
ਇਹ ਮੁੱਠਭੇੜ ਊਧਮਪੁਰ ਜ਼ਿਲ੍ਹੇ ਦੇ ਬਸੰਤਗੜ੍ਹ ਇਲਾਕੇ ਵਿੱਚ ਹੋ ਰਹੀ ਹੈ
Jammu-Kashmir News : ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲੇ 'ਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋ ਰਹੀ ਹੈ। ਇਹ ਮੁੱਠਭੇੜ ਊਧਮਪੁਰ ਜ਼ਿਲ੍ਹੇ ਦੇ ਬਸੰਤਗੜ੍ਹ ਇਲਾਕੇ ਵਿੱਚ ਹੋ ਰਹੀ ਹੈ। ਜਾਣਕਾਰੀ ਮੁਤਾਬਕ ਜੈਸ਼-ਏ-ਮੁਹੰਮਦ (JeM) ਸੰਗਠਨ ਨਾਲ ਜੁੜੇ 4 ਭਾਰੀ ਹਥਿਆਰਬੰਦ ਅੱਤਵਾਦੀ ਇਲਾਕੇ 'ਚ ਘਿਰੇ ਹੋਏ ਹਨ।
ਇਸ ਤੋਂ ਪਹਿਲਾਂ ਖਾਸ ਖੁਫੀਆ ਸੂਚਨਾ ਦੇ ਆਧਾਰ 'ਤੇ ਸੁਰੱਖਿਆ ਬਲਾਂ ਨੇ ਕਠੂਆ 'ਚ ਇੱਕ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਸੀ। ਇਸ ਤੋਂ ਬਾਅਦ ਕਠੂਆ-ਬਸੰਤਗੜ੍ਹ ਸਰਹੱਦ 'ਤੇ ਅੱਤਵਾਦੀਆਂ ਨਾਲ ਮੁੱਠਭੇੜ ਦੀ ਪੁਸ਼ਟੀ ਹੋਈ। ਰੱਖਿਆ ਬੁਲਾਰੇ ਅਨੁਸਾਰ ਇਲਾਕੇ ਨੂੰ ਘੇਰ ਲਿਆ ਗਿਆ ਹੈ ਅਤੇ ਦੋਵਾਂ ਪਾਸਿਆਂ ਤੋਂ ਕੁਝ ਰਾਉਂਡ ਗੋਲੀਆਂ ਚਲਾਈਆਂ ਗਈਆਂ ਹਨ।
ਦੱਸ ਦੇਈਏ ਕਿ ਜੈਸ਼-ਏ-ਮੁਹੰਮਦ, ਜੋ ਕਿ ਇੱਕ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਹੈ, ਭਾਰਤ ਵਿੱਚ ਕਈ ਘਾਤਕ ਹਮਲਿਆਂ ਦੀ ਜ਼ਿੰਮੇਵਾਰੀ ਲੈ ਚੁੱਕਾ ਹੈ। ਇਨ੍ਹਾਂ 'ਚੋਂ ਸਭ ਤੋਂ ਵੱਡਾ ਹਮਲਾ 2019 'ਚ ਪੁਲਵਾਮਾ 'ਚ ਹੋਇਆ ਸੀ, ਜਿਸ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ।
ਮਿਲੀ ਜਾਣਕਾਰੀ ਮੁਤਾਬਕ ਇਲਾਕੇ 'ਚ ਤਿੰਨ ਤੋਂ ਚਾਰ ਅੱਤਵਾਦੀ ਹਨ। ਜੰਮੂ ਦੇ ਅਖਨੂਰ ਸੈਕਟਰ 'ਚ ਕੰਟਰੋਲ ਰੇਖਾ (ਐੱਲ.ਓ.ਸੀ.) 'ਤੇ ਪਾਕਿਸਤਾਨ ਰੇਂਜਰਾਂ ਵੱਲੋਂ ਕੀਤੀ ਗਈ ਗੋਲੀਬਾਰੀ 'ਚ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨ ਦੇ ਜ਼ਖਮੀ ਹੋਣ ਦੇ ਕੁਝ ਘੰਟਿਆਂ ਬਾਅਦ ਇਹ ਮੁਕਾਬਲਾ ਹੋਇਆ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਪੂਰੀ ਤਰ੍ਹਾਂ ਨਾਲ ਘੇਰ ਲਿਆ ਹੈ। ਗੋਲੀਬੰਦੀ ਦੀ ਉਲੰਘਣਾ ਦੇ ਨਤੀਜੇ ਵਜੋਂ ਕਿਸੇ ਜਾਨੀ ਜਾਂ ਜ਼ਖਮੀ ਹੋਣ ਦੀ ਤੁਰੰਤ ਕੋਈ ਰਿਪੋਰਟ ਨਹੀਂ ਹੈ।
ਜੰਮੂ-ਕਸ਼ਮੀਰ 'ਚ 10 ਸਾਲ ਬਾਅਦ ਹੋਣੀਆਂ ਹਨ ਚੋਣਾਂ
ਦੱਸ ਦੇਈਏ ਕਿ ਜੰਮੂ-ਕਸ਼ਮੀਰ 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਿੰਸਾ ਦੀਆਂ ਘਟਨਾਵਾਂ ਦੇਖਣ ਨੂੰ ਮਿਲ ਰਹੀਆਂ ਹਨ, ਜੋ ਕਿ 10 ਸਾਲਾਂ ਬਾਅਦ ਕੇਂਦਰ ਸ਼ਾਸਤ ਪ੍ਰਦੇਸ਼ 'ਚ ਹੋਣ ਵਾਲੀਆਂ ਪਹਿਲੀਆਂ ਚੋਣਾਂ ਹਨ। ਜ਼ਿਕਰਯੋਗ ਹੈ ਕਿ ਤਿੰਨ ਪੜਾਵਾਂ 'ਚ ਹੋਣ ਵਾਲੀਆਂ ਚੋਣਾਂ 18 ਸਤੰਬਰ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ, ਜਦਕਿ ਦੂਜੇ ਅਤੇ ਤੀਜੇ ਪੜਾਅ ਦੀਆਂ ਚੋਣਾਂ ਕ੍ਰਮਵਾਰ 25 ਸਤੰਬਰ ਅਤੇ 1 ਅਕਤੂਬਰ ਨੂੰ ਹੋਣੀਆਂ ਹਨ। ਵੋਟਾਂ ਦੀ ਗਿਣਤੀ ਅਤੇ ਨਤੀਜੇ 8 ਅਕਤੂਬਰ ਨੂੰ ਐਲਾਨੇ ਜਾਣਗੇ।