
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜੀ-7 ਸਿਖਰ ਸੰਮੇਲਨ ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਮੁਲਾਕਾਤ ਹੋਣ ਦੀ ਸੰਭਾਵਨਾ
ਨਵੀਂ ਦਿੱਲੀ: ਭਾਰਤ ਨੇ ਬੁਧਵਾਰ ਨੂੰ ਕਿਹਾ ਕਿ ਕੈਨੇਡਾ ਨਾਲ ਉਸ ਦਾ ਮੁੱਖ ਮਸਲਾ ਇਹ ਹੈ ਕਿ ਉਹ ਕੱਟੜਵਾਦ ਅਤੇ ਹਿੰਸਾ ਦੀ ਵਕਾਲਤ ਕਰਨ ਵਾਲੇ ਭਾਰਤ ਵਿਰੋਧੀ ਤੱਤਾਂ ਨੂੰ ਸਿਆਸੀ ਥਾਂ ਦਿੰਦਾ ਹੈ।
ਵਿਦੇਸ਼ ਸਕੱਤਰ ਵਿਨੈ ਕਵਾਤਰਾ ਨੇ ਕਿਹਾ ਕਿ ਭਾਰਤ ਨੇ ਵਾਰ-ਵਾਰ ਕੈਨੇਡਾ ਨੂੰ ਅਪਣੀਆਂ ਡੂੰਘੀਆਂ ਚਿੰਤਾਵਾਂ ਤੋਂ ਜਾਣੂ ਕਰਵਾਇਆ ਹੈ ਅਤੇ ਭਾਰਤ ਉਮੀਦ ਕਰਦਾ ਹੈ ਕਿ ਕੈਨੇਡਾ ਇਨ੍ਹਾਂ ਤੱਤਾਂ ਵਿਰੁਧ ਸਖਤ ਕਾਰਵਾਈ ਕਰੇਗਾ। ਉਨ੍ਹਾਂ ਦੀ ਇਹ ਟਿਪਣੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੀ-7 ਸਿਖਰ ਸੰਮੇਲਨ ਵਿਚ ਹਿੱਸਾ ਲੈਣ ਲਈ ਇਟਲੀ ਰਵਾਨਾ ਹੋਣ ਤੋਂ ਇਕ ਦਿਨ ਪਹਿਲਾਂ ਆਈ ਹੈ।
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸਾਲਾਨਾ ਸੰਮੇਲਨ ਵਿਚ ਹਿੱਸਾ ਲੈਣ ਵਾਲੇ ਨੇਤਾਵਾਂ ਵਿਚੋਂ ਇਕ ਹਨ। ਉਨ੍ਹਾਂ ਕਿਹਾ, ‘‘ਮੈਨੂੰ ਲਗਦਾ ਹੈ ਕਿ ਕੈਨੇਡਾ ਦਾ ਮੁੱਖ ਮੁੱਦਾ ਇਹ ਹੈ ਕਿ ਇਹ ਅਤਿਵਾਦ ਅਤੇ ਹਿੰਸਾ ਦੀ ਵਕਾਲਤ ਕਰਨ ਵਾਲੇ ਭਾਰਤ ਵਿਰੋਧੀ ਤੱਤਾਂ ਨੂੰ ਸਿਆਸੀ ਥਾਂ ਦਿੰਦਾ ਹੈ। ਅਸੀਂ ਵਾਰ-ਵਾਰ ਉਨ੍ਹਾਂ ਨੂੰ ਅਪਣੀਆਂ ਡੂੰਘੀਆਂ ਚਿੰਤਾਵਾਂ ਤੋਂ ਜਾਣੂ ਕਰਵਾਇਆ ਹੈ ਅਤੇ ਅਸੀਂ ਉਮੀਦ ਕਰਦੇ ਹਾਂ ਕਿ ਉਹ ਸਖਤ ਕਾਰਵਾਈ ਕਰਨਗੇ।’’
ਉਨ੍ਹਾਂ ਨੇ ਇਹ ਟਿਪਣੀ ਇਕ ਪ੍ਰੈਸ ਕਾਨਫਰੰਸ ਦੌਰਾਨ ਕੀਤੀ ਜਦੋਂ ਉਨ੍ਹਾਂ ਨੂੰ ਭਾਰਤ-ਕੈਨੇਡਾ ਸਬੰਧਾਂ ਅਤੇ ਦੁਨੀਆਂ ਭਰ ਵਿਚ ਸੱਜੇ ਪੱਖੀ ਤਾਕਤਾਂ ਦੇ ਉਭਾਰ ਬਾਰੇ ਟਰੂਡੋ ਦੀਆਂ ਹਾਲੀਆ ਟਿਪਣੀਆਂ ਬਾਰੇ ਪੁਛਿਆ ਗਿਆ। ਉਨ੍ਹਾਂ ਕਿਹਾ, ‘‘ਅਸੀਂ ਹੁਣੇ-ਹੁਣੇ ਆਮ ਚੋਣਾਂ ਪੂਰੀਆਂ ਕੀਤੀਆਂ ਹਨ। ਮੈਨੂੰ ਯਕੀਨ ਹੈ ਕਿ ਹਰ ਕੋਈ ਇਸ ਗੱਲ ਨਾਲ ਸਹਿਮਤ ਹੋਵੇਗਾ ਕਿ ਇਹ ਮਨੁੱਖਤਾ ਦੇ ਇਤਿਹਾਸ ਦਾ ਸੱਭ ਤੋਂ ਵੱਡਾ ਲੋਕਤੰਤਰੀ ਅਭਿਆਸ ਸੀ।’’