
ਸੁਪਰੀਮ ਕੋਰਟ ਕਾਂਗਰਸ ਅਤੇ ਜੇਡੀਐਸ ਦੇ 10 ਬਾਗ਼ੀ ਵਿਧਾਇਕਾਂ ਦੀ ਇਕ ਪਟੀਸ਼ਨ ‘ਤੇ ਵੀਰਵਾਰ ਨੂੰ ਸੁਣਵਾਈ ਕਰੇਗੀ।
ਨਵੀਂ ਦਿੱਲੀ: ਸੁਪਰੀਮ ਕੋਰਟ ਕਾਂਗਰਸ ਅਤੇ ਜੇਡੀਐਸ ਦੇ 10 ਬਾਗ਼ੀ ਵਿਧਾਇਕਾਂ ਦੀ ਇਕ ਪਟੀਸ਼ਨ ‘ਤੇ ਵੀਰਵਾਰ ਨੂੰ ਸੁਣਵਾਈ ਕਰੇਗੀ। ਪਟੀਸ਼ਨ ਵਿਚ ਇਹਨਾਂ ਵਿਧਾਇਕਾਂ ਨੇ ਕਰਨਾਟਕ ਵਿਧਾਨ ਸਭਾ ਸਪੀਕਰ ‘ਤੇ ਉਹਨਾਂ ਦੇ ਅਸਤੀਫ਼ੇ ਨਾ ਸਵਿਕਾਰ ਕਰਨ ਦਾ ਦੋਸ਼ ਲਗਾਇਆ ਹੈ। ਚੀਫ਼ ਜਸਟਿਸ ਰੰਜਨ ਗੋਗੋਈ, ਜਸਟਿਸ ਦੀਪਕ ਗੁਪਤਾ ਅਤੇ ਜਸਟਿਸ ਅਨਿਰੁੱਧ ਬੋਸ ਦੀ ਬੈਂਚ ਇਸ ਪਟੀਸ਼ਨ ‘ਤੇ ਸੁਣਵਾਈ ਕਰੇਗੀ।
Karnataka Crisis
ਪਟੀਸ਼ਨ ਵਿਚ ਵਿਧਾਨ ਸਭਾ ਸਪੀਕਰ ਨੂੰ ਇਹਨਾਂ ਵਿਧਾਇਕਾਂ ਦੇ ਅਸਤੀਫ਼ੇ ਸਵਿਕਾਰ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ। ਸੀਜੇਆਈ ਦੀ ਅਗਵਾਈ ਵਾਲੀ ਬੈਂਚ ਦੇ ਸਾਹਮਣੇ ਬੁੱਧਵਾਰ ਨੂੰ ਅਦਾਲਤ ਵਿਚ ਇਨ੍ਹਾਂ ਵਿਧਾਇਕਾਂ ਵਲੋਂ ਪੇਸ਼ ਹੋਏ ਵਕੀਲ ਮੁਕੁਲ ਰੋਹਤਗੀ ਨੇ ਇਸ ਪਟੀਸ਼ਨ ਨੂੰ ਛੇਤੀ ਸੂਚੀਬੱਧ ਕਰਨ ਦੀ ਅਪੀਲ ਕੀਤੀ ਸੀ, ਜਿਸ 'ਤੇ ਅਦਾਲਤ ਨੇ ਉਨ੍ਹਾਂ ਨੂੰ ਭਰੋਸਾ ਦਿਤਾ ਸੀ ਕਿ ਉਹ ਇਹ ਵੇਖੇਗੀ ਕਿ ਕੀ ਇਹ ਪਟੀਸ਼ਨ ਛੇਤੀ ਸੁਣਵਾਈ ਲਈ ਸੂਚੀਬੱਧ ਕੀਤੀ ਜਾ ਸਕਦੀ ਹੈ ਜਾਂ ਨਹੀਂ।
Karnataka crisis
ਵਕੀਲ ਨੇ ਕਿਹਾ ਸੀ ਕਿ ਇਹ ਵਿਧਾਇਕ ਪਹਿਲਾਂ ਹੀ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫ਼ਾ ਦੇ ਚੁੱਕੇ ਹਨ ਅਤੇ ਹੁਣ ਉਹ ਨਵੇਂ ਸਿਰੇ ਤੋਂ ਚੋਣਾਂ ਲੜਨਾ ਚਾਹੁੰਦੇ ਹਨ। ਪਟੀਸ਼ਨ ਵਿਚ ਦੋਸ਼ ਲਗਾਇਆ ਗਿਆ ਹੈ ਕਿ ਵਿਧਾਨ ਸਭਾ ਦੇ ਸਪੀਕਰ ਨੇ ਪੱਖਪਾਤੀ ਕਾਰਵਾਈ ਕੀਤੀ ਹੈ ਅਤੇ ਜਾਣਬੁੱਝ ਕੇ ਉਨ੍ਹਾਂ ਦੇ ਅਸਤੀਫ਼ੇ ਸਵੀਕਾਰ ਨਹੀਂ ਕੀਤੇ ਹਨ। ਉਹਨਾਂ ਕਿਹਾ ਸੀ ਸਪੀਕਰ ਸਰਕਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।