
60 ਸਾਲ ਤੋਂ ਵੱਧ ਉਮਰ ਦੇ ਸੰਸਦ ਮੈਂਬਰਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ -ਓਮ ਬਿਰਲਾ
ਨਵੀਂ ਦਿੱਲੀ : ਰਾਸ਼ਰਪਤੀ ਰਾਮ ਨਾਥ ਕੋਵਿੰਦ ਦੇ ਸੰਬੋਧਨ ਨਾਲ ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ ਹੋਵੇਗਾ। ਸੂਤਰਾਂ ਮੁਤਾਬਕ ਬਜਟ ਸੈਸ਼ਨ ਦਾ ਪਹਿਲਾ ਹਿੱਸਾ 31 ਜਨਵਰੀ ਤੋਂ 11 ਫਰਵਰੀ ਤੱਕ ਅਤੇ ਦੂਜਾ ਹਿੱਸਾ 14 ਮਾਰਚ ਤੋਂ 8 ਅਪ੍ਰੈਲ ਤੱਕ ਹੋ ਸਕਦਾ ਹੈ। ਕੋਰੋਨਾ ਦੇ ਵਧਦੇ ਮਾਮਲਿਆਂ ਦਰਮਿਆਨ ਸੰਸਦ ਦਾ ਸੈਸ਼ਨ ਕਰਵਾਉਣਾ ਸਰਕਾਰ ਲਈ ਵੱਡੀ ਚੁਣੌਤੀ ਹੋਵੇਗੀ।
Ram Nath Kovind
ਰਾਸ਼ਟਰਪਤੀ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ। ਇੱਕ ਸਮਾਚਾਰ ਏਜੰਸੀ ਅਨੁਸਾਰ ਕੇਂਦਰੀ ਬਜਟ 1 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅਪਰੋਪ੍ਰੀਏਸ਼ਨ (ਨੰਬਰ 5) ਐਕਟ, 2021 ਨੂੰ ਆਪਣੀ ਮਨਜ਼ੂਰੀ ਦੇ ਦਿੱਤੀ ਹੈ ਜੋ ਸਰਕਾਰ ਨੂੰ ਮੌਜੂਦਾ ਵਿੱਤੀ ਸਾਲ ਦੌਰਾਨ 3.73 ਲੱਖ ਕਰੋੜ ਰੁਪਏ ਵਾਧੂ ਖਰਚਣ ਦਾ ਅਧਿਕਾਰ ਦਿੰਦਾ ਹੈ। ਇਸ ਤੋਂ ਪਹਿਲਾਂ, ਦੇਸ਼ ਵਿੱਚ ਕੋਵਿਡ -19 ਸੰਕਰਮਣ ਦੇ ਮਾਮਲਿਆਂ ਵਿੱਚ ਵਾਧੇ ਦੇ ਮੱਦੇਨਜ਼ਰ, ਸਪੀਕਰ ਨੇ ਸੰਸਦ ਭਵਨ ਕੰਪਲੈਕਸ ਵਿੱਚ ਸਿਹਤ ਨਾਲ ਸਬੰਧਤ ਕਦਮਾਂ ਅਤੇ ਹੋਰ ਤਿਆਰੀਆਂ ਦਾ ਜਾਇਜ਼ਾ ਲਿਆ ਸੀ।
Om Birla
ਲੋਕ ਸਭਾ ਦੇ ਸਪੀਕਰ ਓਮ ਬਿਰਲਾ ਅਤੇ ਰਾਜ ਸਭਾ ਦੇ ਚੇਅਰਮੈਨ ਐਮ ਵੈਂਕਈਆ ਨਾਇਡੂ ਨੇ ਐਤਵਾਰ ਨੂੰ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਗਾਮੀ ਬਜਟ ਸੈਸ਼ਨ ਨੂੰ ਸੁਰੱਖਿਅਤ ਢੰਗ ਨਾਲ ਚਲਾਉਣ ਲਈ ਲੋੜੀਂਦੇ ਹੱਲ੍ਹ ਕਰਨ। ਦੱਸਣਯੋਗ ਹੈ ਕਿ ਬੀਤੇ ਦਿਨਾਂ ਦੌਰਾਨ ਲਗਭਗ 400 ਸੰਸਦੀ ਕਰਮਚਾਰੀਆਂ ਦੇ ਕੋਵਿਡ ਪੌਜ਼ਿਟਿਵ ਪਾਏ ਗਏ ਸਨ। ਮੰਗਲਵਾਰ ਨੂੰ ਲੋਕ ਸਭਾ ਸਕੱਤਰੇਤ ਵੱਲੋਂ ਜਾਰੀ ਬਿਆਨ ਅਨੁਸਾਰ ਸਪੀਕਰ ਨੇ ਸੰਸਦ ਭਵਨ ਕੰਪਲੈਕਸ ਦਾ ਮੁਆਇਨਾ ਕਰਨ ਤੋਂ ਬਾਅਦ ਕਿਹਾ ਕਿ ਸਥਿਤੀ ਕਾਬੂ ਹੇਠ ਹੈ ਅਤੇ ਮਹਾਂਮਾਰੀ ਨਾਲ ਨਜਿੱਠਣ ਲਈ ਸਾਰੇ ਕਦਮ ਚੁੱਕੇ ਜਾ ਰਹੇ ਹਨ।
Parliament
ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਮਿਆਰੀ ਵਿਧੀ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਫਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਸਾਰੀਆਂ ਥਾਵਾਂ 'ਤੇ ਚੀਜ਼ਾਂ ਦਾ ਪ੍ਰਬੰਧ ਕੀਤਾ ਜਾਵੇ। ਓਮ ਬਿਰਲਾ ਨੇ ਕਿਹਾ, 'ਸੰਸਦ ਦੇ 2022 ਦੇ ਬਜਟ ਸੈਸ਼ਨ ਲਈ ਜ਼ਰੂਰੀ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਸੰਸਦ ਮੈਂਬਰ ਆਪਣੀਆਂ ਸੰਵਿਧਾਨਕ ਜ਼ਿੰਮੇਵਾਰੀਆਂ ਨੂੰ ਪੂਰਾ ਕਰ ਸਕਣ'। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 60 ਸਾਲ ਤੋਂ ਵੱਧ ਉਮਰ ਦੇ ਸੰਸਦ ਮੈਂਬਰਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਉਨ੍ਹਾਂ ਦੀਆਂ ਲੋੜਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ।