
ਸੁਪਰੀਮ ਕੋਰਟ ਸੋਮਵਾਰ ਨੂੰ ਸੁਣਵਾਈ ਕਰੇਗਾ
Remark against Modi : ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਚੁਨੌਤੀ ਦੇਣ ਵਾਲੀ ਕਾਂਗਰਸ ਸੰਸਦ ਮੈਂਬਰ ਸ਼ਸ਼ੀ ਥਰੂਰ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਸੋਮਵਾਰ ਨੂੰ ਸੁਣਵਾਈ ਕਰੇਗਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਥਿਤ ਤੌਰ ’ਤੇ ‘ਸ਼ਿਵਲਿੰਗ ’ਤੇ ਬਿੱਛੂ’ ਟਿਪਣੀ ਕਰਨ ਲਈ ਥਰੂਰ ਵਿਰੁਧ ਮਾਨਹਾਨੀ ਦੀ ਕਾਰਵਾਈ ਰੱਦ ਕਰਨ ਤੋਂ ਹਾਈ ਕੋਰਟ ਨੇ ਇਨਕਾਰ ਕਰ ਦਿਤਾ ਸੀ।
ਸੁਪਰੀਮ ਕੋਰਟ ਨੇ 10 ਸਤੰਬਰ ਨੂੰ ਕਾਂਗਰਸੀ ਸੰਸਦ ਮੈਂਬਰ ਵਿਰੁਧ ਦਾਇਰ ਮਾਨਹਾਨੀ ਦੇ ਮਾਮਲੇ ’ਚ ਹੇਠਲੀ ਅਦਾਲਤ ’ਚ ਚੱਲ ਰਹੀ ਕਾਰਵਾਈ ’ਤੇ ਰੋਕ ਲਗਾ ਦਿਤੀ ਸੀ। ਸੁਪਰੀਮ ਕੋਰਟ ਨੇ ਸ਼ਿਕਾਇਤਕਰਤਾ ਭਾਰਤੀ ਜਨਤਾ ਪਾਰਟੀ (ਭਾਜਪਾ) ਆਗੂ ਰਾਜੀਵ ਬੱਬਰ ਅਤੇ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਸੀ ਅਤੇ ਪਟੀਸ਼ਨ ’ਤੇ ਉਨ੍ਹਾਂ ਤੋਂ ਜਵਾਬ ਮੰਗਿਆ ਸੀ।
ਸੁਪਰੀਮ ਕੋਰਟ ਦੀ ਵੈੱਬਸਾਈਟ ’ਤੇ 14 ਅਕਤੂਬਰ ਨੂੰ ਸੁਣਵਾਈ ਲਈ ਸੂਚੀਬੱਧ ਕਾਰਨਾਂ ਦੀ ਸੂਚੀ ਮੁਤਾਬਕ ਜਸਟਿਸ ਰਿਸ਼ੀਕੇਸ਼ ਰਾਏ ਅਤੇ ਜਸਟਿਸ ਐਸ.ਵੀ.ਐਨ ਭੱਟੀ ਦੀ ਬੈਂਚ ਥਰੂਰ ਦੀ ਪਟੀਸ਼ਨ ’ਤੇ ਸੁਣਵਾਈ ਕਰੇਗੀ।
ਥਰੂਰ ਨੇ ਹਾਈ ਕੋਰਟ ਦੇ 29 ਅਗੱਸਤ ਦੇ ਹੁਕਮ ਵਿਰੁਧ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ, ਜਿਸ ਨੇ ਉਨ੍ਹਾਂ ਵਿਰੁਧ ਮਾਨਹਾਨੀ ਦੀ ਕਾਰਵਾਈ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿਤਾ ਸੀ।