
ਸਿਫ਼ਰ ਕਾਲ ਦੌਰਾਨ ਕਈ ਹੋਰਨਾਂ ਸੰਸਦ ਮੈਂਬਰਾਂ ਨੇ ਸਾਹਮਣੇ ਲਿਆਂਦੇ ਵੱਖੋ-ਵੱਖ ਮੁੱਦੇ
ਨਵੀਂ ਦਿੱਲੀ - ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਪਸ਼ੂਪਤੀ ਨਾਥ ਸਿੰਘ ਨੇ ਸੋਮਵਾਰ ਨੂੰ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕੋਰੋਨਾ ਕਾਰਨ ਮਰਨ ਵਾਲੇ ਸਰਕਾਰੀ ਕਰਮਚਾਰੀਆਂ ਦੇ ਆਸ਼ਰਿਤਾਂ ਨੂੰ ਨੌਕਰੀਆਂ ਦੇਣ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ।
ਸਿਫ਼ਰ ਕਾਲ ਦੌਰਾਨ ਲੋਕ ਸਭਾ 'ਚ ਇਹ ਮੁੱਦਾ ਚੁੱਕਦੇ ਹੋਏ ਝਾਰਖੰਡ ਦੇ ਧਨਬਾਦ ਤੋਂ ਭਾਜਪਾ ਮੈਂਬਰ ਸਿੰਘ ਨੇ ਕਿਹਾ ਕਿ ਹਾਦਸਿਆਂ ਆਦਿ ਕਾਰਨ ਸਰਕਾਰੀ ਕਰਮਚਾਰੀਆਂ ਦੀ ਮੌਤ ਹੋਣ 'ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਿਵਸਥਾ ਹੈ, ਪਰ ਕੋਰੋਨਾ ਮਹਾਮਾਰੀ ਦੀ ਸਥਿਤੀ ਵਿੱਚ ਅਜਿਹਾ ਨਹੀਂ ਹੈ।
ਪਸ਼ੂਪਤੀ ਨਾਥ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਅਜਿਹਾ ਪ੍ਰਬੰਧ ਕਰਨਾ ਚਾਹੀਦਾ ਹੈ, ਕਿ ਕੋਰੋਨਾ ਮਹਾਮਾਰੀ ਦੌਰਾਨ ਜਾਨ ਗੁਆਉਣ ਵਾਲੇ ਸਰਕਾਰੀ ਮੁਲਾਜ਼ਮਾਂ ਦੇ ਆਸ਼ਰਿਤਾਂ ਨੂੰ ਨੌਕਰੀਆਂ ਦੇਣ ਦਾ ਪ੍ਰਬੰਧ ਹੋਵੇ।
ਸਿਫ਼ਰ ਕਾਲ ਵਿੱਚ ਭਾਜਪਾ ਦੇ ਰਾਮਚਰਨ ਬੋਹਰਾ ਨੇ ਰਾਜਸਥਾਨ ਦੇ ਮੁੱਖ ਮੰਤਰੀ ’ਤੇ ਮੀਡੀਆ ਨੂੰ ਆਪਣੇ ਹਿਸਾਬ ਨਾਲ ਖ਼ਬਰਾਂ ਛਾਪਣ ਲਈ ਮਜਬੂਰ ਕਰਨ ਦਾ ਦੋਸ਼ ਲਾਇਆ ਅਤੇ ਕੇਂਦਰ ਸਰਕਾਰ ਤੋਂ ਇਸ ਸੰਬੰਧੀ ਧਿਆਨ ਦੇਣ ਦੀ ਮੰਗ ਕੀਤੀ।
ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਤੋਂ ਸਮਾਜਵਾਦੀ ਪਾਰਟੀ ਦੇ ਮੈਂਬਰ ਐਸ.ਟੀ ਹਸਨ ਨੇ ਮੰਗ ਕੀਤੀ ਕਿ ਬਾਂਦਰਾਂ, ਕੁੱਤਿਆਂ ਅਤੇ ਆਵਾਰਾ ਪਸ਼ੂਆਂ ਨੂੰ ਅਬਾਦੀ ਵਾਲੇ ਖੇਤਰਾਂ ਤੋਂ ਜੰਗਲਾਂ ਵਿੱਚ ਭੇਜਣ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਪਰੇਸ਼ਾਨੀ ਨਾ ਹੋਵੇ।
ਭਾਜਪਾ ਦੇ ਨਿਹਾਲ ਚੰਦ ਨੇ ਰਾਜਸਥਾਨੀ ਭਾਸ਼ਾ ਨੂੰ ਵੱਖਰੀ ਭਾਸ਼ਾ ਦਾ ਦਰਜਾ ਦਿੰਦਿਆਂ ਸੰਵਿਧਾਨ ਦੀ ਅੱਠਵੀਂ ਅਨੁਸੂਚੀ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ।