
ਕਿਸਾਨਾਂ ਵੱਲੋਂ ਮਨਾਈ ਜਾ ਰਹੀ ਵਿਲੱਖਣ ਲੋਹੜੀ
ਨਵੀਂ ਦਿੱਲੀ: ਤਿੰਨ ਖੇਤੀ ਕਾਨੂੰਨਾਂ ਖਿਲਾਫ ਜਾਰੀ ਸੰਘਰਸ਼ ਅੱਜ 49ਵੇਂ ਦਿਨ ਵੀ ਜਾਰੀ ਹੈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਦੇਸ਼ ਭਰ ਦੇ ਕਿਸਾਨ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਦਾ ਤਿਉਹਾਰ ਮਨਾ ਰਹੇ ਹਨ। ਸਿੰਘੂ ਬਾਰਡਰ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਵੀ ਖੇਤੀ ਕਾਨੂੰਨਾਂ ਦੀ ਲੋਹੜੀ ਬਾਲੀ।
Farmer
ਇਸ ਦੇ ਚਲਦਿਆਂ ਅੱਜ ਅਜਨਾਲਾ ਵਿਖੇ ਵੀ ਕਿਸਾਨਾਂ ਨੇ ਆਗੂ ਬਲਕਾਰ ਸਿੰਘ ਬਾਜਵਾ ਦੀ ਅਗਵਾਈ 'ਚ ਨਵੇਂ ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਸਬਜ਼ੀ ਉਤਪਾਦਕ ਕਿਸਾਨ ਸੰਗਠਨ ਵਲੋਂ ਅੰਮ੍ਰਿਤਸਰ ਵਿਖੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਮਨਾਈ ਗਈ।
Farmers Lohari
ਇਸ ਦੌਰਾਨ ਕਿਸਾਨਾਂ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ। ਦੱਸ ਦਈਏ ਕਿ ਨਵੇਂ ਖੇਤੀ ਕਾਨੂੰਨਾਂ 'ਤੇ ਰੋਕ ਲਾਏ ਜਾਣ ਦੇ ਸੁਪਰੀਮ ਕੋਰਟ ਦੇ ਅੰਤਰਿਮ ਹੁਕਮ ਦੇ ਬਾਵਜੂਦ ਦਿੱਲੀ ਬਾਰਡਰ 'ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ।
Farmers Protest
ਸਿੰਘੂ ਬਾਰਡਰ 'ਤੇ ਕਿਸਾਨ ਲੀਡਰਾਂ ਨੇ ਦਾਅਵਾ ਕੀਤਾ ਹੈ ਕਿ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਦੇ ਮੈਂਬਰ ਸਰਕਾਰ ਦੇ ਸਮਰਥਕ ਹਨ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਵਿਸ਼ਵਾਸਯੋਗ ਨਹੀਂ ਹੈ, ਕਿਉਂਕਿ ਉਹ ਲਿਖਤੀ ਕਹਿ ਰਹੇ ਹਨ ਕਿ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤ 'ਚ ਹਨ। ਅਸੀਂ ਆਪਣਾ ਅੰਦੋਲਨ ਜਾਰੀ ਰੱਖਾਂਗੇ।