ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਕਾਰੋਬਾਰ ਕਰਨ 'ਚ ਆਸਾਨੀ ਅਤੇ ਸ਼ਿਕਾਇਤਾਂ ਦੇ ਤੇਜ਼ੀ ਨਾਲ ਨਿਪਟਾਰੇ ਦੀ ਲੋੜ 'ਤੇ ਦਿੱਤਾ ਜ਼ੋਰ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਸਾਰੇ ਰਾਜਾਂ ਦੇ ਵਿਕਸਿਤ ਹੋਏ ਬਿਨਾਂ ਦੇਸ਼ ‘ਵਿਕਸਿਤ ਭਾਰਤ’ ਨਹੀਂ ਬਣ ਸਕਦਾ। ਇਸ ਦੇ ਨਾਲ ਹੀ, ਉਨ੍ਹਾਂ ਨੇ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਕਾਰੋਬਾਰੀ ਸੁਗਮਤਾ ਅਤੇ ਸ਼ਿਕਾਇਤਾਂ ਦੇ ਤੇਜ਼ੀ ਨਾਲ ਨਿਪਟਾਰੇ ਦੀ ਲੋੜ 'ਤੇ ਜ਼ੋਰ ਦਿੱਤਾ।
ਪ੍ਰਧਾਨ ਮੰਤਰੀ ਨੇ ਇਹ ਗੱਲਾਂ ਰਾਸ਼ਟਰਪਤੀ ਭਵਨ ਸੱਭਿਆਚਾਰਕ ਕੇਂਦਰ ਵਿੱਚ ਆਯੋਜਿਤ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ 11ਵੀਂ ਮੀਟਿੰਗ ਵਿੱਚ ਕਹੀਆਂ।
ਨੀਤੀ ਆਯੋਗ ਦੇ ਉਪ-ਪ੍ਰਧਾਨ ਅਸ਼ੋਕ ਕੁਮਾਰ ਲਹਿਰੀ ਨੇ ਦਿਨ ਭਰ ਚੱਲੀ ਇਸ ਮੀਟਿੰਗ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਰੇ 28 ਰਾਜਾਂ ਦੇ ਮੁੱਖ ਮੰਤਰੀਆਂ ਨੇ ਇਸ ਵਿੱਚ ਹਿੱਸਾ ਲਿਆ ਅਤੇ ਚਰਚਾ ਮੁੱਖ ਤੌਰ 'ਤੇ 'ਸਮਾਵੇਸ਼ੀ ਮਨੁੱਖੀ ਵਿਕਾਸ ਰੂਪਰੇਖਾ' 'ਤੇ ਕੇਂਦਰਿਤ ਰਹੀ।
ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀਆਂ ਨੇ ਊਰਜਾ ਸੁਰੱਖਿਆ ਨਾਲ ਜੁੜੇ ਵੱਖ-ਵੱਖ ਪਹਿਲੂਆਂ 'ਤੇ ਗੱਲਬਾਤ ਕੀਤੀ, ਜਿਸ ਵਿੱਚ ਛੱਤਾਂ 'ਤੇ ਲੱਗਣ ਵਾਲੇ ਸੋਲਰ ਸਿਸਟਮ ਵੀ ਸ਼ਾਮਲ ਸਨ।
ਨੀਤੀ ਆਯੋਗ ਦੇ ਇੱਕ ਮੈਂਬਰ ਨੇ ਦੱਸਿਆ ਕਿ ਮੋਦੀ ਨੇ ਰਾਜਾਂ ਨੂੰ ਜ਼ਿਲ੍ਹਾ ਪੱਧਰ 'ਤੇ ਜੀ.ਡੀ.ਪੀ. (ਸਕਲ ਘਰੇਲੂ ਉਤਪਾਦ) ਦਾ ਮੁਲਾਂਕਣ ਕਰਨ ਲਈ ਵੀ ਕਿਹਾ ਹੈ, ਤਾਂ ਜੋ ਸੂਖਮ ਪੱਧਰ 'ਤੇ ਵਿਕਾਸ ਅਤੇ ਵਾਧੇ ਦਾ ਪਤਾ ਲਗਾਇਆ ਜਾ ਸਕੇ।
ਇੱਕ ਸਵਾਲ ਦੇ ਜਵਾਬ ਵਿੱਚ ਲਹਿਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ, ਮੁੱਖ ਮੰਤਰੀਆਂ ਅਤੇ ਗਵਰਨਿੰਗ ਕੌਂਸਲ ਦੇ ਹੋਰ ਮੈਂਬਰਾਂ ਨੂੰ ਇਸ ਗੱਲ ਦੀ ਜਾਣਕਾਰੀ ਹੈ ਕਿ ਭਾਰਤ ਨੂੰ ਯੋਜਨਾਬੱਧ ਸ਼ਹਿਰੀਕਰਨ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਕਿਸੇ ਵੀ ਮੁੱਖ ਮੰਤਰੀ ਨੇ ਪੱਛਮੀ ਏਸ਼ੀਆ ਸੰਕਟ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਕਿਸੇ ਵਿਸ਼ੇਸ਼ ਸਹਾਇਤਾ ਦੀ ਮੰਗ ਨਹੀਂ ਕੀਤੀ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਲਾਹਿਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਪੇਪਰ ਲੀਕ ਦੇ ਮੁੱਦੇ 'ਤੇ ਕੋਈ ਚਰਚਾ ਨਹੀਂ ਹੋਈ।
