
ਸੜਕ ਤੋਂ ਫਿਸਲ ਕੇ 600 ਫੁੱਟ ਡੂੰਘੀ ਖੱਡ ਵਿੱਚ ਡਿੱਗੀ ਕਾਰ
Jammu Kashmir Accident News: ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਇੱਕ ਨਿੱਜੀ ਯਾਤਰੀ ਵਾਹਨ ਦੇ ਸੜਕ ਤੋਂ ਫਿਸਲ ਕੇ 600 ਫੁੱਟ ਡੂੰਘੀ ਖੱਡ ਵਿੱਚ ਡਿੱਗਣ ਨਾਲ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਗੰਭੀਰ ਜ਼ਖ਼ਮੀ ਹੋ ਗਿਆ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।
ਅਧਿਕਾਰੀਆਂ ਨੇ ਦੱਸਿਆ ਕਿ SUV (ਸਪੋਰਟਸ ਯੂਟਿਲਿਟੀ ਵਹੀਕਲ) ਸ਼ੁੱਕਰਵਾਰ ਦੇਰ ਰਾਤ ਉਖਰਾਲ ਪੋਗਲ ਪਰਿਸਤਾਨ ਖੇਤਰ ਵਿੱਚ ਸੈਨਾਬਾਠੀ ਨੇੜੇ ਹਾਦਸਾਗ੍ਰਸਤ ਹੋ ਗਈ।
ਉਨ੍ਹਾਂ ਕਿਹਾ ਕਿ ਤੌਕੀਰ ਅਹਿਮਦ (20) ਨਾਮਕ ਇੱਕ ਯਾਤਰੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਗੰਭੀਰ ਰੂਪ ਵਿੱਚ ਜ਼ਖ਼ਮੀ ਪੰਜ ਹੋਰ ਲੋਕਾਂ ਵਿੱਚੋਂ ਤਿੰਨ, ਮੁਹੰਮਦ ਰਫੀਕ (40), ਅਬਦੁਲ ਲਤੀਫ (40) ਅਤੇ ਅਜਾਜ਼ ਅਹਿਮਦ (20) ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ।
ਅਧਿਕਾਰੀਆਂ ਨੇ ਦੱਸਿਆ ਕਿ ਸ਼ਕੀਲ ਅਹਿਮਦ (24) ਦੀ ਅੱਜ ਸਵੇਰੇ ਸ੍ਰੀਨਗਰ ਦੇ ਇੱਕ ਹਸਪਤਾਲ ਵਿੱਚ ਮੌਤ ਹੋ ਗਈ, ਜਦੋਂ ਕਿ ਇਕੱਲੇ ਬਚੇ ਯਵਾਰ ਅਹਿਮਦ (25) ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਉਪ ਰਾਜਪਾਲ ਮਨੋਜ ਸਿਨਹਾ, ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਅਤੇ ਜ਼ਖਮੀਆਂ ਅਤੇ ਪੀੜਤਾਂ ਦੇ ਪਰਿਵਾਰਾਂ ਨੂੰ ਲੋੜੀਂਦੀ ਮਦਦ ਦਾ ਭਰੋਸਾ ਦਿੱਤਾ।
ਰਾਮਬਨ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਲਿਆਸ ਖਾਨ ਨੇ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ 1 ਲੱਖ ਰੁਪਏ ਅਤੇ ਜ਼ਖਮੀਆਂ ਨੂੰ 25,000 ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ।
ਡਿਪਟੀ ਕਮਿਸ਼ਨਰ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇੱਕ ਪੋਸਟ ਵਿੱਚ ਕਿਹਾ, "ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ।"