
ਅਰੋੜਾ ਨੇ ਕਿਹਾ ਕਿ ਚੋਣਾਂ ਦੇ ਨਤੀਜਿਆਂ ਦਾ ਐਲਾਨ ਕਰਨ ਤੋਂ ਪਹਿਲਾਂ ਇਹ ਯਕੀਨੀ ਬਣਾ ਲਿਆ ਜਾਵੇ ਕਿ ਕਿਤੇ ਕੋਈ ਖਰਾਬੀ ਤਾਂ ਨਹੀਂ ਹੋਈ ਹੈ।
ਨਵੀਂ ਦਿੱਲੀ : ਲੋਕਸਭਾ ਚੋਣਾਂ ਤੋਂ ਪਹਿਲਾਂ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਰਾਜਾਂ ਦੇ ਮੁੱਖ ਚੋਣ ਅਧਿਕਾਰੀਆਂ ਨੂੰ ਈਵੀਐਮ ਅਤੇ ਵੀਵੀਪੈਟ ਮਸ਼ੀਨਾਂ ਦੀ ਵਰਤੋਂ ਲਈ ਬਿਹਤਰ ਸਿਖਲਾਈ ਦੇ ਨਿਰਦੇਸ਼ ਜਾਰੀ ਕੀਤੇ ਹਨ। ਅਰੋੜਾ ਨੇ ਕਿਹਾ ਹੈ ਕਿ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਸਾਰੇ ਅਧਿਕਾਰੀ ਹਰ ਲੋੜੀਂਦੀ ਸਮੱਗਰੀ ਦੀ ਬਾਰੀਕੀ ਨਾਲ ਸਮੀਖਿਆ ਕਰਨ।
EVM
ਇਸ ਅਧੀਨ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਅਤੇ ਵੋਟਰ ਪ੍ਰਮਾਣਿਤ ਕਾਗਜ਼ ਆਡਿਟ ਟ੍ਰਾਇਲ ਮਸ਼ੀਨਾਂ ਦੀਆਂ ਸਾਰੀਆਂ ਖਾਮੀਆਂ ਨੂੰ ਦੂਰ ਕੀਤਾ ਜਾਵੇ। ਇਸ ਦੇ ਨਾਲ ਹੀ ਇਹਨਾਂ ਮਸ਼ੀਨਾਂ ਨੂੰ ਚਲਾਉਣ ਸਬੰਧੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋੜੀਂਦੀ ਸਿਖਲਾਈ ਪ੍ਰਦਾਨ ਕੀਤੀ ਜਾਵੇ। ਇਸ ਦੇ ਲਈ ਲੜੀਵਾਰ ਤਰੀਕੇ ਨਾਲ ਯੋਜਨਾ ਤਿਆਰ ਕੀਤੀ ਜਾਵੇ। ਸੱਭ ਤੋਂ ਪਹਿਲਾਂ ਮਸ਼ੀਨਾਂ ਦੀ ਗੁਣਵੱਤਾ ਦੀ ਪਰਖ ਕੀਤੀ ਜਾਵੇ। ਮੁੱਖ ਚੋਣ ਕਮਿਸ਼ਨਰ ਨੇ ਇਹ ਨਿਰਦੇਸ਼ ਮੁੱਖ ਚੋਣ ਅਧਿਕਾਰੀਆਂ ਦੀ ਦੋ ਰੋਜ਼ਾ ਕਾਨਫਰੰਸ ਦੌਰਾਨ ਦਿਤੇ।
Voter Verifiable Paper Audit Trail
ਇਹ ਨਿਰਦੇਸ਼ ਪਿਛਲੀਆਂ ਚੋਣਾਂ ਵਿਚ ਈਵੀਐਮ ਅਤੇ ਵੀਵੀਪੈਟ ਮਸ਼ੀਨਾਂ ਨੂੰ ਲੈ ਕੇ ਵੱਡੀ ਗਿਣਤੀ ਵਿਚ ਆਈਆਂ ਸ਼ਿਕਾਇਤਾਂ ਕਾਰਨ ਦਿਤੇ ਗਏ। ਇਹਨਾਂ ਵਿਚ ਈਵੀਐਮ ਰਾਹੀਂ ਚੋਣਾਂ ਦੇ ਨਤੀਜੇ ਪ੍ਰਭਾਵਤ ਕਰਨ ਜਿਹੀਆਂ ਸ਼ਿਕਾਇਤਾਂ ਵੀ ਸ਼ਾਮਲ ਹਨ। ਅਰੋੜਾ ਨੇ ਕਿਹਾ ਕਿ ਚੋਣਾਂ ਦੇ ਨਤੀਜਿਆਂ ਦਾ ਐਲਾਨ ਕਰਨ ਤੋਂ ਪਹਿਲਾਂ ਇਹ ਯਕੀਨੀ ਬਣਾ ਲਿਆ ਜਾਵੇ ਕਿ ਕਿਤੇ ਕੋਈ ਖਰਾਬੀ ਤਾਂ ਨਹੀਂ ਹੋਈ ਹੈ। ਇਸ ਨਾਲ ਪੈਦਾ ਹੋਣ ਵਾਲੇ ਵਿਵਾਦ ਨੂੰ ਰੋਕਣ ਵਿਚ ਮਦਦ ਮਿਲੇਗੀ।