
ਰਾਜੋਆਣਾ ਦੀ ਸਜ਼ਾ ਤਬਦੀਲੀ ‘ਤੇ ਪ੍ਰਕਿਰਿਆ ਕੀਤੀ ਗਈ ਸ਼ੁਰੂ- ਕੇਂਦਰ ਸਰਕਾਰ
ਨਵੀਂ ਦਿੱਲੀ: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਤਬਦੀਲੀ ਦੀ ਪਟੀਸ਼ਨ ਉੱਤੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਲਈ ਕੀਤੀ ਗਈ ਰਹਿਮ ਦੀ ਅਪੀਲ ‘ਤੇ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
Balwant Singh Rajoana
ਇਸ ਦੌਰਾਨ ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਅਪੀਲ ‘ਤੇ ਫੈਸਲਾ ਕਰਨ ਲਈ ਕੇਂਦਰ ਸਰਕਾਰ ਨੂੰ ਛੇ ਹੋਰ ਹਫ਼ਤਿਆਂ ਦਾ ਸਮਾਂ ਦਿੱਤਾ ਹੈ।ਦੱਸ ਦਈਏ ਕਿ ਇਸ ਤੋਂ ਪਹਿਲਾਂ ਹੋਈ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਅਦਾਲਤ ਤੋਂ ਤਿੰਨ ਹਫ਼ਤਿਆਂ ਦਾ ਸਮਾਂ ਮੰਗਿਆ ਸੀ।
Supreme Court
ਸੁਣਵਾਈ ਦੌਰਾਨ ਚੀਫ ਜਸਟਿਸ ਐਸਏ ਬੋਬੜੇ ਨੇ ਪੁੱਛਿਆ ਕਿ ਉਹ ਆਖਿਰ ਤਿੰਨ ਹਫ਼ਤਿਆਂ ਦਾ ਸਮਾਂ ਕਿਉਂ ਮੰਗ ਰਹੇ ਹਨ । ਤੁਸੀਂ 26 ਜਨਵਰੀ ਤੋਂ ਪਹਿਲਾਂ ਕਿਹਾ ਸੀ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਰਾਜੋਆਣਾ 'ਤੇ ਫੈਸਲਾ ਲੈਣ ਦਾ ਆਖਰੀ ਮੌਕਾ ਦਿੱਤਾ ਸੀ। ਦੱਸ ਦਈਏ ਕਿ ਬਲਵੰਤ ਸਿੰਘ ਕਰੀਬ 25 ਸਾਲਾਂ ਤੋਂ ਜੇਲ੍ਹ ਵਿਚ ਹਨ। 31 ਅਗਸਤ 1995 ਨੂੰ ਚੰਡੀਗੜ੍ਹ ਵਿਚ ਸਕੱਤਰੇਤ ਦੇ ਸਾਹਮਣੇ ਹੋਏ ਬੰਬ ਧਮਾਕਿਆਂ ਵਿਚ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਸਣੇ 18 ਲੋਕ ਮਾਰੇ ਗਏ ਸਨ ।
Beant Singh
ਇਸ ਤੋਂ ਬਾਅਦ ਬਲਵੰਤ ਸਿੰਘ ਰਾਜੋਆਣਾ ਨੇ 25 ਦਸੰਬਰ 1997 ਨੂੰ ਇਸ ਘਟਨਾ ਵਿਚ ਅਪਣੀ ਸ਼ਮੂਲੀਅਤ ਸਵੀਕਾਰ ਕੀਤੀ ਸੀ। ਇਸ ਤੋਂ ਬਾਅਦ ਰਾਜੋਆਣਾ ਨੂੰ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ ਵਿਚ 1 ਅਗਸਤ 2007 ਨੂੰ ਸੀਬੀਆਈ ਅਦਾਲਤ ਨੇ ਮੌਤ ਦੀ ਸਜ਼ਾ ਸੁਣਾਈ ਸੀ। ਉਹਨਾਂ ਨੂੰ 31 ਮਾਰਚ 2012 ਨੂੰ ਫਾਸੀ ਦਿੱਤੀ ਜਾਣੀ ਸੀ ਪਰ ਲੋਕਾਂ ਨੇ ਰਾਜੋਆਣਾ ਨੂੰ ਫਾਂਸੀ ਦੇਣ ਦਾ ਭਾਰੀ ਵਿਰੋਧ ਕੀਤਾ। ਜਿਸ ਤੋਂ ਬਾਅਦ ਤਤਕਾਲੀ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਨੇ ਗ੍ਰਹਿ ਮੰਤਰਾਲੇ ਦੀ ਸਿਫ਼ਾਰਿਸ਼ 'ਤੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ 28 ਮਾਰਚ 2012 ਨੂੰ ਅਣਮਿੱਥੇ ਸਮੇਂ ਲਈ ਟਾਲ ਦਿੱਤੀ ਸੀ।