
ਜੰਮੂ-ਕਸ਼ਮੀਰ ਦੇ ਪ੍ਰਿੰਸੀਪਲ ਸਕੱਤਰ ਨੇ ਜਾਣਕਾਰੀ ਦਿੱਤੀ ਹੈ ਕਿ ਸੂਬੇ ਵਿਚ ਪੋਸਟਪੇਡ ਮੋਬਾਇਲ ਫੋਨ ਸੇਵਾਵਾਂ ਸੋਮਵਾਰ ਤੋਂ ਬਹਾਲ ਕਰ ਦਿੱਤੀਆਂ ਜਾਣਗੀਆਂ।
ਨਵੀਂ ਦਿੱਲੀ: ਜੰਮੂ-ਕਸ਼ਮੀਰ ਦੇ ਪ੍ਰਿੰਸੀਪਲ ਸਕੱਤਰ ਰੋਹਿਤ ਕਾਂਸਲ ਨੇ ਪ੍ਰੈਸ ਕਾਨਫਰੰਸ ਕਰ ਕੇ ਜਾਣਕਾਰੀ ਦਿੱਤੀ ਹੈ ਕਿ ਸੂਬੇ ਵਿਚ ਪੋਸਟਪੇਡ ਮੋਬਾਇਲ ਫੋਨ ਸੇਵਾਵਾਂ ਸੋਮਵਾਰ ਤੋਂ ਬਹਾਲ ਕਰ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਹੀ ਆਵਾਜਾਈ ‘ਤੇ ਪਾਬੰਦੀਆਂ ਵੀ ਪੂਰੀ ਤਰ੍ਹਾਂ ਹਟਾ ਦਿੱਤੀਆਂ ਗਈਆਂ ਹਨ।ਰੋਹਿਤ ਕਾਂਸਲ ਨੇ ਕਿਹਾ ਕਿ ਹਿਰਾਸਤ ਵਿਚ ਬੰਦ ਆਗੂਆਂ ਨੂੰ ਇਕ ਪ੍ਰਕਿਰਿਆ ਦੇ ਤਹਿਤ ਰਿਹਾਅ ਕੀਤਾ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਬੀਤੀ 5 ਅਗਸਤ ਨੂੰ ਧਾਰਾ 370 ਦੇ ਤਹਿਤ ਕਸ਼ਮੀਰ ਨੂੰ ਮਿਲਿਆ ਵਿਸ਼ੇਸ਼ ਸੂਬੇ ਦਾ ਦਰਜਾ ਖਤਮ ਕਰ ਦਿੱਤਾ ਅਤੇ ਇਸ ਨੂੰ ਦੋ ਹਿੱਸਿਆਂ ਵਿਚ ਵੰਡ ਦਿੱਤਾ ਸੀ। ਕੇਂਦਰ ਸਰਕਾਰ ਦਾ ਦਾਅਵਾ ਹੈ ਕਿ ਇਸ ਫੈਸਲੇ ਨਾਲ ਸੂਬੇ ਦੀ ਜਨਤਾ ਦੀ ਸਥਿਤੀ ਹੋਰ ਵਧੀਆ ਹੋਵੇਗੀ ਅਤੇ ਇਸ ਦੇ ਨਾਲ ਹੀ ਸੂਬੇ ਦੇ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਸਹੂਲਤਾਂ ਦਾ ਸਿੱਧਾ ਲਾਭ ਵੀ ਮਿਲ ਸਕੇਗਾ। ਇਸ ਫੈਸਲੇ ਨੂੰ ਗੰਭੀਰਤਾ ਨਾਲ ਦੇਖਦੇ ਹੋਏ ਸਰਕਾਰ ਨੇ ਕਈ ਅਹਿਮ ਕਦਮ ਵੀ ਚੁੱਕੇ।
ਭਾਰੀ ਗਿਣਤੀ ਵਿਚ ਸੁਰੱਖਿਆ ਬਲਾਂ ਦੀ ਤੈਨਾਤੀ, ਮੋਬਾਇਲ ਫੋਨ ਅਤੇ ਇੰਟਰਨੈੱਟ ਸੇਵਾਵਾਂ ‘ਤੇ ਰੋਕ ਅਤੇ ਸੂਬੇ ਦੇ ਰਾਜਨੇਤਾਵਾਂ ਨੂੰ ਨਜ਼ਰਬੰਦ ਕਰ ਦਿੱਤਾ ਗਿਆ।ਸਰਕਾਰ ਦੀ ਦਲੀਲ ਸੀ ਕਿ ਆਗੂਆਂ ਦੀ ਬਿਆਨਬਾਜ਼ੀ ਨਾਲ ਸੂਬੇ ਦੇ ਹਲਾਤ ਵਿਗੜ ਸਕਦੇ ਹਨ ਅਤੇ ਇਸ ਦੇ ਨਾਲ ਹੀ ਇੰਟਰਨੈੱਟ ਸੇਵਾਵਾਂ ਦੀ ਅਤਿਵਾਦੀ ਗਲਤ ਵਰਤੋਂ ਕਰ ਸਕਦੇ ਹਨ। ਇਸ ਦੇ ਨਾਲ ਹੀ ਸੂਬੇ ਵਿਚ ਸਕੂਲ ਅਤੇ ਕਾਲਜਾਂ ਨੂੰ ਸੁਰੱਖਿਆ ਦੇ ਲਿਹਾਜ ਨਾਲ ਬੰਦ ਕਰ ਦਿੱਤਾ ਗਿਆ ਸੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ