
ਧਾਰਾ 144 ਲਾਗੂ ਹੋਣ ਦੇ ਬਾਵਜੂਦ ਕਢਿਆ ਦਰਜਨਾਂ ਗੱਡੀਆਂ ਦਾ ਕਾਫ਼ਲਾ
ਗੋਂਡਾ (ਉੱਤਰ ਪ੍ਰਦੇਸ਼): ਕੈਸਰਗੰਜ ਲੋਕ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਮੌਜੂਦਾ ਸੰਸਦ ਮੈਂਬਰ ਅਤੇ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁਧ ਆਦਰਸ਼ ਚੋਣ ਜ਼ਾਬਤੇ ਅਤੇ ਮਨਾਹੀ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ’ਚ ਐਫ.ਆਈ.ਆਰ. ਦਰਜ ਕੀਤੀ ਗਈ ਹੈ।
ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿਤੀ। ਜ਼ਿਲ੍ਹਾ ਮੈਜਿਸਟਰੇਟ/ਜ਼ਿਲ੍ਹਾ ਚੋਣ ਅਧਿਕਾਰੀ ਨੇਹਾ ਸ਼ਰਮਾ ਨੇ ਪੱਤਰਕਾਰਾਂ ਨੂੰ ਦਸਿਆ ਕਿ ਬ੍ਰਿਜ ਭੂਸ਼ਣ ਨੇ ਸਮਰੱਥ ਅਥਾਰਟੀ ਦੀ ਇਜਾਜ਼ਤ ਤੋਂ ਬਗ਼ੈਰ ਸ਼ੁਕਰਵਾਰ ਨੂੰ ਇਕ ਦਰਜਨ ਤੋਂ ਵੱਧ ਗੱਡੀਆਂ ਦੇ ਕਾਫਲੇ ਨਾਲ ਅਪਣੇ ਹਲਕੇ ਵਿਚ ਜਨਸੰਪਰਕ ਕੀਤਾ ਸੀ। ਉਨ੍ਹਾਂ ਦਾ ਇਹ ਕੰਮ ਕਾਨੂੰਨ ਦੀ ਉਲੰਘਣਾ ਹੈ ਕਿਉਂਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਧਾਰਾ 144 ਇਸ ਸਮੇਂ ਲਾਗੂ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਦਸਿਆ ਕਿ ਜ਼ਿਲ੍ਹੇ ’ਚ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਲਈ ਇਹ ਚੌਥੀ ਵੱਡੀ ਕਾਰਵਾਈ ਹੈ।
ਇਸ ਤੋਂ ਪਹਿਲਾਂ ਤਿੰਨ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਸਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਆਦਰਸ਼ ਚੋਣ ਜ਼ਾਬਤੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ ਹੈ। ਜੇਕਰ ਕੋਈ ਇਸ ਦੀ ਉਲੰਘਣਾ ਕਰਦਾ ਹੈ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ। ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਅਜੇ ਤਕ ਭਾਜਪਾ ਨੇ ਉਮੀਦਵਾਰ ਨਹੀਂ ਐਲਾਨਿਆ ਹੈ। ਕੈਸਰਗੰਜ ’ਚ ਪੰਜਵੇਂ ਪੜਾਅ ’ਚ 20 ਮਈ ਨੂੰ ਵੋਟਾਂ ਪੈਣਗੀਆਂ।