
ਸੁਪਰੀਮ ਕੋਰਟ ਨੇ 15 ਦਿਨਾਂ ’ਚ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਕਰਨ ਅਤੇ ਅਗਲੇ ਅੱਠ ਹਫਤਿਆਂ ’ਚ ਚੋਣ ਪ੍ਰਕਿਰਿਆ ਪੂਰੀ ਕਰਨ ਦੇ ਹੁਕਮ ਦਿਤੇ
ਨਵੀਂ ਦਿੱਲੀ : ਪੰਜਾਬ ’ਚ ਲੰਮੇ ਸਮੇਂ ਤੋਂ ਲਟਕ ਰਹੀਆਂ ਨਗਰ ਨਿਗਮ ਚੋਣਾਂ ਹੁਣ ਜਲਦੀ ਹੋਣਗੀਆਂ। ਸੁਪਰੀਮ ਕੋਰਟ ਨੇ ਸੋਮਵਾਰ ਨੂੰ ਪੰਜਾਬ ਸਰਕਾਰ ਨੂੰ ਕੁੱਲ 10 ਹਫਤਿਆਂ ਵਿਚ ਚੋਣਾਂ ਕਰਵਾਉਣ ਲਈ ਕਿਹਾ ਹੈ। ਸੁਪਰੀਮ ਕੋਰਟ ਨੇ 15 ਦਿਨਾਂ ਵਿਚ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਕਰਨ ਅਤੇ ਅਗਲੇ ਅੱਠ ਹਫਤਿਆਂ ਵਿਚ ਚੋਣ ਪ੍ਰਕਿਰਿਆ ਪੂਰੀ ਕਰਨ ਦੇ ਹੁਕਮ ਦਿਤੇ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 6 ਨਵੰਬਰ ਦੇ ਹੁਕਮ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿਤੀ ਗਈ ਸੀ।
ਪੰਜਾਬ ਸਰਕਾਰ ਵਲੋਂ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਅਤੇ ਅਭਿਸ਼ੇਕ ਮਨੂ ਸਿੰਘਵੀ ਅੱਜ ਸੁਪਰੀਮ ਕੋਰਟ ਵਿਚ ਪੇਸ਼ ਹੋਏ। ਇਸ ਦੌਰਾਨ ਸੁਪਰੀਮ ਕੋਰਟ ’ਚ ਸਰਕਾਰ ਦੀ ਦਲੀਲ ਸੀ ਕਿ ਸਾਨੂੰ ਵਾਰਡਬੰਦੀ ਪੂਰੀ ਕਰਨੀ ਹੈ। ਇਸ ਲਈ ਘੱਟੋ-ਘੱਟ 31 ਮਾਰਚ ਤੱਕ ਦਾ ਸਮਾਂ ਦਿੱਤਾ ਜਾਵੇ। ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਕਈ ਥਾਵਾਂ ’ਤੇ ਚੋਣਾਂ ਬਹੁਤ ਲੰਬਿਤ ਪਈਆਂ ਹਨ।
ਅਦਾਲਤ ਨੇ ਪੁੱਛਿਆ ਕਿ ‘ਆਪ’ ਦਾ ਏਜੰਡਾ ਕੀ ਹੈ। ਸਰਕਾਰੀ ਵਕੀਲਾਂ ਨੇ ਕਿਹਾ ਕਿ ਵਾਰਡਬੰਦੀ ਕੀਤੀ ਜਾਣੀ ਚਾਹੀਦੀ ਹੈ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁਪਰੀਮ ਕੋਰਟ ਨੇ ਕਿਹਾ ਕਿ ਧਾਰਾ 243 ਦੇ ਅਨੁਸਾਰ, ਜਿੱਥੇ ਕੋਈ ਸੀਟ ਖਾਲੀ ਹੈ, ਉਸ ਨੂੰ ਛੇ ਮਹੀਨਿਆਂ ਦੇ ਅੰਦਰ ਭਰਨਾ ਹੁੰਦਾ ਹੈ। ਇਸ ਤੋਂ ਬਾਅਦ ਅਦਾਲਤ ਨੇ ਸਰਕਾਰ ਦਾ ਪੱਖ ਸੁਣਿਆ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੂੰ ਅਗਲੇ ਦੋ ਹਫ਼ਤਿਆਂ ਵਿਚ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰਨਾ ਚਾਹੀਦਾ ਹੈ। ਚੋਣ ਪ੍ਰਕਿਰਿਆ ਅਗਲੇ ਅੱਠ ਹਫ਼ਤਿਆਂ ਵਿਚ ਪੂਰੀ ਕਰਨੀ ਪਵੇਗੀ। ਹਾਈ ਕੋਰਟ ਨੇ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿਤੇ ਸਨ, ਜਦੋਂ ਕਿ ਸੁਪਰੀਮ ਕੋਰਟ ਨੇ ਚੋਣਾਂ ਦੀ ਪੂਰੀ ਪ੍ਰਕਿਰਿਆ ਦਾ ਫੈਸਲਾ ਕੀਤਾ ਹੈ।
ਸੂਬੇ ਦੀਆਂ ਫਗਵਾੜਾ, ਅੰਮ੍ਰਿਤਸਰ, ਪਟਿਆਲਾ, ਜਲੰਧਰ, ਲੁਧਿਆਣਾ ਨਗਰ ਨਿਗਮਾਂ ਅਤੇ 42 ਨਗਰ ਕੌਂਸਲਾਂ ਦਾ ਪੰਜ ਸਾਲ ਦਾ ਕਾਰਜਕਾਲ ਖਤਮ ਹੋ ਗਿਆ ਹੈ। ਇਸ ਸਮੇਂ ਨੂੰ ਖਤਮ ਹੋਏ ਬਹੁਤ ਸਮਾਂ ਹੋ ਗਿਆ ਹੈ। ਪਰ ਸਰਕਾਰ ਨੇ ਅਜੇ ਤੱਕ ਚੋਣਾਂ ਨਹੀਂ ਕਰਵਾਈਆਂ ਹਨ।
ਇਹ ਮਾਮਲਾ ਚੋਣਾਂ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚਿਆ ਸੀ। 14 ਅਕਤੂਬਰ ਨੂੰ ਸੁਣਵਾਈ ਤੋਂ ਬਾਅਦ ਅਦਾਲਤ ਨੇ ਹੁਕਮ ਦਿਤਾ ਸੀ ਕਿ ਬਗ਼ੈਰ ਵਾਰਡਬੰਦੀ ਦੇ 15 ਦਿਨਾਂ ਦੇ ਅੰਦਰ ਚੋਣ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। ਪਰ ਇਹ ਪ੍ਰਕਿਰਿਆ ਨਿਰਧਾਰਤ ਸਮੇਂ ਵਿਚ ਨਹੀਂ ਹੋਈ। ਇਸ ਦੌਰਾਨ ਸਰਕਾਰੀ ਛੁੱਟੀਆਂ ਵੀ ਵਿਚਕਾਰ ਆ ਗਈਆਂ। ਇਸ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ’ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ ਸੀ। ਇਸ ਦੇ ਨਾਲ ਹੀ ਚੋਣਾਂ ਦਾ ਨੋਟੀਫਿਕੇਸ਼ਨ 10 ਦਿਨਾਂ ’ਚ ਜਾਰੀ ਕਰਨ ਲਈ ਕਿਹਾ ਗਿਆ ਸੀ। ਇਹ ਵੀ ਸਪੱਸ਼ਟ ਕੀਤਾ ਗਿਆ ਕਿ ਜੇਕਰ ਨਿਰਧਾਰਤ ਸਮੇਂ ਵਿੱਚ ਕਾਰਵਾਈ ਨਾ ਕੀਤੀ ਗਈ ਤਾਂ 50 ਹਜ਼ਾਰ ਦਾ ਜੁਰਮਾਨਾ ਲਗਾਇਆ ਜਾਵੇਗਾ ਅਤੇ ਮਾਣਹਾਨੀ ਦਾ ਕੇਸ ਦਾਇਰ ਕੀਤਾ ਜਾਵੇਗਾ।