
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੋਰੋਨਾ ਨੂੰ ਲੈ ਕੇ ਮੀਟਿੰਗ ਕੀਤੀ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੋਰੋਨਾ ਨੂੰ ਲੈ ਕੇ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਾਹੌਲ ਨੂੰ ਪੂਰੀ ਤਰ੍ਹਾਂ ਸ਼ਾਇਰਾਨਾ ਬਣਾ ਦਿੱਤਾ।
ਖ਼ਬਰਾਂ ਮੁਤਾਬਕ ਮੁੱਖ ਮੰਤਰੀ ਚੰਨੀ ਨੇ ਕਿਹਾ, “ਮਾਨਯੋਗ ਪ੍ਰਧਾਨ ਮੰਤਰੀ ਜੀ, ਤੁਸੀਂ ਪੰਜਾਬ ਆਏ, ਜੋ ਹੋਇਆ ਉਸ ਲਈ ਸਾਨੂੰ ਬਹੁਤ ਅਫ਼ਸੋਸ ਹੈ। ਮੈਂ ਤੁਹਾਡੇ ਲਈ ਸਿਰਫ ਇਕ ਦੋਹਾ ਸੁਣਾਉਣਾ ਚਾਹੁੰਦਾ ਹਾਂ, ‘ਤੁਮ ਸਲਾਮਤ ਰਹੋ ਕਯਾਮਤ ਤੱਕ, ਖੁਦਾ ਕਰੇ ਕਯਾਮਤ ਨਾ ਹੋ।’"
PM meeting with states on COVID
ਹਾਲਾਂਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸੀਐਮ ਚੰਨੀ ਨੇ ਪੰਜਾਬ 'ਚ ਵਾਪਰੀ ਘਟਨਾ 'ਤੇ ਅਫਸੋਸ ਜਤਾਇਆ ਹੋਵੇ ਪਰ ਉਹਨਾਂ ਦਾ ਕਹਿਣਾ ਹੈ ਕਿ ਪੀਐਮ ਮੋਦੀ ਦੀ ਸੁਰੱਖਿਆ ਨੂੰ ਕੋਈ ਖਤਰਾ ਨਹੀਂ ਸੀ, ਉਹਨਾਂ 'ਤੇ ਕੋਈ ਹਮਲਾ ਨਹੀਂ ਹੋਇਆ। ਜ਼ਿਕਰਯੋਗ ਹੈ ਕਿ 5 ਜਨਵਰੀ ਨੂੰ ਪੀਐਮ ਮੋਦੀ ਦੇ ਕਾਫਲੇ ਨੂੰ ਪੰਜਾਬ ਫਿਰੋਜ਼ਪੁਰ ਵਿਖੇ ਇਕ ਫਲਾਈਓਵਰ 'ਤੇ 10-15 ਮਿੰਟ ਰੁਕਣਾ ਪਿਆ ਸੀ। ਉਸ ਸਮੇਂ ਗ੍ਰਹਿ ਮੰਤਰਾਲੇ ਨੇ ਇਸ ਨੂੰ ਪੀਐੱਮ ਦੀ ਸੁਰੱਖਿਆ 'ਚ ਵੱਡੀ ਕੁਤਾਹੀ ਦੱਸਿਆ ਸੀ, ਜਦਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਤੋਂ ਇਨਕਾਰ ਕੀਤਾ ਸੀ।
ਭਾਜਪਾ ਵਲੋਂ ਇਸ ਮੁੱਦੇ ’ਤੇ ਲਗਾਤਾਰ ਪੰਜਾਬ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਕੁਤਾਹੀ ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਵਿਚ ਇਕ ਕਮੇਟੀ ਦਾ ਗਠਨ ਕੀਤਾ ਹੈ।