
PM ਅਲਬਾਨੀਜ਼ ਨੇ ਸਖ਼ਤ ਕਾਰਵਾਈ ਦੀ ਦਿੱਤੀ ਚਿਤਾਵਨੀ
ਨਵੀਂ ਦਿੱਲੀ - ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਬੀਤੇ ਦਿਨ ਕਿਹਾ ਕਿ ਉਨ੍ਹਾਂ ਨੇ ਆਪਣੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਨੂੰ ਭਰੋਸਾ ਦਿਵਾਇਆ ਹੈ ਕਿ ਆਸਟ੍ਰੇਲੀਆ 'ਚ ਧਾਰਮਿਕ ਅਸਥਾਨਾਂ 'ਤੇ ਹਮਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੋ ਵੀ ਅਜਿਹੀਆਂ ਗਤੀਵਿਧੀਆਂ ਲਈ ਜ਼ਿੰਮੇਵਾਰ ਹੋਵੇਗਾ, ਉਸ ਨੂੰ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਏਗਾ।
Anthony Albanese
ਅਲਬਾਨੀਜ਼ ਦੀ ਇਹ ਟਿੱਪਣੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਸਟ੍ਰੇਲੀਆ 'ਚ ਮੰਦਰਾਂ 'ਤੇ ਹੋਏ ਹਮਲਿਆਂ ਦੀਆਂ ਹਾਲੀਆ ਘਟਨਾਵਾਂ 'ਤੇ ਆਪਣੀਆਂ ਚਿੰਤਾਵਾਂ ਸਾਂਝੀਆਂ ਕਰਨ ਤੋਂ ਬਾਅਦ ਆਈ ਹੈ। ਅਲਬਾਨੀਜ਼ ਨੇ ਕਿਹਾ, ''ਮੈਂ ਪ੍ਰਧਾਨ ਮੰਤਰੀ ਮੋਦੀ ਨੂੰ ਭਰੋਸਾ ਦਿਵਾਇਆ ਕਿ ਆਸਟ੍ਰੇਲੀਆ ਇਕ ਅਜਿਹਾ ਦੇਸ਼ ਹੈ, ਜਿੱਥੇ ਲੋਕਾਂ ਦੀ ਆਸਥਾ ਦਾ ਸਨਮਾਨ ਕੀਤਾ ਜਾਂਦਾ ਹੈ ਅਤੇ ਧਾਰਮਿਕ ਇਮਾਰਤਾਂ, ਭਾਵੇਂ ਉਹ ਹਿੰਦੂ ਮੰਦਰ, ਮਸਜਿਦ ਜਾਂ ਚਰਚ ਹੋਣ ਉਸ ਨੂੰ ਕਿਸੇ ਵੀ ਤਰ੍ਹਾਂ ਤਬਾਹ ਨਹੀਂ ਹੋਣ ਦਿੱਤਾ ਜਾਵੇਗਾ। ਇਸ ਤਰ੍ਹਾਂ ਮੰਦਰਾਂ 'ਤੇ ਹਮਲੇ ਬਰਦਾਸ਼ਤ ਨਹੀਂ ਕੀਤੇ ਜਾਣਗੇ।
PM Narendra Modi
ਆਸਟ੍ਰੇਲੀਅਨ ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਆਸਟ੍ਰੇਲੀਆ, ਬ੍ਰਿਟੇਨ ਅਤੇ ਅਮਰੀਕਾ ਦਰਮਿਆਨ ਤਿਕੋਣੀ ਸੁਰੱਖਿਆ ਵਿਵਸਥਾ 'ਆਕਸ' ਬਾਰੇ ਜਾਣਕਾਰੀ ਦਿੱਤੀ। ਭਾਰਤ ਦੀ ਆਪਣੀ ਤਿੰਨ ਦਿਨਾ ਯਾਤਰਾ ਨੂੰ ਖ਼ਤਮ ਕਰਨ ਤੋਂ ਪਹਿਲਾਂ ਅਲਬਾਨੀਜ਼ ਨੇ ਆਸਟ੍ਰੇਲੀਆਈ ਪੱਤਰਕਾਰਾਂ ਦੇ ਇਕ ਸਮੂਹ ਨੂੰ ਕਿਹਾ, "ਮੈਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਆਸਟ੍ਰੇਲੀਆ ਇਕ ਅਜਿਹਾ ਦੇਸ਼ ਹੈ, ਜੋ ਲੋਕਾਂ ਦੇ ਵਿਸ਼ਵਾਸ ਦਾ ਸਤਿਕਾਰ ਕਰਦਾ ਹੈ ਅਤੇ ਧਾਰਮਿਕ ਅਸਥਾਨਾਂ 'ਤੇ ਹਮਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।" ਉਨ੍ਹਾਂ ਕਿਹਾ, "ਆਸਟ੍ਰੇਲੀਆ ਵਿੱਚ ਇਸ ਦੀ ਕੋਈ ਥਾਂ ਨਹੀਂ ਹੈ ਅਤੇ ਅਸੀਂ ਆਪਣੀ ਪੁਲਿਸ ਅਤੇ ਸਾਡੀਆਂ ਸੁਰੱਖਿਆ ਏਜੰਸੀਆਂ ਦੁਆਰਾ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ ਕਿ ਜ਼ਿੰਮੇਵਾਰ ਵਿਅਕਤੀਆਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਏ।