
ਸੋਨੀਆ ਗਾਂਧੀ ਨਾਲ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਦੀ ਬੈਠਕ
ਨਵੀਂ ਦਿੱਲੀ, 11 ਜੁਲਾਈ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸਨਿਚਰਵਾਰ ਨੂੰ ਪਾਰਟੀ ਦੇ ਲੋਕ ਸਭਾ ਮੈਂਬਰਾਂ ਨਾਲ ਡਿਜੀਟਲ ਬੈਠਕ ਕੀਤੀ ਜਿਸ 'ਚ ਦੇਸ਼ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਕੋਰੋਨਾ ਮਹਾਂਮਾਰੀ ਦੇ ਹਾਲਾਤ 'ਤੇ ਚਰਚਾ ਕੀਤੀ ਗਈ। ਹਾਲਾਂਕਿ ਇਸ ਦੌਰਾਨ ਕਈ ਸੰਸਦ ਮੈਂਬਰਾਂ ਨੇ ਇਹ ਮੰਗ ਕੀਤੀ ਕਿ ਰਾਹੁਲ ਗਾਂਧੀ ਨੂੰ ਫਿਰ ਤੋਂ ਪਾਰਟੀ ਦੀ ਕਮਾਨ ਸੰਭਾਲਣੀ ਚਾਹੀਦੀ ਹੈ। ਸੂਤਰਾਂ ਅਨੁਸਾਰ, ਇਸ ਬੈਠਕ 'ਚ ਕੇ. ਮੁਕੇਸ਼, ਅਬਦੁਲ ਖਾਲਿਕ, ਗੌਰਵ ਗੋਗੋਈ ਅਤੇ ਕੁੱਝ ਹੋਰ ਮੈਂਬਰਾਂ ਨੇ ਰਾਹੁਲ ਗਾਂਧੀ ਨੂੰ ਅਪੀਲ ਕੀਤੀ ਕਿ ਉਹ ਫਿਰ ਤੋਂ ਪਾਰਟੀ ਦੀ ਕਮਾਨ ਸੰਭਾਲਣ।
Sonia Gandhi with Rahul Gandhi
ਇਨ੍ਹਾਂ ਸੰਸਦ ਮੈਂਬਰਾਂ ਤੋਂ ਇਲਾਵਾ, ਕਾਂਗਰਸ ਦੇ ਸੀਨੀਅਰ ਨੇਤਾ ਦਿਗਵਿਜੇ ਸਿੰਘ ਨੇ ਵੀ ਸ਼ੁਕਰਵਾਰ ਨੂੰ ਕਿਹਾ ਕਿ ਹੁਣ ਰਾਹੁਲ ਗਾਂਧੀ ਨੂੰ ਫਿਰ ਤੋਂ ਕਾਂਗਰਸ ਦੀ ਅਗਵਾਈ ਕਰਨੀ ਚਾਹੀਦੀ ਹੈ। ਹਾਲ ਹੀ 'ਚ ਕਾਂਗਰਸ ਕਾਰਜ ਕਮੇਟੀ (ਸੀ.ਡਬਲਿਊ.ਸੀ.) ਦੀ ਬੈਠਕ 'ਚ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਵੀ ਇਹ ਮੰਗ ਚੁੱਕੀ ਸੀ, ਜਿਸ ਦਾ ਕਈ ਨੇਤਾਵਾਂ ਨੇ ਸਮਰਥਨ ਕੀਤਾ ਸੀ। ਕਾਂਗਰਸ ਦੇ ਲੋਕ ਸਭਾ ਮੈਂਬਰਾਂ ਦੀ ਬੈਠਕ 'ਚ ਦੇਸ਼ ਦੇ ਮੌਜੂਦਾ ਸਿਆਸੀ ਹਾਲਾਤ, ਕੋਰੋਨਾ ਆਫ਼ਤ ਅਤੇ ਸੰਸਦ ਦੇ ਅਗਲੇ ਸੈਸ਼ਨ 'ਚ ਚੁੱਕੇ ਜਾਣ ਵਾਲੇ ਮੁੱਦਿਆਂ 'ਤੇ ਚਰਚਾ ਕੀਤੀ ਗਈ। ਸੂਤਰਾਂ ਦਾ ਕਹਿਣਾ ਹੈ ਕਿ ਕਾਂਗਰਸ ਸੰਸਦ ਦੇ ਆਉਣ ਵਾਲੇ ਸੈਸ਼ਨ 'ਚ ਲੱਦਾਖ 'ਚ ਚੀਨ ਨਾਲ ਗਤੀਰੋਧ ਅਤੇ ਕੋਰੋਨਾ ਆਫ਼ਤ ਨਾਲ ਨਜਿੱਠਣ ਦੇ ਸਰਕਾਰ ਦੇ ਤੌਰ-ਤਰੀਕਿਆਂ ਨੂੰ ਲੈ ਕੇ ਉਸ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ।