
ਕੀ ਹਨ ਇਸ ਦੇ ਲੱਛਣ-ਰੋਕਥਾਮ ਅਤੇ ਇਲਾਜ, ਜਾਣੋ ਸਭ ਕੁਝ
ਨਵੀਂ ਦਿੱਲੀ : ਭਾਰਤ 'ਚ ਕੋਰੋਨਾ ਮਹਾਮਾਰੀ ਦਾ ਖ਼ਤਰਾ ਅਜੇ ਖ਼ਤਮ ਨਹੀਂ ਹੋਇਆ ਹੈ, ਉਥੇ ਹੀ ਕੇਰਲ 'ਚ ਸਾਹਮਣੇ ਆਏ ਨੋਰੋਵਾਇਰਸ ਦੇ ਮਾਮਲਿਆਂ ਨੇ ਚਿੰਤਾ ਵਧਾ ਦਿਤੀ ਹੈ। ਜਾਣਕਾਰੀ ਮੁਤਾਬਕ ਨੋਰੋਵਾਇਰਸ ਦੇ ਇਹ ਮਾਮਲੇ ਵਾਇਨਾਡ ਜ਼ਿਲ੍ਹੇ ਤੋਂ ਸਾਹਮਣੇ ਆਏ ਹਨ। ਇਸ ਤੋਂ ਬਾਅਦ ਸਿਹਤ ਮਾਹਿਰਾਂ ਨੇ ਸੂਬੇ ਸਮੇਤ ਦੇਸ਼ ਭਰ ਦੇ ਲੋਕਾਂ ਨੂੰ ਵਧੇਰੇ ਚੌਕਸ ਰਹਿਣ ਦੀ ਸਲਾਹ ਦਿਤੀ ਹੈ।
ਦਿਸ਼ਾ-ਨਿਰਦੇਸ਼ ਜਾਰੀ :
ਕੇਰਲ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਅੱਜ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੁਝ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਸਿਹਤ ਮੰਤਰੀ ਨੇ ਲੋਕਾਂ ਨੂੰ ਇਸ ਬਿਮਾਰੀ ਤੋਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਵਾਇਨਾਡ ਤੋਂ ਨੋਰੋਵਾਇਰਸ ਦੇ 13 ਮਾਮਲੇ ਸਾਹਮਣੇ ਆਏ ਹਨ।
ਸਿਹਤ ਮੰਤਰੀ ਨੇ ਕਿਹਾ ਕਿ ਇਹ ਪਸ਼ੂਆਂ ਤੋਂ ਹੋਣ ਵਾਲੀ ਬਿਮਾਰੀ ਹੈ, ਜੋ ਦੂਸ਼ਿਤ ਪਾਣੀ ਅਤੇ ਭੋਜਨ ਨਾਲ ਫੈਲਦੀ ਹੈ। ਫਿਲਹਾਲ ਚਿੰਤਾ ਦੀ ਕੋਈ ਗੱਲ ਨਹੀਂ ਹੈ, ਪਰ ਸਾਨੂੰ ਸਫਾਈ ਦਾ ਧਿਆਨ ਰੱਖਣਾ ਪਵੇਗਾ।ਜਾਰਜ ਦੀ ਪ੍ਰਧਾਨਗੀ 'ਚ ਹੋਈ ਬੈਠਕ 'ਚ ਅੱਜ ਵਾਇਨਾਡ 'ਚ ਸਥਿਤੀ ਦਾ ਜਾਇਜ਼ਾ ਲੈਂਦਿਆਂ ਲੋਕਾਂ ਨੇ ਸਿਹਤ ਵਿਭਾਗ ਨੂੰ ਚੌਕਸ ਰਹਿਣ ਦੀ ਸਲਾਹ ਦਿਤੀ ।
Health Minister Veena George
ਵਿਭਾਗ ਦਾ ਕਹਿਣਾ ਹੈ ਕਿ ਸੁਪਰ ਕਲੋਰੀਨੇਸ਼ਨ ਸਮੇਤ ਗਤੀਵਿਧੀਆਂ ਚੱਲ ਰਹੀਆਂ ਹਨ। ਪੀਣ ਵਾਲੇ ਪਾਣੀ ਦੇ ਸਰੋਤਾਂ ਨੂੰ ਸਾਫ਼ ਰੱਖਣਾ ਚਾਹੀਦਾ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਵੀ ਚੌਕਸ ਰਹਿਣਾ ਹੋਵੇਗਾ ਕਿਉਂਕਿ ਕੋਰੋਨਾ ਮਹਾਮਾਰੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਖਤਰਨਾਕ ਸਾਬਤ ਹੋ ਸਕਦੀ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਇਸ ਬੀਮਾਰੀ ਦਾ ਨਾਂ ਸੁਣ ਕੇ ਕੁਝ ਲੋਕ ਪਰੇਸ਼ਾਨ ਹੋ ਗਏ ਹਨ। ਤੁਹਾਨੂੰ ਹੁਣ ਚਿੰਤਾ ਕਰਨ ਦੀ ਲੋੜ ਨਹੀਂ ਹੈ। ਇਹ ਇੱਕ ਆਮ ਬਿਮਾਰੀ ਹੈ, ਜਿਸ ਤੋਂ ਅਸੀਂ ਸਹੀ ਰੋਕਥਾਮ ਅਤੇ ਇਲਾਜ ਨਾਲ ਜਲਦੀ ਠੀਕ ਹੋ ਸਕਦੇ ਹਾਂ।
Coronavirus
ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਨੋਰੋਵਾਇਰਸ ਵਾਇਰਸਾਂ ਦਾ ਇੱਕ ਸਮੂਹ ਹੈ ਜੋ ਗੈਸਟਰੋਇੰਟੇਸਟਾਈਨਲ ਬਿਮਾਰੀ ਦਾ ਕਾਰਨ ਬਣਦਾ ਹੈ। ਪ੍ਰਭਾਵਿਤ ਮਰੀਜ਼ ਵਿਚ ਉਲਟੀਆਂ ਅਤੇ ਦਸਤ ਵਰਗੇ ਲੱਛਣ ਦਿਖਾਈ ਦਿੰਦੇ ਹਨ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਨੋਰੋਵਾਇਰਸ ਤੰਦਰੁਸਤ ਲੋਕਾਂ ਨੂੰ ਬਹੁਤ ਜ਼ਿਆਦਾ ਪ੍ਰਭਾਵਿਤ ਨਹੀਂ ਕਰਦਾ ਪਰ ਇਹ ਛੋਟੇ ਬੱਚਿਆਂ, ਬਜ਼ੁਰਗਾਂ ਅਤੇ ਕਿਸੇ ਵੀ ਹੋਰ ਬਿਮਾਰੀ ਤੋਂ ਪੀੜਤ ਲੋਕਾਂ ਵਿਚ ਗੰਭੀਰ ਹੋ ਸਕਦਾ ਹੈ।