
ਕੇਜਰੀਵਾਲ ਦੀ ਪਟੀਸ਼ਨ ਉਨ੍ਹਾਂ ਮਾਮਲਿਆਂ ਦੀ ਸੂਚੀ ਵਿਚ ਸ਼ਾਮਲ ਹੈ ਜੋ ਸੁਪਰੀਮ ਕੋਰਟ ਦੀ ਵੈੱਬਸਾਈਟ 'ਤੇ ਸੁਣਵਾਈ ਲਈ ਆਉਣਗੇ।
Delhi Excise Policy: ਨਵੀਂ ਦਿੱਲੀ - ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਅਤੇ ਨਜ਼ਰਬੰਦੀ ਨੂੰ ਬਰਕਰਾਰ ਰੱਖਣ ਦੇ ਦਿੱਲੀ ਹਾਈ ਕੋਰਟ ਦੇ 9 ਅਪ੍ਰੈਲ ਦੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ 15 ਅਪ੍ਰੈਲ ਨੂੰ ਸੁਣਵਾਈ ਕਰੇਗਾ।
ਕੇਜਰੀਵਾਲ ਦੀ ਪਟੀਸ਼ਨ ਉਨ੍ਹਾਂ ਮਾਮਲਿਆਂ ਦੀ ਸੂਚੀ ਵਿਚ ਸ਼ਾਮਲ ਹੈ ਜੋ ਸੁਪਰੀਮ ਕੋਰਟ ਦੀ ਵੈੱਬਸਾਈਟ 'ਤੇ ਸੁਣਵਾਈ ਲਈ ਆਉਣਗੇ। ਮੁੱਖ ਮੰਤਰੀ ਨੂੰ ਵੱਡਾ ਝਟਕਾ ਦਿੰਦਿਆਂ ਹਾਈ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ 'ਚ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਜਾਇਜ਼ ਕਰਾਰ ਦਿੱਤਾ ਸੀ ਅਤੇ ਕਿਹਾ ਸੀ ਕਿ ਵਾਰ-ਵਾਰ ਸੰਮਨ ਭੇਜਣ ਦੇ ਬਾਵਜੂਦ ਜਾਂਚ 'ਚ ਸ਼ਾਮਲ ਹੋਣ ਤੋਂ ਇਨਕਾਰ ਕਰਨ ਤੋਂ ਬਾਅਦ ਈਡੀ ਕੋਲ 'ਬਹੁਤ ਘੱਟ ਵਿਕਲਪ' ਬਚਿਆ ਹੈ।
ਦਿੱਲੀ ਹਾਈ ਕੋਰਟ ਨੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ 'ਚ ਈਡੀ ਵੱਲੋਂ ਉਨ੍ਹਾਂ ਦੀ ਗ੍ਰਿਫਤਾਰੀ ਅਤੇ ਬਾਅਦ 'ਚ ਸੰਘੀ ਏਜੰਸੀ ਦੀ ਹਿਰਾਸਤ 'ਚ ਭੇਜੇ ਜਾਣ ਨੂੰ ਚੁਣੌਤੀ ਦਿੱਤੀ ਗਈ ਸੀ। ਇਹ ਮਾਮਲਾ 2021-22 ਲਈ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਨਾਲ ਸਬੰਧਤ ਹੈ। ਬਾਅਦ ਵਿਚ ਇਸ ਨੀਤੀ ਨੂੰ ਰੱਦ ਕਰ ਦਿੱਤਾ ਗਿਆ ਸੀ।
ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ, ਜਦੋਂ ਹਾਈ ਕੋਰਟ ਨੇ ਉਨ੍ਹਾਂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਕਿਸੇ ਵੀ ਜ਼ਬਰਦਸਤੀ ਕਾਰਵਾਈ ਤੋਂ ਸੁਰੱਖਿਆ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਕੇਜਰੀਵਾਲ ਨੂੰ ਅਦਾਲਤ ਨੇ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ ਅਤੇ ਹੁਣ ਉਹ ਤਿਹਾੜ ਜੇਲ੍ਹ ਵਿਚ ਬੰਦ ਹਨ।