
ਮਰਨ ਵਾਲਿਆਂ 'ਚ 2 ਬੱਚੇ ਅਤੇ 6 ਔਰਤਾਂ ਵੀ ਸ਼ਾਮਲ
ਸਾਈਂ ਬਾਬਾ ਦੇ ਦਰਸ਼ਨਾਂ ਲਈ ਜਾ ਰਹੇ ਸਨ ਸਾਰੇ ਸ਼ਰਧਾਲੂ
ਨਾਸਿਕ : ਮਹਾਰਾਸ਼ਟਰ 'ਚ ਸ਼ੁੱਕਰਵਾਰ ਸਵੇਰੇ ਇਕ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ 'ਚ 10 ਲੋਕਾਂ ਦੀ ਮੌਤ ਹੋ ਗਈ, ਜਦਕਿ 20 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇਹ ਹਾਦਸਾ ਨਾਸਿਕ-ਸ਼ਿਰੜੀ ਹਾਈਵੇਅ 'ਤੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਬੱਸ 'ਚ 50 ਲੋਕ ਸਵਾਰ ਸਨ ਜੋ ਸਾਈਂ ਬਾਬਾ ਦੇ ਦਰਸ਼ਨ ਕਰਨ ਜਾ ਰਹੇ ਸਨ।
ਇਸ ਘਟਨਾ ਦੀ ਵੀਡੀਓ ਸਾਹਮਣੇ ਆਈ ਹੈ। ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਬੱਸ ਪੂਰੀ ਤਰ੍ਹਾਂ ਨਾਲ ਨੁਕਸਾਨੀ ਗਈ ਹੈ। ਮੌਕੇ 'ਤੇ ਮੌਜੂਦ ਸਥਾਨਕ ਲੋਕਾਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਅਤੇ ਬਚਾਅ ਟੀਮ ਮੌਕੇ 'ਤੇ ਪਹੁੰਚ ਗਿਆਨ ਹਨ। ਸਾਰੇ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਮੁਤਾਬਕ ਮਰਨ ਵਾਲਿਆਂ ਵਿੱਚ 6 ਔਰਤਾਂ, 2 ਪੁਰਸ਼ ਅਤੇ 2 ਬੱਚੇ ਸ਼ਾਮਲ ਹਨ। ਜ਼ਖਮੀਆਂ 'ਚੋਂ ਕੁਝ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ।
ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਹਾਦਸੇ 'ਚ ਲੋਕਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਨਾਲ ਹੀ ਅਧਿਕਾਰੀਆਂ ਨੂੰ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ।