ਹਰਿਆਣਾ ਵਿੱਚ ਇੱਕ ਹੀ ਪੜਾਅ ਵਿੱਚ ਹੋਵੇਗੀ ਵੋਟਿੰਗ
Haryana Elections 2024 : ਹਰਿਆਣਾ ਦੇ ਰਾਜਪਾਲ ਨੇ ਕੈਬਨਿਟ ਦੀ ਸਿਫਾਰਿਸ਼ ਤੋਂ ਬਾਅਦ ਵਿਧਾਨ ਸਭਾ ਭੰਗ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਮੁਤਾਬਕ ਅਗਲੀ ਸਰਕਾਰ ਬਣਨ ਤੱਕ ਸੀਐਮ ਨਾਇਬ ਸਿੰਘ ਸੈਣੀ ਕਾਰਜਕਾਰੀ ਮੁੱਖ ਮੰਤਰੀ ਬਣੇ ਰਹਿਣਗੇ।
ਦਰਅਸਲ, ਹਰਿਆਣਾ ਵਿੱਚ 5 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਕੈਬਨਿਟ ਨੇ ਵਿਧਾਨ ਸਭਾ ਭੰਗ ਕਰਨ ਦੀ ਮਨਜ਼ੂਰੀ ਦੇ ਦਿੱਤੀ ਸੀ। ਇਸ ਤੋਂ ਬਾਅਦ ਮੰਤਰੀ ਮੰਡਲ ਨੇ ਹਰਿਆਣਾ ਵਿਧਾਨ ਸਭਾ ਨੂੰ ਭੰਗ ਕਰਨ ਦੀ ਰਾਜਪਾਲ ਨੂੰ ਸਿਫ਼ਾਰਸ਼ ਕੀਤੀ ਸੀ।
ਹਰਿਆਣਾ ਕੈਬਨਿਟ ਨੇ ਹਰਿਆਣਾ ਵਿਧਾਨ ਸਭਾ ਭੰਗ ਕਰਨ ਦੀ ਸਿਫਾਰਿਸ਼ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੂੰ ਕੀਤੀ ਸੀ। ਰਾਜਪਾਲ ਨੇ ਇਸ ਸਿਫਾਰਿਸ਼ ਨੂੰ ਸਵੀਕਾਰ ਕਰ ਲਿਆ ਹੈ ਅਤੇ ਵਿਧਾਨ ਸਭਾ ਨੂੰ ਭੰਗ ਕਰਨ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।
ਇਸ ਵਿੱਚ ਕਿਹਾ ਗਿਆ ਹੈ, "ਭਾਰਤ ਦੇ ਸੰਵਿਧਾਨ ਦੇ ਅਨੁਛੇਦ 174 ਦੀ ਧਾਰਾ (2) ਦੇ ਉਪ-ਧਾਰਾ (ਬੀ) ਦੁਆਰਾ ਮੈਨੂੰ ਪ੍ਰਦਾਨ ਕੀਤੀਆਂ ਗਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਮੈਂ ਬੰਡਾਰੂ ਦੱਤਾਤ੍ਰੇਯ ਰਾਜਪਾਲ ਹਰਿਆਣਾ ਵੱਲੋਂ ਵਿਧਾਨ ਸਭਾ ਨੂੰ ਤੁਰੰਤ ਭੰਗ ਕਰਦਾ ਹਾਂ।"
ਹਰਿਆਣਾ ਵਿੱਚ ਇੱਕ ਹੀ ਪੜਾਅ ਵਿੱਚ ਹੋਵੇਗੀ ਵੋਟਿੰਗ
ਦੱਸ ਦਈਏ ਕਿ ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ ਇੱਕ ਪੜਾਅ ਵਿੱਚ ਵੋਟਿੰਗ ਹੋਵੇਗੀ। ਹਰਿਆਣਾ 'ਚ 5 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 12 ਸਤੰਬਰ ਹੈ। ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ 2019 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ 40 ਸੀਟਾਂ ਨਾਲ ਸਭ ਤੋਂ ਵੱਡੀ ਪਾਰਟੀ ਬਣੀ ਸੀ ਅਤੇ ਕਾਂਗਰਸ ਨੇ 30 ਸੀਟਾਂ ਜਿੱਤੀਆਂ ਸਨ।
ਹਰਿਆਣਾ ਵਿਧਾਨ ਸਭਾ ਦਾ ਕਾਰਜਕਾਲ 3 ਨਵੰਬਰ 2024 ਨੂੰ ਖਤਮ ਹੋਣ ਜਾ ਰਿਹਾ ਹੈ। ਪਿਛਲੀਆਂ ਵਿਧਾਨ ਸਭਾ ਚੋਣਾਂ ਅਕਤੂਬਰ 2019 ਵਿੱਚ ਹੋਈਆਂ ਸਨ। ਚੋਣਾਂ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਅਤੇ ਜਨਨਾਇਕ ਜਨਤਾ ਪਾਰਟੀ ਦੇ ਗਠਜੋੜ ਨੇ ਰਾਜ ਸਰਕਾਰ ਬਣਾਈ ਅਤੇ ਮਨੋਹਰ ਲਾਲ ਖੱਟਰ ਮੁੱਖ ਮੰਤਰੀ ਬਣੇ। ਹਾਲਾਂਕਿ ਬਾਅਦ ਵਿੱਚ ਸਮੀਕਰਨ ਬਦਲ ਗਏ ਅਤੇ ਪਾਰਟੀ ਨੇ ਨਾਇਬ ਸਿੰਘ ਸੈਣੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਸੀ।