
ਸ਼ਰਦ ਪਵਾਰ ਦੀ ਅਗਵਾਈ ਵਾਲੀ ਪਾਰਟੀ ਨੇ ਇਸ ਮੰਗ ਨੂੰ ਲੈ ਕੇ ਮਹਾਰਾਸ਼ਟਰ ਪੁਲਿਸ ਦੇ ਡਾਇਰੈਕਟਰ ਜਨਰਲ ਨੂੰ ਪੱਤਰ ਲਿਖਿਆ ਹੈ।
ਮੁੰਬਈ: ਰਾਸ਼ਟਰਵਾਦੀ ਕਾਂਗਰਸ ਪਾਰਟੀ ਨੇ ਸੋਮਵਾਰ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੇ ਸ਼ਿਵ ਸੈਨਾ ਧੜੇ ਦੇ ਵਿਧਾਇਕਾਂ ਦੀ ਸੁਰੱਖਿਆ ਲਈ ਨਿਰਭਯਾ ਫੰਡ ਤਹਿਤ ਖਰੀਦੇ ਗਏ ਵਾਹਨਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਵਿਰੋਧੀ ਪਾਰਟੀ ਨੇ ਕਿਹਾ ਕਿ ਇਹ ਗੱਡੀਆਂ ਨਿਰਭਯਾ ਦਸਤੇ ਨੂੰ ਵਾਪਸ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ, ਜੋ ਔਰਤਾਂ ਅਤੇ ਲੜਕੀਆਂ ਵਿਰੁੱਧ ਵੱਖ-ਵੱਖ ਅਪਰਾਧਾਂ ਨੂੰ ਰੋਕਣ ਲਈ ਸਮਰਪਿਤ ਫੋਰਸ ਹੈ।
ਸ਼ਰਦ ਪਵਾਰ ਦੀ ਅਗਵਾਈ ਵਾਲੀ ਪਾਰਟੀ ਨੇ ਇਸ ਮੰਗ ਨੂੰ ਲੈ ਕੇ ਮਹਾਰਾਸ਼ਟਰ ਪੁਲਿਸ ਦੇ ਡਾਇਰੈਕਟਰ ਜਨਰਲ ਨੂੰ ਪੱਤਰ ਲਿਖਿਆ ਹੈ। ਇਕ ਪੁਲਿਸ ਅਧਿਕਾਰੀ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਮੁੰਬਈ ਪੁਲਿਸ ਦੁਆਰਾ ਇਸ ਸਾਲ ਦੇ ਸ਼ੁਰੂਆਤ ਵਿਚ ਨਿਰਭਯਾ ਫੰਡ ਤੋਂ ਖਰੀਦੇ ਗਏ ਕੁਝ ਵਾਹਨਾਂ ਦੀ ਵਰਤੋਂ ਮੁੱਖ ਮੰਤਰੀ ਦੀ ਅਗਵਾਈ ਵਾਲੇ ਸ਼ਿਵ ਸੈਨਾ ਧੜੇ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ 'ਵਾਈ+' ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕਰਨ ਲਈ ਕੀਤੀ ਜਾ ਰਹੀ ਸੀ।
ਸੂਬਾ ਐਨਸੀਪੀ ਦੇ ਮੁੱਖ ਬੁਲਾਰੇ ਮਹੇਸ਼ ਤਪਸੇ ਨੇ ਪੱਤਰ ਵਿਚ ਲਿਖਿਆ, “ਨਿਰਭਯਾ ਫੰਡ ਰਾਜ ਵਿਚ ਔਰਤਾਂ ਦੀ ਸੁਰੱਖਿਆ ਨਾਲ ਸਬੰਧਤ ਮੁੱਦਿਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੁਲਿਸ ਤੰਤਰ ਨੂੰ ਸਮਰੱਥ ਬਣਾਉਣ ਲਈ ਬਣਾਇਆ ਗਿਆ ਸੀ। ਔਰਤਾਂ ਦੀ ਸੁਰੱਖਿਆ ਲਈ ਬਣੇ ਵਾਹਨਾਂ ਨੂੰ ਡਾਈਵਰਟ ਕਰਨਾ ਅਤੇ ਸਰਕਾਰ ਦਾ ਸਮਰਥਨ ਕਰਨ ਵਾਲੇ ਵਿਧਾਇਕਾਂ ਦੀ ਸੁਰੱਖਿਆ ਲਈ ਉਹਨਾਂ ਨੂੰ ਲਗਾਉਣਾ ਨਿਰਭਯਾ ਯੋਜਨਾ ਦੀ ਸਪੱਸ਼ਟ ਉਲੰਘਣਾ ਹੈ”।
ਨਿਰਭਯਾ ਫੰਡ ਦੇ ਤਹਿਤ ਪ੍ਰਾਪਤ 30 ਕਰੋੜ ਰੁਪਏ ਦੀ ਵਰਤੋਂ ਕਰਕੇ ਇਸ ਸਾਲ ਜੂਨ ਵਿਚ ਸਿਟੀ ਪੁਲਿਸ ਨੇ 220 ਬੋਲੇਰੋ, 35 ਅਰਟਿਗਾ ਚਾਰ ਪਹੀਆ ਵਾਹਨ, 313 ਪਲਸਰ ਮੋਟਰਸਾਈਕਲ ਅਤੇ 200 ਐਕਟਿਵਾ ਦੋਪਹੀਆ ਵਾਹਨ ਖਰੀਦੇ ਸਨ। 2013 ਤੋਂ ਕੇਂਦਰ ਔਰਤਾਂ ਅਤੇ ਲੜਕੀਆਂ ਦੀ ਸੁਰੱਖਿਆ ਨਾਲ ਸਬੰਧਤ ਯੋਜਨਾਵਾਂ ਨੂੰ ਲਾਗੂ ਕਰਨ ਲਈ ਸੂਬਾ ਸਰਕਾਰਾਂ ਨੂੰ ਨਿਰਭਯਾ ਫੰਡ ਦੇ ਰਿਹਾ ਹੈ।