
ਮੰਤਰੀਆਂ ਨਾਲ ਮੀਟਿੰਗ ਹੋਣ ਤੋਂ ਬਾਅਦ ਅਗਲੀ ਰਣਨੀਤੀ ਬਣਾਉਣ ਲਈ 18 ਨਵੰਬਰ ਨੂੰ ਮੁੜ ਮੀਟਿੰਗ ਕੀਤੀ ਜਾਵੇਗੀ।
ਚੰਡੀਗੜ੍ਹ - ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੇ ਦਿੱਲੀ ਵਿੱਚ ਅੱਜ ਕੇਂਦਰੀ ਮੰਤਰੀਆਂ ਨਾਲ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ।ਮੰਤਰੀਆਂ ਨਾਲ ਗੱਲਬਾਤ ਕਰਨ ਤਿੰਨ ਕਿਸਾਨ ਆਗੂਆਂ ਡਾ. ਦਰਸ਼ਨ ਪਾਲ, ਬਲਵੀਰ ਸਿੰਘ ਰਾਜੇਵਾਲ ਅਤੇ ਕੁਲਵੰਤ ਸਿੰਘ ਸੰਧੂ ਨੂੰ ਨਾਮਜ਼ਦ ਕੀਤਾ ਗਿਆ ਹੈ, ਜੋ ਮੰਤਰੀਆਂ ਨਾਲ ਕਿਸਾਨ ਮਸਲਿਆਂ ਅਤੇ ਮੰਗਾਂ 'ਤੇ ਚਰਚਾ ਕਰਨਗੇ।
ਕਿਸਨ ਆਗੂਆਂ ਨੇ ਇਕਜੁੱਟਤਾ ਨਾਲ ਫ਼ੈਸਲਾ ਕੀਤਾ ਹੈ ਕਿ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਿਨਾਂ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਮੰਤਰੀਆਂ ਨਾਲ ਮੀਟਿੰਗ ਹੋਣ ਤੋਂ ਬਾਅਦ ਅਗਲੀ ਰਣਨੀਤੀ ਬਣਾਉਣ ਲਈ 18 ਨਵੰਬਰ ਨੂੰ ਮੁੜ ਮੀਟਿੰਗ ਕੀਤੀ ਜਾਵੇਗੀ। ਇਸ ਦੌਰਾਨ ਕਿਸਾਨ ਨੇਤਾ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਹੋਣ ਵਾਲੀ ਮੀਟਿੰਗ 'ਚ ਤਿੰਨਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮਾਲ ਗੱਡੀਆਂ ਨੂੰ ਮੁੜ ਚਲਾਉਣ ਲਈ ਕਿਹਾ ਜਾਵੇਗਾ। ਉਨ੍ਹਾਂ ਕਿਹਾ ਇਹ ਮੁੱਦਾ ਇਕ ਮੀਟਿੰਗ 'ਚ ਹੱਲ ਨਹੀਂ ਕੀਤਾ ਜਾ ਸਕਦਾ।
ਕਿਸਾਨਾਂ ਦਾ ਕਹਿਣਾ ਹੈ ਕਿ ਉਹ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਬਾਰੇ ਗੱਲ ਕਰਨਗੇ। ਇਸ ਬੈਠਕ 'ਚ ਰੇਲ ਮੰਤਰੀ ਵੀ ਸ਼ਾਮਿਲ ਹੋਣਗੇ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਦਿੱਲੀ ਜਾਣ ਤੋਂ ਰੋਕਿਆ ਤਾਂ ਉੱਥੇ ਹੀ ਸੜਕਾਂ ਜਾਮ ਕਰ ਦੇਣਗੇ। ਜਦੋਂ ਤੱਕ ਜਿੱਤ ਨਹੀਂ ਹੋਵੇਗੀ ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਕੱਲ੍ਹ ਗੱਲ ਨਾਲ ਨਾ ਬਣੀ ਤੇ 26 ਨਵੰਬਰ ਨੂੰ ਦਿੱਲੀ ਦਾ ਘਿਰਾਓ ਕੀਤਾ ਜਾਵੇਗਾ।