ ਕੇ ਕਿਹਾ ਕਿ ਜੰਗ ਭਾਰਤ ਦੀ ਪਸੰਦ ਨਹੀਂ ਹੈ ਪਰ ਅਤਿਵਾਦ ਵਿਰੋਧੀ ਕਾਰਵਾਈ ਜ਼ਰੂਰੀ ਹੈ। ਵਾਂਗ ਨੇ ਚੀਨ ਦੇ ਰੁਖ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਏਸ਼ੀਆ ਵਿਚ ਸ਼ਾਂਤੀ ਅਤੇ ਸਥਿਰਤਾ ਨੂੰ ਵਧਣ-ਫੁੱਲਣ ਦੇਣਾ ਚਾਹੀਦਾ ਹੈ।
ਚੀਨ ਨੇ ਸੰਜਮ ਵਰਤਣ ਦੀ ਅਪੀਲ ਕੀਤੀ ਅਤੇ ਖੇਤਰੀ ਸ਼ਾਂਤੀ ’ਚ ਰਚਨਾਤਮਕ ਭੂਮਿਕਾ ਨਿਭਾਉਣ ਦੀ ਅਪਣੀ ਵਚਨਬੱਧਤਾ ਦੁਹਰਾਈ। ਚੀਨ ਦੇ ਵਿਦੇਸ਼ ਮੰਤਰਾਲੇ ਨੇ ਕਿਹਾ, ‘‘ਅਸੀਂ ਦੋਹਾਂ ਧਿਰਾਂ ਨੂੰ ਸ਼ਾਂਤੀ ਅਤੇ ਸਥਿਰਤਾ ਦੇ ਵੱਡੇ ਹਿੱਤ ’ਚ ਕੰਮ ਕਰਨ ਦੀ ਜ਼ੋਰਦਾਰ ਅਪੀਲ ਕਰਦੇ ਹਾਂ।’’