
ਆਪ ਸਰਕਾਰ ਵਿਰੁੱਧ ਟਿੱਪਣੀਆਂ ਨੂੰ ਲੈ ਕੇ ਹੋਈ ਸੀ FIR
ਚੰਡੀਗੜ੍ਹ: ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦਿੱਲੀ ਭਾਜਪਾ ਆਗੂ ਤਜਿੰਦਰ ਬੱਗਾ ਅਤੇ ਮਸ਼ਹੂਰ ਕਵੀ ਕੁਮਾਰ ਵਿਸ਼ਵਾਸ ਵਿਰੁੱਧ ਦਰਜ ਐਫਆਈਆਰ ਨੂੰ ਰੱਦ ਕਰ ਦਿੱਤਾ ਹੈ। ਬੁੱਧਵਾਰ ਨੂੰ ਹਾਈਕੋਰਟ ਨੇ ਇਸ ਸਬੰਧੀ ਆਪਣਾ ਫੈਸਲਾ ਸੁਣਾਇਆ।
ਦਰਅਸਲ ਦੋਵਾਂ ਨੇ ਹੀ ਪਰਚੇ ਰੱਦ ਕਰਨ ਦੀ ਮੰਗ ਕੀਤੀ ਸੀ। ਇਹ ਜਾਣਕਾਰੀ ਕੁਮਾਰ ਵਿਸ਼ਵਾਸ ਦੇ ਵਕੀਲ ਨੇ ਦਿੱਤੀ ਹੈ। ਹਾਈਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੇ ਕਿਹਾ- ਸੱਚਾਈ ਦੀ ਜਿੱਤ ਹੋਈ ਹੈ। ਬੱਗਾ ਮਾਮਲੇ ’ਚ ਹਾਈਕੋਰਟ ਨੇ ਕਿਹਾ ਕਿ ਇਹ ਟਵੀਟ ਪੰਜਾਬ ’ਚ ਨਹੀਂ ਕੀਤੇ ਗਏ। ਇਸ ਦੇ ਨਾਲ ਹੀ ਉਨ੍ਹਾਂ ਦਾ ਟਵੀਟ ਭੜਕਾਊ ਨਹੀਂ ਹੈ। ਜਿਸ ਤਰ੍ਹਾਂ ਸਿਆਸੀ ਲੋਕ ਇੱਕ-ਦੂਜੇ ਵਿਰੁੱਧ ਬਿਆਨਬਾਜ਼ੀ ਕਰਦੇ ਹਨ, ਇਸ ਨਾਲ ਕੋਈ ਊਚ-ਨੀਚ ਨਹੀਂ ਫੈਲਦੀ।
ਜ਼ਿਕਰਯੋਗ ਹੈ ਕਿ ਕੁਮਾਰ ਵਿਸ਼ਵਾਸ 'ਤੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਇਸੇ ਸਾਲ 12 ਅਪ੍ਰੈਲ ਨੂੰ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਖਿਲਾਫ਼ ਕਥਿਤ ਤੌਰ 'ਤੇ ਭੜਕਾਊ ਬਿਆਨ ਦੇਣ ਲਈ ਰੂਪਨਗਰ 'ਚ ਮਾਮਲਾ ਦਰਜ ਕੀਤਾ ਸੀ। ਉਨ੍ਹਾਂ 'ਤੇ ਧਰਮ ਅਤੇ ਨਸਲ ਦੇ ਆਧਾਰ 'ਤੇ ਦੁਸ਼ਮਣੀ ਪੈਦਾ ਕਰਨ ਦਾ ਦੋਸ਼ ਲਗਾਇਆ ਗਿਆ ਸੀ।
ਕੁਮਾਰ ਵਿਸ਼ਵਾਸ ਨੇ ਇਸ ਕਾਰਵਾਈ ਖਿਲਾਫ਼ ਹਾਈ ਕੋਰਟ ਦਾ ਰੁਖ ਕੀਤਾ ਸੀ। ਉਨ੍ਹਾਂ ਅਪਰਾਧਿਕ ਕਾਰਵਾਈ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ। ਜਸਟਿਸ ਅਨੂਪ ਚਿਤਕਾਰਾ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਸੀ। ਪਟੀਸ਼ਨ 'ਚ ਕਾਨੂੰਨੀ ਪ੍ਰਕਿਰਿਆ ਦੀ ਦੁਰਵਰਤੋਂ ਦਾ ਦੋਸ਼ ਲਗਾਇਆ ਗਿਆ ਤੇ ਇਸਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਗਿਆ ਸੀ