ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਪਟੀਸ਼ਨ ਕੀਤੀ ਦਾਇਰ
ਨਵੀਂ ਦਿੱਲੀ : ਐਸ.ਆਈ.ਆਰ. ਵਿੱਚ ਗੜਬੜੀ ਖ਼ਿਲਾਫ਼ ਕਾਂਗਰਸ ਨੇ ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਹੈ। ਜਿਸ ਵਿੱਚ ਰਾਹੁਲ ਗਾਂਧੀ, ਅਖਿਲੇਸ਼ ਯਾਦਵ, ਤੇਜਸਵੀ ਯਾਦਵ ਸਮੇਤ 11 ਵਿਰੋਧੀ ਆਗੂ ਪਟੀਸ਼ਨਰ ਹਨ। ਇਸ ਵਿੱਚ ਚੋਣ ਕਮਿਸ਼ਨ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਧਿਰ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾਵਾਂ ਨੇ ਬਾਰਾਖੰਭਾ ਤੋਂ ਸੁਪਰੀਮ ਕੋਰਟ ਤੱਕ ਮਾਰਚ ਕੱਢਿਆ। ਇਹ ਪਹਿਲਾ ਮੌਕਾ ਹੈ ਜਦੋਂ ਵਿਰੋਧੀ ਧਿਰ ਦੇ ਆਗੂਆਂ ਨੇ ਕਿਸੇ ਮੰਗ ਨੂੰ ਲੈ ਕੇ ਸੁਪਰੀਮ ਕੋਰਟ ਤੱਕ ਮਾਰਚ ਕੱਢਿਆ ਹੈ। ਲਗਭਗ ਇੱਕ ਕਿਲੋਮੀਟਰ ਲੰਬੇ ਮਾਰਚ ਵਿੱਚ ਵਿਰੋਧੀ ਧਿਰ ਦੇ ਆਗੂ ਬੱਸ ਵਿੱਚ, ਪੈਦਲ ਅਤੇ ਵਾਹਨਾਂ ਵਿੱਚ ਸਵਾਰ ਹੋਏ।
ਮਾਰਚ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਵਿੱਚ ਉਨ੍ਹਾਂ ਕਿਹਾ ਸੀ ਕਿ ਵਿਰੋਧੀ ਧਿਰ ਦਾ ਮਾਰਚ ਸ਼ਿਵ ਜੀ ਦੀ ਬਰਾਤ ਵਾਂਗ ਹੈ, ਇਸ ਵਿੱਚ ਕੋਈ ਵੀ ਸ਼ਾਮਲ ਹੋ ਸਕਦਾ ਹੈ। ਜ਼ਿਕਰਯੋਗ ਹੈ ਕਿ ਐਤਵਾਰ ਨੂੰ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਭਾਰਤ ਦੇ ਚੀਫ਼ ਜਸਟਿਸ ਸੂਰਜ ਕਾਂਤ ਨੂੰ ਪੱਤਰ ਲਿਖਿਆ ਸੀ ਅਤੇ ਮੰਗ-ਪੱਤਰ ਸੌਂਪਣ ਲਈ ਸਮਾਂ ਮੰਗਿਆ ਸੀ। ਪਰ ਸੀ.ਆਈ.ਜੀ. ਨੇ ਮਿਲਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਪਟੀਸ਼ਨ ਦਾਖ਼ਲ ਕਰਨ ਲਈ ਕਿਹਾ ਸੀ।
