
ਸੁਪਰੀਮ ਕੋਰਟ ਨੇ 11 ਮਾਰਚ ਨੂੰ ਕੇਜਰੀਵਾਲ ਨੂੰ ਪੁੱਛਿਆ ਸੀ ਕਿ ਕੀ ਉਹ ਸ਼ਿਕਾਇਤਕਰਤਾ ਤੋਂ ਮੁਆਫੀ ਮੰਗਣਾ ਚਾਹੁੰਦੇ ਹਨ?
ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ਼ ਮਾਣਹਾਨੀ ਦੀ ਕਾਰਵਾਈ 'ਤੇ ਲੱਗੀ ਰੋਕ ਵਧਾ ਦਿੱਤੀ ਹੈ ਤਾਂ ਜੋ ਪਾਰਟੀਆਂ ਨੂੰ ਸਮਝੌਤੇ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਸਮਾਂ ਮਿਲ ਸਕੇ। ਕੇਜਰੀਵਾਲ ਨੇ ਮਈ 2018 'ਚ ਯੂਟਿਊਬਰ ਧਰੁਵ ਰਾਠੀ ਵੱਲੋਂ ਪ੍ਰਸਾਰਿਤ ਕਥਿਤ ਅਪਮਾਨਜਨਕ ਵੀਡੀਓ ਨੂੰ ਰੀਟਵੀਟ ਕਰਨ ਲਈ ਅਪਰਾਧਿਕ ਮਾਣਹਾਨੀ ਦੇ ਮਾਮਲੇ 'ਚ ਉਨ੍ਹਾਂ ਨੂੰ ਜਾਰੀ ਸੰਮਨ ਨੂੰ ਬਰਕਰਾਰ ਰੱਖਣ ਦੇ ਦਿੱਲੀ ਹਾਈ ਕੋਰਟ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਹੈ।
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਕਿਹਾ ਕਿ ਪਹਿਲਾਂ ਹੀ ਲਗਾਈ ਗਈ ਅੰਤਰਿਮ ਰੋਕ ਅਗਲੇ ਹੁਕਮਾਂ ਤੱਕ ਜਾਰੀ ਰਹੇਗੀ। ਕੇਜਰੀਵਾਲ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਕਿਹਾ ਕਿ 11 ਮਾਰਚ ਨੂੰ ਸੁਣਵਾਈ ਤੋਂ ਬਾਅਦ ਦੋਵੇਂ ਧਿਰਾਂ ਸਮਝੌਤੇ ਬਾਰੇ ਵਿਚਾਰ ਵਟਾਂਦਰੇ ਲਈ ਇਕ-ਦੂਜੇ ਨਾਲ ਸੰਪਰਕ ਨਹੀਂ ਕਰ ਸਕੀਆਂ।
ਸ਼ਿਕਾਇਤਕਰਤਾ ਦੇ ਵਕੀਲ ਵਿਕਾਸ ਸੰਕ੍ਰਿਤਯਨ ਨੇ ਕਿਹਾ ਕਿ ਪਿਛਲੀ ਸੁਣਵਾਈ ਤੋਂ ਬਾਅਦ ਕਿਸੇ ਨੇ ਵੀ ਉਹਨਾਂ ਨਾਲ ਸੰਪਰਕ ਨਹੀਂ ਕੀਤਾ ਸੀ। ਬੈਂਚ ਨੇ ਵਕੀਲ ਨੂੰ ਕਿਹਾ ਕਿ ਹੁਣ ਕੇਜਰੀਵਾਲ ਦਾ ਪੱਖ ਸ਼ਿਕਾਇਤਕਰਤਾ ਕੋਲ ਜਾਵੇਗਾ ਅਤੇ ਮਾਮਲੇ ਦੀ ਅਗਲੀ ਸੁਣਵਾਈ 12 ਅਗਸਤ ਤੋਂ ਸ਼ੁਰੂ ਹੋਣ ਵਾਲੇ ਹਫ਼ਤੇ 'ਚ ਹੋਵੇਗੀ।
ਸੁਪਰੀਮ ਕੋਰਟ ਨੇ 11 ਮਾਰਚ ਨੂੰ ਕੇਜਰੀਵਾਲ ਨੂੰ ਪੁੱਛਿਆ ਸੀ ਕਿ ਕੀ ਉਹ ਸ਼ਿਕਾਇਤਕਰਤਾ ਤੋਂ ਮੁਆਫੀ ਮੰਗਣਾ ਚਾਹੁੰਦੇ ਹਨ?
ਕੇਜਰੀਵਾਲ ਨੇ 26 ਫਰਵਰੀ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਸੀ ਕਿ ਉਨ੍ਹਾਂ ਨੇ ਯੂਟਿਊਬਰ ਰਾਠੀ ਦੁਆਰਾ ਪ੍ਰਸਾਰਿਤ ਭਾਜਪਾ ਆਈਟੀ ਸੈੱਲ ਨਾਲ ਜੁੜੇ ਕਥਿਤ ਅਪਮਾਨਜਨਕ ਵੀਡੀਓ ਨੂੰ ਰੀਟਵੀਟ ਕਰਕੇ ਗਲਤੀ ਕੀਤੀ ਸੀ। ਸ਼ਿਕਾਇਤਕਰਤਾ ਸੰਕ੍ਰਿਤਯਨ ਦੇ ਵਕੀਲ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਕੇਜਰੀਵਾਲ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' ਜਾਂ ਇੰਸਟਾਗ੍ਰਾਮ 'ਤੇ ਮੁਆਫ਼ੀ ਮੰਗ ਸਕਦੇ ਹਨ।
ਸੁਪਰੀਮ ਕੋਰਟ ਨੇ 26 ਫਰਵਰੀ ਨੂੰ ਹਾਈ ਕੋਰਟ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਕੇਜਰੀਵਾਲ ਦੀ ਪਟੀਸ਼ਨ 'ਤੇ ਨੋਟਿਸ ਜਾਰੀ ਕੀਤੇ ਬਿਨਾਂ ਸ਼ਿਕਾਇਤਕਰਤਾ ਤੋਂ ਪੁੱਛਿਆ ਸੀ ਕਿ ਕੀ ਉਹ ਕੇਸ ਬੰਦ ਕਰਨਾ ਚਾਹੁੰਦਾ ਹੈ। ਸੁਪਰੀਮ ਕੋਰਟ ਨੇ ਹੇਠਲੀ ਅਦਾਲਤ ਨੂੰ ਅਗਲੇ ਹੁਕਮਾਂ ਤੱਕ ਕੇਜਰੀਵਾਲ ਨਾਲ ਜੁੜੇ ਮਾਣਹਾਨੀ ਦੇ ਕੇਸ ਦੀ ਸੁਣਵਾਈ ਨਾ ਕਰਨ ਲਈ ਕਿਹਾ ਸੀ।
ਹਾਈ ਕੋਰਟ ਨੇ ਕੇਜਰੀਵਾਲ ਨੂੰ ਤਲਬ ਕਰਨ ਦੇ ਹੇਠਲੀ ਅਦਾਲਤ ਦੇ 2019 ਦੇ ਆਦੇਸ਼ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਕਿਹਾ ਸੀ ਕਿ ਜਦੋਂ ਕੋਈ ਜਨਤਕ ਸ਼ਖਸੀਅਤ ਅਪਮਾਨਜਨਕ ਪੋਸਟਾਂ ਟਵੀਟ ਕਰਦੀ ਹੈ ਤਾਂ ਇਸ ਦਾ ਅਸਰ ਬਹੁਤ ਜ਼ਿਆਦਾ ਹੁੰਦਾ ਹੈ। ਮੁੱਖ ਮੰਤਰੀ ਨੇ ਹਾਈ ਕੋਰਟ ਨੂੰ ਦੱਸਿਆ ਸੀ ਕਿ ਹੇਠਲੀ ਅਦਾਲਤ ਇਹ ਸਮਝਣ ਵਿਚ ਅਸਫਲ ਰਹੀ ਕਿ ਉਸ ਦੇ ਟਵੀਟ ਦਾ ਉਦੇਸ਼ ਸ਼ਿਕਾਇਤਕਰਤਾ ਨੂੰ ਨੁਕਸਾਨ ਪਹੁੰਚਾਉਣਾ ਨਹੀਂ ਸੀ। ਸੰਕ੍ਰਿਤਯਨ ਨੇ ਦਾਅਵਾ ਕੀਤਾ ਕਿ 'ਭਾਜਪਾ ਆਈਟੀ ਸੈੱਲ ਪਾਰਟ-2' ਸਿਰਲੇਖ ਵਾਲਾ ਯੂ-ਟਿਊਬ ਵੀਡੀਓ ਜਰਮਨੀ 'ਚ ਰਹਿਣ ਵਾਲੇ ਰਾਠੀ ਨੇ ਫੈਲਾਇਆ ਸੀ, ਜਿਸ 'ਚ ਕਈ ਝੂਠੇ ਅਤੇ ਬਦਨਾਮ ਕਰਨ ਵਾਲੇ ਦੋਸ਼ ਲਗਾਏ ਗਏ ਸਨ। ’’