
ਖੰਨਾ ਹਲਕੇ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਦਾ ਅਹੁਦਾ ਸੰਭਾਲ ਲਿਆ.........
ਦਿੱਲੀ/ਖੰਨਾ : ਖੰਨਾ ਹਲਕੇ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਮੋਤੀ ਲਾਲ ਵੋਹਰਾ ਤੇ ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਵਲੋਂ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੂੰ ਵੱਡੀ ਜ਼ਿੰਮੇਵਾਰੀ ਸੌਂਪਦੇ ਹੋਏ ਜਿਥੇ ਆਲ ਇੰਡੀਆ ਕਾਂਗਰਸ ਕਮੇਟੀ ਦਾ ਸਕੱਤਰ ਨਿਯੁਕਤ ਕੀਤਾ ਗਿਆ ਸੀ, ਉਥੇ ਨਾਲ ਹੀ ਉਨ੍ਹਾਂ ਨੂੰ ਹਿਮਾਚਲ ਪ੍ਰਦੇਸ਼ ਦਾ ਇੰਚਾਰਜ ਵੀ ਲਾਇਆ ਗਿਆ ਹੈ।
ਦੱਸਣਯੋਗ ਹੈ ਕਿ ਵਿਧਾਇਕ ਕੋਟਲੀ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਹਨ ਅਤੇ ਖੰਨਾ ਹਲਕੇ ਤੋਂ ਲਗਾਤਾਰ ਦੂਜੀ ਵਾਰ ਵਿਧਾਇਕ ਚੁਣੇ ਗਏ ਹਨ। ਅਹੁਦਾ ਸੰਭਾਲਣ ਤੋਂ ਬਾਅਦ ਰੋਜ਼ਾਨਾ ਸਪੋਕਸਮੈਨ ਨਾਲ ਖਾਸ ਗੱਲਬਾਤ ਕਰਦੇ ਹੋਏ ਕਮੇਟੀ ਦੇ ਨਵ ਨਿਯੁਕਤ ਸਕੱਤਰ ਕੋਟਲੀ ਨੇ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਤੇ ਸੋਨੀਆ ਗਾਂਧੀ ਸਮੇਤ ਸਮੁੱਚੀ ਪਾਰਟੀ ਹਾਈ ਕਮਾਂਡ ਦਾ ਧਨਵਾਦ ਕੀਤਾ।
ਉਨ੍ਹਾਂ ਦੇ ਅਹੁਦਾ ਸੰਭਾਲਣ ਮੌਕੇ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ, ਵਿਧਾਇਕ ਨਵਤੇਜ ਸਿੰਘ ਚੀਮਾ, ਵਿਧਾਇਕ ਕੁਲਜੀਤ ਸਿੰਘ ਨਾਗਰਾ, ਵਿਧਾਇਕ ਜੀ.ਪੀ. ਸਿੰਘ, ਖੰਨਾ ਕੌਂਸਲ ਪ੍ਰਧਾਨ ਵਿਕਾਸ ਮਹਿਤਾ, ਗੁਰਮੁਖ ਸਿੰਘ ਚਾਹਲ, ਸਤਨਾਮ ਸਿੰਘ ਸੋਨੀ ਰੋਹਣੋ, ਨੀਰਜ ਵਰਮਾ ਆਦਿ ਮੌਜੂਦ ਸਨ।